ਸੰਗਰੂਰ (ਵਿਵੇਕ ਸਿੰਧਵਾਨੀ, ਪ੍ਰਵੀਨ) : ਪੰਜਾਬ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਅੱਜ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਫ਼ਲਤਾ ਨਾਲ ਲਾਗੂ ਕਰਨ ਲਈ ਜ਼ਮੀਨੀ ਪੱਧਰ 'ਤੇ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ ਅਤੇ ਸਮੂਹ ਅਧਿਕਾਰੀ ਸੁਚੱਜੇ ਤਾਲਮੇਲ ਨਾਲ ਇਸ ਮਿਸ਼ਨ ਨੂੰ ਘਰ-ਘਰ ਪਹੁੰਚਾਉਣ ਲਈ ਤਨ ਤੇ ਮਨ ਨਾਲ ਉਪਰਾਲੇ ਕਰਨ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਸਬੰਧੀ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਮਿਸ਼ਨ ਤਹਿਤ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਤਰਜੀਹ ਦਿੱਤੀ ਜਾਵੇ ਅਤੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇ।
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਜ਼ਿਲੇ ਵਿਚ ਲਾਗੂ ਕਰਨ ਦੀ ਸਮੀਖਿਆ ਕਰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਨਸ਼ਾ ਇਕ ਵੱਡੀ ਸਮਾਜਿਕ ਬੁਰਾਈ ਹੈ ਜਿਸ ਦਾ ਮੁਕੰਮਲ ਤੌਰ 'ਤੇ ਖਾਤਮਾ ਕਰਨਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਨਸ਼ਾ ਮੁਕਤੀ ਕੇਂਦਰਾਂ ਵਿਚ ਲੋੜਵੰਦ ਵਿਅਕਤੀਆਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਲੋਕਾਂ ਦੀ ਸ਼ਮੂਲੀਅਤ ਨਾਲ ਇਸ ਕੋਹੜ ਦੇ ਸਮਾਜ ਵਿਚੋਂ ਖਾਤਮੇ ਲਈ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਸ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲਾ ਸੰਗਰੂਰ ਵਿਚ ਡੇਪੋ ਮੁਹਿੰਮ ਤਹਿਤ ਹੁਣ ਤੱਕ 267 ਕੈਂਪ ਲਗਾਏ ਜਾ ਚੁੱਕੇ ਹਨ ਅਤੇ ਲੋੜਵੰਦਾਂ ਦਾ ਨਸ਼ਾ ਮੁਕਤੀ ਕੇਂਦਰਾਂ ਅਤੇ 11 ਓਟ ਕਲੀਨਿਕਾਂ ਰਾਹੀਂ ਯੋਗ ਇਲਾਜ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਡੀ.ਐਸ.ਪੀਜ਼ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਜਾ ਕੇ ਲੋਕਾਂ ਵਿਚ ਨਸ਼ਿਆਂ ਖਿਲਾਫ਼ ਆਵਾਜ਼ ਬੁਲੰਦ ਕਰਨ ਲਈ ਜਾਗਰੂਕਤਾ ਪੈਦਾ ਕੀਤੀ ਜਾਵੇ। ਇਸ ਉਪਰੰਤ ਕੈਬਨਿਟ ਮੰਤਰੀ ਨੇ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ, ਆਸ਼ਰੀਵਾਦ ਸਕੀਮ, ਘਰ ਘਰ ਰੋਜ਼ਗਾਰ ਯੋਜਨਾ, ਆਟਾ ਦਾਲ ਸਮਾਰਟ ਕਾਰਡ ਯੋਜਨਾ, ਸਮਾਰਟ ਸਕੂਲ, ਸਿਹਤ ਤੇ ਵੈਲਨੈਸ ਕਲੀਨਿਕ, ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਈ ਗਰਾਂਟ ਤੇ ਬਕਾਇਆ ਵਿਕਾਸ ਕਾਰਜਾਂ ਬਾਰੇ ਵੀ ਜਾਇਜ਼ਾ ਲਿਆ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਦੇ ਤਹਿਤ ਲਗਾਏ ਗਏ ਕੈਂਪਾਂ ਵਿਚ 48958 ਯੋਗ ਪਾਏ ਗਏ ਲਾਭਪਾਤਰੀਆਂ ਵਿਚੋਂ 48350 ਨੂੰ ਬਣਦਾ ਲਾਭ ਮੁਹੱਈਆ ਕਰਵਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿਚ 20 ਜੂਨ ਨੂੰ ਵੀ ਇਸ ਯੋਜਨਾ ਤਹਿਤ ਕੈਂਪ ਲਗਾਏ ਜਾਣਗੇ। ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਨਗਰ ਕੌਂਸਲਾਂ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਲੀਥੀਨ ਦੀ ਸਖ਼ਤੀ ਨਾਲ ਰੋਕਥਾਮ ਲਈ ਢੁਕਵੇਂ ਕਦਮ ਪੁੱਟੇ ਜਾਣ। ਉਨ੍ਹਾਂ ਪਿੰਡਾਂ ਵਿਚ ਲੋਕਾਂ ਲਈ ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਘਰ ਘਰ ਰੋਜ਼ਗਾਰ ਪੋਰਟਲ 'ਤੇ 35 ਹਜ਼ਾਰ 116 ਨੌਜਵਾਨ ਰਜਿਸਟਰਡ ਹੋਏ ਹਨ ਅਤੇ 264 ਰੋਜ਼ਗਾਰਦਾਤਾ ਵੀ ਰਜਿਸਟਰਡ ਹਨ ਅਤੇ ਹਰ ਹਫ਼ਤੇ ਕੈਂਪ ਲਗਾ ਕੇ ਲੋੜਵੰਦਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਾਰਥਕ ਉਪਰਾਲੇ ਕੀਤੇ ਜਾਂਦੇ ਹਨ।
ਖੁਦ ਮੌਤ ਨਾਲ ਜੰਗ ਲੜ ਰਹੀ, ਫਿਰ ਵੀ ਦੂਜਿਆ ਨੂੰ ਦੇ ਰਹੀ ਜ਼ਿੰਦਗੀ (ਵੀਡੀਓ)
NEXT STORY