ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸੁਪਰੀਮ ਕੋਰਟ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦਾ ਹੁਕਮ ਦੇਣ ਨਾਲ ਇਕ ਪੂਰਨ ਉਦਾਹਰਣ ਸ਼ੁਰੂ ਹੋਈ ਹੈ ਤੇ ਇਸ ਲਈ ਹੁਣ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਭਾਈ ਰਾਜੋਆਣਾ ਸਮੇਤ ਬੰਦੀ ਸਿੰਘਾਂ ਦੀ ਰਿਹਾਈ ਗ੍ਰਹਿ ਮੰਤਰਾਲੇ ਨੇ ਸੁਪਰੀਮ ਕੋਰਟ ਵਿਚ ਉਲਟ ਰਿਪੋਰਟ ਦੇ ਕੇ ਰੋਕ ਦਿੱਤੀ ਹੈ। ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਅੰਤਿਮ ਫੈਸਲਾ ਲੈਣ ਵਾਸਤੇ ਕਿਹਾ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਤਾਂ ਪਹਿਲਾਂ ਹੀ ਵਲੂੰਧਰੀਆਂ ਹੋਈਆਂ ਹਨ ਤੇ ਬੰਦੀ ਸਿੰਘਾਂ ਦੀ ਰਿਹਾਈ ’ਚ ਦੇਰੀ ਨਾਲ ਘੱਟਗਿਣਤੀ ਭਾਈਚਾਰੇ ’ਚ ਗ਼ਲਤ ਸੰਦੇਸ਼ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਗੰਨਾ ਕਾਸ਼ਤਕਾਰਾਂ ਲਈ ਖ਼ੁਸ਼ਖ਼ਬਰੀ, ‘ਆਪ’ ਸਰਕਾਰ ਵੱਲੋਂ ਗੰਨੇ ਦੇ ਭਾਅ ਸਬੰਧੀ ਨੋਟੀਫਿਕੇਸ਼ਨ ਜਾਰੀ
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨਾਲ ਵਾਅਦਾ ਕੀਤਾ ਸੀ ਕਿ ਸਾਰੇ ਬੰਦੀ ਸਿੰਘਾਂ ਦੀ ਉਮਰ ਕੈਦ ਦੀ ਸਜ਼ਾ ਮੁਆਫ ਕੀਤੀ ਜਾਵੇਗੀ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਗਰੋਂ ਗ੍ਰਹਿ ਮੰਤਰਾਲੇ ਨੇ ਇਸ ਸਬੰਧੀ ਉਨ੍ਹਾਂ ਸਾਰੇ ਸੂਬਿਆਂ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਫੈਸਲੇ ਦੀ ਜਾਣਕਾਰੀ ਦਿੱਤੀ ਜਿਥੇ ਬੰਦੀ ਸਿੰਘ ਬੰਦ ਹਨ। ਉਨ੍ਹਾਂ ਕਿਹਾ ਕਿ ਤਿੰਨ ਸਾਲ ਲੰਘਣ ਮਗਰੋਂ ਵੀ ਫੈਸਲਾ ਲਾਗੂ ਨਹੀਂ ਕੀਤਾ ਗਿਆ। ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਫੈਸਲਾ ਲਾਗੂ ਕਰਨ ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੇ ਰਾਹ ’ਚ ਆਖਰੀ ਅੜਿੱਕੇ ਨੂੰ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਦੇ ਹੁਕਮ ਦੇ ਕੇ ਦੂਰ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਜੇਕਰ ਰਾਜੀਵ ਗਾਂਧੀ ਕਤਲ ਮਾਮਲੇ ’ਚ ਦੋਸ਼ੀ ਛੱਡੇ ਜਾ ਸਕਦੇ ਹਨ ਤਾਂ ਸਿੱਖ ਬੰਦੀ ਕਿਉਂ ਨਹੀਂ : ਐਡਵੋਕੇਟ ਧਾਮੀ
ਉਨ੍ਹਾਂ ਕਿਹਾ ਕਿ ਹੁਣ ਬੰਦੀ ਸਿੰਘਾਂ ਦੀ ਰਿਹਾਈ ਤੋਂ ਇਨਕਾਰ ਕਰਨ ਦਾ ਕੋਈ ਸੰਵਿਧਾਨਕ ਆਧਾਰ ਨਹੀਂ ਰਹਿ ਗਿਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪੁਰਾਣੇ ਜ਼ਖ਼ਮਾਂ ’ਤੇ ਮੱਲ੍ਹਮ ਲੱਗੇਗੀ ਅਤੇ ਇਹ ਪੰਜਾਬ ਵਿਚ ਸਦੀਵੀ ਸ਼ਾਂਤੀ ਤੇ ਫਿਰਕੂ ਸਦਭਾਵਨਾ ਲਿਆਉਣ ਦੀ ਦਿਸ਼ਾ ’ਚ ਸਹੀ ਕਦਮ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੀਤੇ ਗਏ ਦਾਅਵੇ ਗ਼ਲਤ ਹਨ ਤੇ ਇਨ੍ਹਾਂ ਦਾ ਮਕਸਦ ਸਰਹੱਦੀ ਸੂਬੇ ’ਚ ਫਿਰਕੂ ਵੰਡ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗ੍ਰਹਿ ਮੰਤਰਾਲੇ ਨੂੰ ਹਾਲਾਤ ਬਾਰੇ ਆਪਣੇ ਫ਼ੈਸਲੇ ਦੀ ਸਮੀਖਿਆ ਕਰਨੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਤੁਰੰਤ ਸਿਫਾਰਿਸ਼ ਕਰਨੀ ਚਾਹੀਦੀ ਹੈ।
ਇਨਸਾਨੀਅਤ ਸ਼ਰਮਸਾਰ! ਜਬਰ-ਜ਼ਿਨਾਹ ਪੀੜਤ 11 ਸਾਲਾ ਲੜਕੀ ਨੇ ਬੱਚੇ ਨੂੰ ਦਿੱਤਾ ਜਨਮ
NEXT STORY