ਲੁਧਿਆਣਾ (ਹਿਤੇਸ਼) : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਦੀ ਸਿਫਾਰਿਸ਼ ਕਰਨ ਦੇ ਮੁੱਦੇ 'ਤੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅਕਾਲੀ ਨੂੰ ਖਾਲਿਸਤਾਨ ਸਬੰਧੀ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਨੇ ਲੰਬੇ ਸਮੇਂ ਤੱਕ ਅੱਤਵਾਦ ਦੇ ਕਾਲੇ ਦੌਰ ਦਾ ਸੰਤਾਪ ਹੰਢਾਇਆ ਹੈ, ਜਿਸ ਦੀ ਕੀਮਤ ਹਜ਼ਾਰਾਂ ਬੇਗੁਨਾਹ ਲੋਕਾਂ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ ਸੀ।
ਹੁਣ ਬੜੀ ਮੁਸ਼ਕਲ ਨਾਲ ਪੰਜਾਬ 'ਚ ਸ਼ਾਂਤੀ ਦੇ ਦੌਰ ਦੀ ਵਾਪਸੀ ਹੋਈ ਹੈ ਤਾਂ ਵਿਦੇਸ਼ਾਂ 'ਚ ਬੈਠੇ ਖਾਲਿਸਤਾਨੀ ਸਮਰਥਕਾਂ ਨੂੰ ਇਹ ਬਰਦਾਸ਼ਤ ਨਹੀਂ ਹੋ ਰਿਹਾ ਅਤੇ ਕਿਸੇ ਤਰ੍ਹਾਂ ਉਹ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਫਿਰਾਕ 'ਚ ਹਨ। ਬਿੱਟੂ ਨੇ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨਜ਼ਦੀਕ ਹੋਣ ਕਾਰਨ ਅਕਾਲੀ ਦਲ ਵੀ ਇਨ੍ਹਾਂ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਜਿਸ ਦਾ ਸਬੂਤ ਅਕਾਲੀ ਦਲ ਦੇ ਮੈਂਬਰਾਂ ਵਲੋਂ ਗ੍ਰਹਿ ਮੰਤਰੀ ਨਾਲ ਮਿਲ ਕੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਦੀ ਸਿਫਾਰਿਸ਼ ਕਰਨ ਦੇ ਰੂਪ 'ਚ ਸਾਹਮਣੇ ਆਇਆ ਹੈ। ਬਿੱਟੂ ਨੇ ਕਿਹਾ ਕਿ ਰਾਜੋਆਣਾ ਨੂੰ ਦੇਸ਼ ਦੇ ਕਾਨੂੰਨ ਤੇ ਸੰਵਿਧਾਨ 'ਤੇ ਕੋਈ ਭਰੋਸਾ ਨਹੀਂ ਹੈ ਅਤੇ ਨਾ ਹੀ ਆਪਣੇ ਕੀਤੇ 'ਤੇ ਕੋਈ ਪਛਤਾਵਾ ਹੈ। ਉਸ ਵਲੋਂ ਜੇਲ 'ਚੋਂ ਬਾਹਰ ਆਉਣ ਦੀ ਸੂਰਤ 'ਚ ਫਿਰ ਤੋਂ ਖਾਲਿਸਤਾਨ ਅੰਦੋਲਨ ਨੂੰ ਤੇਜ਼ ਕਰਨ ਦੀ ਗੱਲ ਕਹੀ ਗਈ ਹੈ।
ਗੈਰ ਪਾਰਦਰਸ਼ੀ ਢੰਗ ਨਾਲ ਅਧਿਆਪਕਾਂ ਦੀਆਂ ਬਦਲੀਆਂ 'ਤੇ ਹੋਵੇਗਾ ਸਖਤ ਵਿਰੋਧ
NEXT STORY