ਚੰਡੀਗੜ੍ਹ,(ਅਸ਼ਵਨੀ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲੇ ਜਾਣ ਦਾ ਵਿਰੋਧ ਨਾ ਕਰਨ ਲਈ ਆਖਦਿਆਂ ਕਿਹਾ ਹੈ ਕਿ ਸੱਤਾਧਾਰੀ ਪਾਰਟੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਕ ਸਾਲ ਤਕ ਚੱਲਣ ਵਾਲੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਸੂਬੇ ਦਾ ਮਾਹੌਲ ਵਿਗਾੜਨ ਵਾਲੀ ਕੋਈ ਹਰਕਤ ਨਹੀਂ ਕਰਨੀ ਚਾਹੀਦੀ। ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕਾਂਗਰਸ ਪਾਰਟੀ ਨਾ ਸਿਰਫ ਭਿਆਨਕ ਅਤੀਤ ਨੂੰ ਮੁੜ ਤਾਜ਼ਾ ਕਰਨਾ ਚਾਹੁੰਦੀ ਹੈ, ਸਗੋਂ ਗੁਰੂ ਸਾਹਿਬ ਦੀ ਬਖਸ਼ਿਸ਼ ਨਾਲ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਅੰਦਰ ਪੈਦਾ ਹੋਏ ਸ਼ਾਂਤੀ ਅਤੇ ਭਾਈਚਾਰਕ ਸਾਂਝ ਵਾਲੇ ਮਾਹੌਲ ਨੂੰ ਵਿਗਾੜਨ ਲਈ ਭੜਕਾਊ ਬਿਆਨਬਾਜ਼ੀ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ. ਡੀ. ਏ. ਸਰਕਾਰ ਵਲੋਂ ਕੀਤੀ ਇਸ ਕਾਰਵਾਈ ਨੂੰ ਸਿੱਖ ਮਾਨਸਿਕਤਾ ਉੱਤੇ ਟਕੋਰ ਵਜੋਂ ਲੈਣਾ ਚਾਹੀਦਾ ਹੈ, ਜਿਸ ਵਾਸਤੇ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਾਰ-ਵਾਰ ਅਪੀਲਾਂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿੱਖਾਂ ਦੀਆਂ ਜ਼ਖ਼ਮੀ ਭਾਵਨਾਵਾਂ ਉੱਤੇ ਮੱਲ੍ਹਮ ਲਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ, ਜਿਨ੍ਹਾਂ ਦੇ ਧਾਰਮਿਕ ਅਸਥਾਨਾਂ 'ਤੇ ਹਮਲੇ ਕਰਕੇ, ਮਨੁੱਖੀ ਅਧਿਕਾਰਾਂ ਦਾ ਘਾਣ ਕਰਕੇ ਕੇਂਦਰ ਅਤੇ ਸੂਬੇ ਦੀਆਂ ਕਾਂਗਰਸੀ ਸਰਕਾਰਾਂ ਵੱਲੋਂ ਅਕਹਿ ਅੱਤਿਆਚਾਰ ਢਾਹੇ ਗਏ ਸਨ। ਉਨ੍ਹਾਂ ਕਿਹਾ ਕਿ ਸਾਨੂੰ ਇਹ ਗੱਲ ਭੁੱਲਣੀ ਨਹੀਂ ਚਾਹੀਦੀ ਕਿ ਬੇਅੰਤ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਚਲਾਏ ਸਰਕਾਰੀ ਅੱਤਵਾਦ ਦੌਰਾਨ ਹਜ਼ਾਰਾਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਮਾਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰਨ ਦੀ ਬਜਾਏ ਇਹ ਕੁੜੱਤਣ ਖ਼ਤਮ ਹੋਣ ਦੇਣੀ ਚਾਹੀਦੀ ਹੈ। ਉਨ੍ਹਾਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਵੀ ਅਪੀਲ ਕੀਤੀ ਕਿ ਰਾਜੋਆਣਾ ਦੀ ਸਜ਼ਾ ਮੁਆਫੀ ਦਾ ਬੇਵਜ੍ਹਾ ਵਿਰੋਧ ਨਾ ਕਰਨ ਕਿਉਂਕਿ ਇਸ ਕਦਮ ਨਾਲ ਰਾਜ ਵਿਚ ਸਿੱਖਾਂ 'ਚ ਚੰਗਾ ਸੰਦੇਸ਼ ਨਹੀਂ ਜਾਵੇਗਾ।
ਕਿਸਾਨ ਆਗੂ ਮਨਜੀਤ ਸਿੰਘ ਧਨੇਰ ਹੋਏ ਰਿਹਾਅ
NEXT STORY