ਮੋਗਾ (ਬਿੰਦਾ) : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਰੋਡਵੇਜ਼ ਕਰਮਚਾਰੀ ਦਲ, ਕੰਟਰੈਕਟ ਵਰਕਰ ਯੂਨੀਅਨ ਅਤੇ ਪੈਨਸ਼ਨਰ ਐਸੋਸੀਏਸ਼ਨ ਵੱਲੋਂ ਪੰਜਾਬ ਰੋਡਵੇਜ਼ ਮੋਗਾ ਦੇ ਗੇਟ ਅੱਗੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਦੌਰਾਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਕਰਮਚਾਰੀ ਦਲ ਦੇ ਬ੍ਰਾਂਚ ਪ੍ਰਧਾਨ ਪਲਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਨੂੰ 18 ਫ਼ੀਸਦੀ ਮਹਿੰਗਾਈ ਭੱਤਾ ਨਾ ਦੇਣਾ, ਰੋਡਵੇਜ਼ ਇੰਸਪੈਕਟਰਾਂ ਅਤੇ ਸਿਵਲ ਸਪਲਾਈ ਇੰਸਪੈਕਟਰਾਂ ਦੇ ਤਨਖ਼ਾਹ ਸਕੇਲ ਬਰਾਬਰ ਨਾ ਕਰਨਾ, ਪੁਰਾਣੀ ਪੈਨਸ਼ਨ ਸਕੀਮ ਅਤੇ ਏ.ਸੀ.ਪੀ. ਸਕੀਮ ਨੂੰ ਬਹਾਲ ਨਾ ਕਰਨਾ ਕਰਮਚਾਰੀਆਂ ਵਿਚ ਭਾਰੀ ਨਿਰਾਸ਼ਾ ਦਾ ਕਾਰਨ ਬਣਿਆ ਹੋਇਆ ਹੈ। ਕੰਟਰੈਕਟ ਵਰਕਰ ਯੂਨੀਅਨ ਦੇ ਪ੍ਰਧਾਨ ਜਗਦੀਪ ਸਿੰਘ ਨੇ ਕਿਹਾ ਕਿ ਕਈ ਕਰਮਚਾਰੀ 15-16 ਸਾਲਾਂ ਤੋਂ ਠੇਕੇ ਦੇ ਆਧਾਰ ’ਤੇ ਸੇਵਾ ਨਿਭਾਅ ਰਹੇ ਹਨ ਅਤੇ ਟੈਸਟ ਪਾਸ ਕਰਕੇ ਮਾਸਟਰ ਰੋਲ ’ਤੇ ਆਉਣ ਦੇ ਬਾਵਜੂਦ ਅਜੇ ਤੱਕ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਮੁਤਾਬਕ ਨੌਕਰੀ ਸਬੰਧੀ ਨਿਯਮ ਬਣਾਉਣ ਵਿਚ ਵੀ ਅਸਫਲ ਰਹੀ ਹੈ, ਜਿਸ ਕਾਰਨ ਠੇਕਾ ਕਰਮਚਾਰੀ ਵੀ ਮਹਾਂ ਰੈਲੀ ਵਿਚ ਸ਼ਾਮਲ ਹੋਣਗੇ।
ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੇ ਬ੍ਰਾਂਚ ਪ੍ਰਧਾਨ ਨਰੇਸ਼ ਕੁਮਾਰ ਨੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਅਤੇ ਸਮੂਹ ਪੈਨਸ਼ਨਰਾਂ ਨੂੰ 7 ਅਗਸਤ ਦੀ ਮਹਾਂ ਰੈਲੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਪੰਜਾਬ ਰਾਜ ਪੈਨਸ਼ਨਰਜ਼ ਮਹਾਂਸੰਘ ਦੇ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਭੁੱਲਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਮਹਿੰਗਾਈ ਭੱਤੇ ਦੇ ਮਾਮਲੇ ਵਿਚ ਹਾਈ ਕੋਰਟ ਨੂੰ ਗੁੰਮਰਾਹ ਕਰਕੇ ਝੂਠੇ ਹਲਫ਼ਨਾਮੇ ਦਾਖ਼ਲ ਕੀਤੇ ਹਨ ਅਤੇ ਕੇਸ ਨੂੰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਰਮਚਾਰੀਆਂ, ਪੈਨਸ਼ਨਰਾਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ ਹੈ ਅਤੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲਿਆਂ ਨਾਲ ਸਖ਼ਤੀ ਨਾਲ ਪੇਸ਼ ਆ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਡਾਇਰੈਕਟਰ ਸਟੇਟ ਟਰਾਂਸਪੋਰਟ, ਪੰਜਾਬ ਵੱਲੋਂ ਰੋਡਵੇਜ਼ ਇੰਸਪੈਕਟਰਾਂ ਦੇ ਤਨਖ਼ਾਹ ਸਕੇਲ ਦੀ ਅਨਿਯਮਿਤਤਾ ਦੂਰ ਕਰਨ ਦੀ ਬਜਾਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਉਲਟ ਹੁਕਮ ਜਾਰੀ ਕੀਤੇ ਗਏ ਹਨ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਵੀ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੈਨਸ਼ਨਰਾਂ ਨੂੰ ਮਿਲਣ ਲਈ ਵੀ ਸਮਾਂ ਨਹੀਂ ਦਿੱਤਾ ਜਾ ਰਿਹਾ। ਰੈਲੀ ਵਿਚ ਪ੍ਰਦੀਪ ਸਿੰਘ ਤੂਰ (ਇੰਸਪੈਕਟਰ), ਵਰਿੰਦਰ ਸਿੰਘ ਖੋਸਾ, ਹਰਪ੍ਰੀਤ ਸਿੰਘ (ਕੈਸ਼ੀਅਰ), ਦਵਿੰਦਰ ਸਿੰਘ (ਜਨਰਲ ਸਕੱਤਰ), ਖੁਸ਼ਪਾਲ ਰਿਸ਼ੀ, ਕੁਲਦੀਪ ਸਿੰਘ, ਬੂਟਾ ਸਿੰਘ, ਅਮਰਜੀਤ ਸਿੰਘ, ਜਗਜੀਤ ਸਿੰਘ, ਬਸੰਤ ਸਿੰਘ, ਪ੍ਰਸ਼ੋਤਮ ਲਾਲ, ਮਾਮ ਚੰਦ, ਰਮੇਸ਼ ਕੁਮਾਰ, ਜਲਜੀਤ ਸਿੰਘ, ਮੰਗਲ ਸਿੰਘ ਢਿੱਲੋਂ, ਸ਼ੇਰ ਸਿੰਘ, ਜੌਨ ਹੈਮਿਲਟਨ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ ਅਤੇ ਪੈਨਸ਼ਨਰ ਹਾਜ਼ਰ ਸਨ।
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ
NEXT STORY