ਬਠਿੰਡਾ, (ਬਲਵਿੰਦਰ)- 15 ਅਗਸਤ ਦੇ ਕੌਮੀ ਦਿਹਾੜੇ ਨੂੰ ਉਤਸ਼ਾਹ ਤੇ ਜੋਸ਼ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਦੀਪਰਵਾ ਲਾਕਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ 'ਚ ਮੀਟਿੰਗ ਕਰ ਕੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀਆਂ ਡਿਊਟੀਆਂ ਸਮੇਂ-ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਸ਼ੇਨਾ ਅਗਰਵਾਲ ਅਤੇ ਹੋਰਨਾਂ ਉਚ ਅਧਿਕਾਰੀਆਂ ਸਮੇਤ ਮੀਟਿੰਗ ਦੌਰਾਨ ਸ਼੍ਰੀ ਲਾਕਰਾ ਨੇ ਦੱਸਿਆ ਕਿ 12 ਅਗਸਤ ਨੂੰ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਉਨ੍ਹਾਂ ਦੱਸਿਆ ਕਿ ਇਸ ਮੌਕੇ ਪੰਜਾਬ ਪੁਲਸ, ਕਮਾਂਡੋ ਪੁਲਸ, ਪੰਜਾਬ ਹੋਮਗਾਰਡ, ਐੱਨ. ਸੀ. ਸੀ., ਸਕਾਊਟਸ ਅਤੇ ਗਾਈਡਸ ਅਤੇ ਨਰਸਿੰਗ ਦੇ ਵਿਦਿਆਰਥੀਆਂ ਦੀਆਂ ਪਲਟੂਨਾਂ ਪਰੇਡ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸ਼ਹੀਦ ਨੰਦ ਸਿੰਘ ਚੌਕ, ਭਗਵਾਨ ਵਾਲਮੀਕਿ ਚੌਕ, ਸਰਕਟ ਹਾਊਸ ਦੇ ਨੇੜੇ ਰਜਿੰਦਰਾ ਕਾਲਜ ਵਾਲਾ ਚੌਕ, ਡੌਲਫਿਨ ਚੌਕ ਮਾਨਸਾ ਰੋਡ, ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਨੇੜੇ ਡਾ. ਅੰਬੇਡਕਰ ਪਾਰਕ ਅਤੇ ਘੋੜੇ ਵਾਲਾ ਚੌਕ, 100 ਫੁੱਟੀ ਰੋਡ ਦੀ ਸਜਾਵਟ ਕੀਤੀ ਜਾਵੇਗੀ।
ਇਸ ਸਬੰਧ 'ਚ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ। ਉਨ੍ਹਾਂ ਦੱਸਿਆ ਕਿ ਜ਼ਿਲਾ ਰੈੱਡ ਕਰਾਸ ਸੁਸਾਇਟੀ ਦੁਆਰਾ ਇਸ ਮੌਕੇ ਲੋੜਵੰਦ ਵਿਅਕਤੀਆਂ ਨੂੰ ਸਿਲਾਈ ਮਸ਼ੀਨਾਂ ਅਤੇ ਟਰਾਈ-ਸਾਈਕਲਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਰਿਹਰਸਲਾਂ ਅਤੇ ਸਮਾਗਮ ਵਾਲੇ ਦਿਨ ਸਟੇਡੀਅਮ ਵਿਖੇ ਵਿਦਿਆਰਥੀਆਂ ਲਈ ਪੀਣ ਵਾਲੇ ਸ਼ੁੱਧ ਪਾਣੀ ਦੀ ਉਪਲੱਬਧਤਾ ਅਤੇ ਰਿਫਰੈਸ਼ਮੈਂਟ ਤੋਂ ਇਲਾਵਾ ਬਾਕੀ ਇੰਤਜ਼ਾਮ ਸੁਚੱਜੇ ਢੰਗ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਸਨ।
ਕੀੜੇਮਾਰ ਦਵਾਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਦੌਰਾਨ ਸੈਂਪਲ ਭਰੇ
NEXT STORY