ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਖਿਆ ਹੈ ਕਿ ਕਾਂਗਰਸ ਪਾਰਟੀ ਇਕਜੁੱਟ ਹੈ ਤੇ ਪਾਰਟੀ ਬਿਲਕੁਲ ਵੀ ਵੰਡੀ ਹੋਈ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਝੂਠਾ ਬਿਰਤਾਂਤ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਨੇ ਬੀਤੇ ਦਿਨੀਂ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਹੋਈ ਮੀਟਿੰਗ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਮੀਟਿੰਗ ਵਿਚ ਵੀ ਸਿਰਫ਼ ਇਹੋ ਗੱਲ ਹੋਈ ਸੀ ਕਿ ਉਹ ਹਾਈਕਮਾਨ ਦੇ ਨਾਲ ਗੱਲ ਕਰਨਗੇ, ਕਿਸੇ ਨੇ ਵੀ ਇਹ ਨਹੀਂ ਕਿਹਾ ਕਿ ਅਸੀਂ ਰਾਜਾ ਵੜਿੰਗ ਨੂੰ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਘਰ ਇਕੱਠੇ ਹੋਣਾ ਜਾਂ ਫ਼ਿਰ ਹੋਰ ਮੀਟਿੰਗਾਂ ਦਾ ਮਤਲਬ ਇਹ ਨਹੀਂ ਹੈ ਕਿ ਪਾਰਟੀ ਵੰਡੀ ਹੋਈ ਹੈ।
ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਵੰਡਿਆ ਉਹ ਹੁੰਦਾ ਹੈ ਜੋ ਪਾਰਟੀ ਛੱਡ ਜਾਵੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 6 ਸੰਸਦ ਮੈਂਬਰ ਪਾਰਟੀ ਛੱਡ ਗਏ, ਕਾਂਗਰਸ ਦਾ ਤਾਂ ਕੋਈ ਜ਼ਿਲ੍ਹਾ ਪ੍ਰਧਾਨ ਜਾਂ ਵਰਕਰ ਤਕ ਵੀ ਪਾਰਟੀ ਤੋਂ ਬਾਹਰ ਨਹੀਂ ਗਿਆ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ ਜਾਂ ਕਿਸੇ ਵੀ ਸੀਨੀਅਰ ਲੀਡਰ ਨੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ। ਜਿਹੜੇ ਲੋਕ ਪਾਰਟੀ ਵਿਚ ਨਹੀਂ ਹਨ, ਉਨ੍ਹਾਂ ਦੀਆਂ ਬਿਆਨਬਾਜ਼ੀਆਂ ਨੂੰ ਅਧਾਰ ਬਣਾ ਕੇ ਇਹ ਝੂਠਾ ਬਿਰਤਾਂਤ ਨਾ ਸਿਰਜਿਆ ਜਾਵੇ ਕਿ ਕਾਂਗਰਸ ਪਾਰਟੀ ਵੰਡੀ ਹੋਈ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਰੇ ਹੀ ਸੀਨੀਅਰ ਲੀਡਰ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਲੜਾਈ ਵਿਚ ਇਕੱਠੇ ਨਜ਼ਰ ਆਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹੋ ਸਕਦਾ ਹੈ ਕਿ ਉਹ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰ ਚੁੱਕੇ ਹੋਣ, ਜ਼ਰੂਰੀ ਨਹੀਂ ਕਿ ਉਹ ਸਭ ਕੁਝ ਮੀਡੀਆ ਵਿਚ ਆ ਕੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦਿਖਾਵੇ ਲਈ ਇਕੱਠੇ ਨਹੀਂ ਸਗੋਂ ਪੰਜਾਬ ਦੇ ਭਲੇ ਲਈ ਇਕਜੁੱਟ ਹੋ ਕੇ ਕੰਮ ਕਰਾਂਗੇ ਤੇ ਆਉਣ ਵਾਲੇ ਸਮੇਂ ਵਿਚ ਚਰਨਜੀਤ ਸਿੰਘ ਚੰਨੀ ਸਮੇਤ ਤਮਾਮ ਸੀਨੀਅਰ ਲੀਡਰ ਤੁਹਾਨੂੰ ਇਕ ਮੰਚ 'ਤੇ ਨਜ਼ਰ ਆਉਣਗੇ।
ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
NEXT STORY