ਅਮਰਕੋਟ (ਸਨਦੀਪ )—ਸਿੱਖ ਕੌਮ ਲਈ ਅਨੇਕਾਂ ਕੁਰਬਾਨੀਆਂ ਕਰਨ ਦਾ ਦਾਅਵਾ ਕਰਨ ਵਾਲਾ ਬਾਦਲ ਪਰਿਵਾਰ ਸਿਰਫ ਆਪਣੇ ਘਰਾਂ ਦੀਆਂ ਤਿਜ਼ੋਰੀਆਂ ਭਰਨ ਤੱਕ ਹੀ ਸੀਮਿਤ ਹੋ ਕੇ ਰਹਿ ਗਿਆ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮੈਂਬਰ ਪਾਰਲੀਮੈਂਟ ਨੇ ਅੱਜ ਕਸਬਾ ਅਮਰਕੋਟ ਵਿਖੇ ਭਰਵੀਂ ਮਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਉਸ ਦਾ ਸਾਲਾ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਨੂੰ ਖੋਰਾ ਲਾਉਣ 'ਚ ਕੋਈ ਕਸਰ ਨਹੀਂ ਛੱਡੀ। ਸਿੱਖਾਂ ਦੇ ਕੱਟਣ ਵਿਰੋਧੀ ਅਤੇ ਪਾਖੰਡੀ ਸਾਧ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਦਿਵਾਈ ਗਈ ਅਤੇ ਫਿਰ ਉਸ ਦੀ ਫਿਲਮ ਰਿਲੀਜ਼ ਕਰਕੇ ਨੋਟਾਂ ਦੇ ਨਾਲ-ਨਾਲ ਵੋਟਾਂ ਵੀ ਬਟੋਰੀਆਂ ਗਈਆਂ। ਜੋ ਕਿ ਸਿੱਖ ਕੌਮ ਨਾਲ ਵੱਡਾ ਧੋਖਾ ਹੈ।
ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀਆਂ ਹੋਈਆਂ ਬੇਅਦਬੀਆਂ ਲਈ ਵੀ ਬਾਦਲ ਪਰਿਵਾਰ ਪੂਰੀ ਤਰ੍ਹਾਂ ਜਿੰਮੇਵਾਰ ਹੈ ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਕੀਤੇ ਮਾੜੇ ਕੰਮਾਂ ਨਾਲ ਸਿੱਖ ਪੰਥ ਅਤੇ ਕੌਮ ਵਿਚ ਭਾਰੀ ਰੋਸ ਹੈ ਅਤੇ ਕੌਮ ਬਾਦਲ ਪਰਿਵਾਰ ਨੂੰ ਕਦੇ ਵੀ ਮਾਫ਼ ਨਹੀਂ ਕਰੇਗੀ। ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਸੰਬੋਧਨ ਕਰਦਿਆਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਇਸ ਸਮੇਂ ਹਲਕਾ ਖੇਮਕਰਨ ਤੋਂ ਅਕਾਲੀ ਦਲ ਦੇ ਸਾਬਕਾ ਜ਼ਿਲਾ ਪ੍ਰੀਸ਼ਦ ਮੈਂਬਰ ਦਲਜੀਤ ਸਿੰਘ ਗਿੱਲ ਅਮਰਕੋਟ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿਚ ਸ਼ਾਮਲ ਹੋਏ ਜਿਨ੍ਹਾਂ ਨੂੰ ਪਾਰਟੀ ਪ੍ਰਧਾਨ ਜਥੇਦਾਰ ਬ੍ਰਹਮਪੁਰਾ ਵਲੋਂ ਹਲਕਾ ਖੇਮਕਰਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ। ਇਸ ਸਮੇਂ ਕਸ਼ਮੀਰ ਸਿੰਘ ਸੰਘਾ ਪ੍ਰਧਾਨ ਫੈਡਰੇਸ਼ਨ, ਡਾ. ਰਤਨ ਸਿੰਘ ਅਜਨਾਲਾ ਸਾਬਕਾ ਐੱਮ.ਪੀ, ਅਮਰਪਾਲ ਸਿੰਘ ਬੋਨੀ ਸਾਬਕਾ ਵਿਧਾਇਕ, ਮਨਮੋਹਨ ਸਿੰਘ ਗਿੱਲ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Punjab Wrap Up: ਪੜ੍ਹੋ 16 ਫਰਵਰੀ ਦੀਆਂ ਵੱਡੀਆਂ ਖ਼ਬਰਾਂ
NEXT STORY