ਰਾਜਾਸਾਂਸੀ (ਨਿਰਵੈਲ) : ਦੁਬਈ 'ਚ ਆਪਣੀ ਜਾਨ ਗੁਆ ਬੈਠੇ ਲੁਧਿਆਣਾ ਜ਼ਿਲੇ ਨਾਲ ਸਬੰਧਿਤ ਪਿੰਡ ਅਲੀਵਾਲ ਦੇ 32 ਸਾਲਾ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।ਜਾਣਕਾਰੀ ਮੁਤਾਬਕ ਮੁਖਤਿਆਰ ਸਿੰਘ ਕਰੀਬ 3 ਸਾਲ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ 'ਚ ਲੈ ਕੇ ਦੁਬਈ ਗਿਆ ਸੀ ਕਿ ਬੀਤੀ 24 ਜੂਨ ਨੂੰ ਭੇਦਭਰੇ ਹਾਲਾਤਾਂ 'ਚ ਉਸ ਦੀ ਮੌਤ ਦੀ ਹੋ ਗਈ । ਜਦ ਪਰਿਵਾਰ ਨੂੰ ਆਪਣੇ 'ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨ੍ਹਾਂ ਆਪਣੇ ਪਿੰਡ ਦੀ ਪੰਚਾਇਤ ਦੀ ਮਦਦ ਨਾਲ ਡਾ. ਓਬਰਾਏ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਆਪਣੀ ਆਰਥਿਕ ਸਥਿਤੀ ਦਾ ਹਵਾਲਾ ਦਿੰਦਿਆਂ ਆਪਣੇ ਪੁੱਤਰ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਫਰਿਆਦ ਕੀਤੀ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਦੀ ਟੀਮ ਨੇ ਦੁਬਈ ਅੰਦਰ ਸਾਰੀ ਜ਼ਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦੀ ਜ਼ਿੰਮੇਵਾਰੀ ਲਈ ।
ਹਵਾਈ ਅੱਡੇ 'ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪੁੱਜੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 69 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁਖਤਿਆਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ 'ਚ ਭਾਰਤੀ ਦੂਤਾਵਾਸ ਤੇ ਡਾ. ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ।
ਇਸੇ ਦੌਰਾਨ ਮ੍ਰਿਤਕ ਦੇ ਭਰਾ ਸੁੱਚਾ ਸਿੰਘ ਸਮੇਤ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨ੍ਹਾਂ ਲਈ ਰੱਬ ਬਣ ਆਏ ਹਨ ਤੇ ਜੇਕਰ ਸ. ਓਬਰਾਏ ਉਨ੍ਹਾਂ ਦੀ ਬਾਂਹ ਨਾ ਫੜਦੇ ਤਾਂ ਉਹ ਕਦੇ ਵੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ। ਇਸ ਮੌਕੇ ਹਰਦੀਪ ਸਿੰਘ ਖਲਚੀਆਂ, ਹਰਭੇਜ ਸਿੰਘ ਖਲਚੀਆਂ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ 'ਚ ਬਲਵੰਤ ਸਿੰਘ, ਹਰਦੀਪ ਸਿੰਘ, ਰਛਪਾਲ ਸਿੰਘ, ਹਰਜਿੰਦਰ ਸਿੰਘ ਆਦਿ ਮੌਜ਼ੂਦ ਸਨ ।
'ਧੰਨਵਾਦ ਰੈਲੀ' 'ਚ ਹੋਵੇਗਾ ਵਿਸ਼ਾਲ ਇਕੱਠ, ਪੁੱਜਣਗੇ ਕਿਸਾਨ
NEXT STORY