ਲੁਧਿਆਣਾ (ਹਿਤੇਸ਼) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਖਾਲਿਸਤਾਨ ਦੀ ਹਮਾਇਤ 'ਚ ਬਿਆਨ ਦੇਣ ਤੋਂ ਬਾਅਦ ਵਿਦੇਸ਼ਾਂ 'ਚ ਬੈਠ ਕੇ ਰੈਫਰੈਂਡਮ-2020 ਮੁਹਿੰਮ ਚਲਾਉਣ ਵਾਲੇ ਕੱਟੜਪੰਥੀ ਗਰੁੱਪ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦੇ ਜਵਾਬ 'ਚ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਖਾਲਿਸਤਾਨ ਵਿਰੋਧੀਆਂ ਨਾਲ ਮਿਲ ਕੇ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਬਿੱਟੂ ਨੇ ਕਿਹਾ ਕਿ ਜੱਥੇਦਾਰ ਨਾਲ ਐੱਸ. ਜੀ. ਪੀ. ਸੀ. ਪ੍ਰਧਾਨ ਵੱਲੋਂ ਖਾਲਿਸਤਾਨ ਦੀ ਮੰਗ ਰੱਖਣ ਖਿਲਾਫ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ ਪਰ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਅਜੇ ਤੱਕ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਗਿਆ, ਜਿਸ ਤੋਂ ਸਾਫ ਹੋ ਗਿਆ ਹੈ ਕਿ ਅਕਾਲੀ ਦਲ ਦੀ ਸ਼ਹਿ ’ਤੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ।
ਇਸ ਦਾ ਇਕ ਸਬੂਤ ਇਹ ਵੀ ਹੈ ਕਿ ਜੱਥੇਦਾਰ ਦੀ ਹਮਾਇਤ ਤੋਂ ਬਾਅਦ ਵਿਦੇਸ਼ਾਂ ’ਚ ਬੈਠ ਕੇ ਰੈਫਰੈਂਡਮ-2020 ਮੁਹਿੰਮ ਚਲਾਉਣ ਵਾਲੇ ਕੱਟੜਪੰਥੀ ਗਰੁੱਪ ਇਕ ਵਾਰ ਫਿਰ ਸਰਗਰਮ ਹੋ ਗਏ ਹਨ। ਬਿੱਟੂ ਨੇ ਕਿਹਾ ਕਿ ਰੈਫਰੈਂਡਮ-2020 ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਸੋਸ਼ਲ ਮੀਡੀਆ ਤੋਂ ਇਲਾਵਾ ਵਿਦੇਸ਼ਾਂ ’ਚ ਕਈ ਜਗ੍ਹਾ ਸਿੱਖਸ ਫਾਰ ਜਸਟਿਸ ਅਤੇ ਹੋਰ ਕੱਟੜਪੰਥੀ ਜਥੇਬੰਦੀਆਂ ਦਾ ਖੁੱਲ੍ਹੇਆਮ ਵਿਰੋਧ ਸ਼ੁਰੂ ਹੋ ਗਿਆ ਹੈ, ਜਿਸ ਦੇ ਮੱਦੇਨਜ਼ਰ ਉਨ੍ਹਾਂ ਨੇ ਖਾਲਿਸਤਾਨ ਵਿਰੋਧੀਆਂ ਦੇ ਨਾਲ ਮਿਲ ਕੇ ਮੁਹਿੰਮ ਚਲਾਉਣ ਦੀ ਯੋਜਨਾ ਬਣਾਈ ਹੈ ਤਾਂ ਕਿ ਪੰਜਾਬ ਦੇ ਨੌਜਵਾਨਾਂ ਨੂੰ ਧਰਮ ਦੇ ਨਾਮ ’ਤੇ ਗੁੰਮਰਾਹ ਕਰਨ ਦਾ ਯਤਨ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਵਜੂਦ ਦੀ ਅਸਲੀਅਤ ਦਾ ਅਹਿਸਾਸ ਹੋ ਜਾਵੇ।
ਗੁਰਪਤਵੰਤ ਪੰਨੂ ਖਿਲਾਫ ਕਾਰਵਾਈ ਦੀ ਮੰਗ
ਬਿੱਟੂ ਨੇ ਕਿਹਾ ਕਿ ਰੈਫਰੈਂਡਮ-2020 ਮੁਹਿੰਮ ਚਲਾਉਣ ਵਾਲੇ ਗੁਰਪਤਵੰਤ ਪੰਨੂ ਵੱਲੋਂ ਸਿੱਧੇ ਤੌਰ ’ਤੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਚੈਲੇਂਜ ਕੀਤਾ ਜਾ ਰਿਹਾ ਹੈ। ਇਥੋਂ ਤੱਕ ਕਿ ਤਾਜ਼ਾ ਸਪੀਚ 'ਚ ਉਸ ਨੇ ਇਕ ਵਾਰ ਫਿਰ ਹਥਿਆਰ ਚੁੱਕਣ ਦੀ ਚਿਤਾਵਨੀ ਵੀ ਦੇ ਦਿੱਤੀ ਹੈ, ਜਿਸ ਨੂੰ ਲੈ ਕੇ ਉਸ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਹੋਮ ਮਨਿਸਟਰ ਅਤੇ ਚੀਫ ਮਨਿਸਟਰ ਨੂੰ ਲਿਖ ਕੇ ਭੇਜਿਆ ਜਾਵੇਗਾ।
ਸਰਕਾਰੀ ਕਰਮਚਾਰੀਆਂ ਦੇ ਮੋਬਾਇਲ ਵਿਚ ‘ਕੋਵਾ ਐਪ’ ਹੋਵੇਗਾ ਜ਼ਰੂਰੀ : ਡੀ. ਸੀ.
NEXT STORY