ਨੈਸ਼ਨਲ ਡੈਸਕ: 19 ਅਗਸਤ ਬੁੱਧਵਾਰ ਨੂੰ ਉੱਤਰ ਭਾਰਤ ਦੇ ਕਈ ਹਿੱਸਿਆਂ ਵਿਚ ਮਾਨਸੂਨ ਦੀ ਸਰਗਰਮੀ ਕਾਰਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਇਲਾਕਿਆਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿਚ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ। ਦਿੱਲੀ ਵਿਚ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਸਵੇਰ ਤੋਂ ਦੁਪਹਿਰ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਸ਼ਾਮ ਜਾਂ ਰਾਤ ਨੂੰ ਮੀਂਹ ਦਾ ਇਕ ਹੋਰ ਦੌਰ ਦੇਖਣ ਨੂੰ ਮਿਲ ਸਕਦਾ ਹੈ।
ਇਸੇ ਤਰ੍ਹਾਂ ਪੱਛਮੀ ਉੱਤਰ ਪ੍ਰਦੇਸ਼ ਵਿਚ ਭਾਰੀ ਮੀਂਹ ਅਤੇ ਪੂਰਬੀ ਹਿੱਸਿਆਂ ਵਿਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਉੱਤਰਾਖੰਡ ਦੇ ਦੇਹਰਾਦੂਨ, ਟਿਹਰੀ, ਪੌੜੀ ਅਤੇ ਊਧਮ ਸਿੰਘ ਨਗਰ ਵਿਚ ਭਾਰੀ ਮੀਂਹ ਦੇ ਖ਼ਤਰੇ ਨੂੰ ਦੇਖਦੇ ਹੋਏ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਹਾੜੀ ਇਲਾਕਿਆਂ ਵਿਚ ਜ਼ਮੀਨ ਖਿਸਕਣ ਅਤੇ ਨਦੀਆਂ ਦਾ ਪੱਧਰ ਵਧਣ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਬਿਹਾਰ ਵਿਚ ਵੀ ਕਈ ਥਾਵਾਂ 'ਤੇ ਗਰਜ-ਚਮਕ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਝਾਰਖੰਡ ਦੇ ਚਤਰਾ, ਹਜ਼ਾਰੀਬਾਗ ਅਤੇ ਰਾਮਗੜ੍ਹ ਵਿਚ 19 ਅਗਸਤ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਛੱਤੀਸਗੜ੍ਹ ਵਿਚ ਅਗਲੇ ਦੋ ਦਿਨਾਂ ਤੱਕ ਮਾਨਸੂਨ ਸਰਗਰਮ ਰਹੇਗਾ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਭਾਰੀ ਮੀਂਹ ਪੈਣ ਦਾ ਅਨੁਮਾਨ ਹੈ। ਦੱਖਣ ਭਾਰਤ ਵਿਚ ਕਰਨਾਟਕ ਅਤੇ ਕੇਰਲ ਵਿਚ ਤੇਜ਼ ਬਾਰਿਸ਼ ਦੇ ਆਸਾਰ ਹਨ। ਇਸੇ ਤਰ੍ਹਾਂ ਅਰੁਣਾਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ ਸਮੇਤ ਉੱਤਰ-ਪੂਰਬੀ ਰਾਜਾਂ ਵਿਚ ਵੀ ਮੀਂਹ ਦਾ ਦੌਰ ਜਾਰੀ ਰਹੇਗਾ।
ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਬਿਜਲੀ ਚਮਕਣ ਵੇਲੇ ਖੁੱਲ੍ਹੇ ਸਥਾਨਾਂ 'ਤੇ ਜਾਣ ਤੋਂ ਬਚਣ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਸ਼ੁੱਕਰਵਾਰ ਨੂੰ ਪੰਜਾਬ ਬੰਦ: ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਨੇ ਵੀ ਕੀਤੀ ਹਮਾਇਤ
NEXT STORY