ਅੰਮ੍ਰਿਤਸਰ (ਦੀਪਕ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ 12 ਨਵੰਬਰ ਦੇ ਮੁੱਖ ਸਮਾਗਮ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਸ਼ਿਰਕਤ ਕਰਨਗੇ। ਇਸ ਸਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਗਿਆ ਸੱਦਾ ਪ੍ਰਵਾਨ ਕਰ ਲਿਆ ਹੈ। ਸ਼੍ਰੀ ਕੋਵਿੰਦ ਨੂੰ ਰਾਸ਼ਟਰਪਤੀ ਭਵਨ ਵਿਖੇ ਸੱਦਾ-ਪੱਤਰ ਦੇਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਕਾਲੀ ਦਲ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਮੌਜੂਦ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ ਰਾਸ਼ਟਰਪਤੀ ਸ਼੍ਰੀ ਕੋਵਿੰਦ ਨੇ ਸੱਦਾ ਪ੍ਰਵਾਨ ਕਰਦਿਆਂ ਕਿਹਾ ਹੈ ਕਿ ਇਸ ਇਤਿਹਾਸਕ ਮੌਕੇ 'ਤੇ ਹਾਜ਼ਰ ਹੋਣਾ ਉਨ੍ਹਾਂ ਦੀ ਖੁਸ਼ਕਿਸਮਤੀ ਹੋਵੇਗੀ।
ਦੱਸਣਯੋਗ ਹੈ ਕਿ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਦੇਸ਼-ਦੁਨੀਆ ਦੀਆਂ ਪ੍ਰਮੁੱਖ ਹਸਤੀਆਂ ਨੂੰ ਸੱਦੇ ਦਿੱਤੇ ਜਾ ਰਹੇ ਹਨ, ਜਿਸ ਅਧੀਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ-ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਅੰਤਰ-ਧਰਮ ਸੰਮੇਲਨ ਸਬੰਧੀ ਵੱਖ-ਵੱਖ ਧਰਮ ਆਗੂਆਂ ਨੂੰ ਵੀ ਸੱਦੇ ਦਿੱਤੇ ਗਏ ਹਨ।
ਬਾਜਵਾ ਨੇ ਧਮਾਕੇ 'ਚ ਮਰੇ ਵਿਅਕਤੀਆਂ ਦੇ ਵਾਰਸਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ
NEXT STORY