ਚੰਡੀਗੜ੍ਹ (ਅੰਕੁਰ ਤਾਂਗੜੀ) : ਭਾਜਪਾ ਦੇ ਸੀਨੀਅਰ ਆਗੂ ਆਰ. ਪੀ. ਸਿੰਘ ਨੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਅਜੇ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ 'ਚ ਸ਼ੁਰੂ ਤੋਂ ਹੀ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਇਨਸਾਫ਼ ਲਈ ਲਗਾਤਾਰ ਯਤਨ ਕਰ ਰਹੀ ਹੈ। ਆਰ. ਪੀ. ਸਿੰਘ ਨੇ ਕਿਹਾ ਕਿ 1984 ਦੇ ਕਤਲੇਆਮ ਦੀ ਗੱਲ ਕਰਦਿਆਂ ਅੱਜ ਵੀ ਮਨ ਭਾਰੀ ਹੋ ਜਾਂਦਾ ਹੈ। ਇਸ ਮਾਮਲੇ 'ਚ ਕਈ ਲੋਕਾਂ ਨੇ ਲੰਬੀ ਲੜਾਈ ਲੜੀ ਹੈ ਅਤੇ ਅੱਜ ਵੀ ਪੀੜਤ ਪਰਿਵਾਰ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਹ ਪਾਰਟੀ ਦੇ ਕੌਮੀ ਸਕੱਤਰ ਸਨ ਤਾਂ ਉਨ੍ਹਾਂ ਨੂੰ ਇਸ ਮਾਮਲੇ ਨਾਲ ਜੁੜੇ ਢੀਂਗਰਾ ਕੇਸ ਸਬੰਧੀ ਜਾਣਕਾਰੀ ਮਿਲੀ ਸੀ ਅਤੇ ਉਸ ਸਮੇਂ ਤੋਂ ਹੀ ਇਸ ਮਾਮਲੇ ਨੂੰ ਲੈ ਕੇ ਪਾਰਟੀ ਪੱਧਰ 'ਤੇ ਯਤਨ ਕੀਤੇ ਜਾਂਦੇ ਰਹੇ ਹਨ।
ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਦੇ ਮਾਮਲੇ 'ਚ ਵੀ ਲੰਬੀ ਕਾਨੂੰਨੀ ਲੜਾਈ ਲੜੀ ਗਈ ਅਤੇ ਇਸ 'ਚ ਕਈ ਲੋਕਾਂ ਦਾ ਅਹਿਮ ਯੋਗਦਾਨ ਰਿਹਾ। ਉਨ੍ਹਾਂ ਸਵਾਲ ਕੀਤਾ ਕਿ ਜਿਹੜੇ ਲੋਕ ਅੱਜ ਭਾਜਪਾ ਵੱਲੋਂ ਕੀਤੇ ਕੰਮਾਂ ਬਾਰੇ ਸਵਾਲ ਕਰ ਰਹੇ ਹਨ, ਉਨ੍ਹਾਂ ਨੂੰ ਇਹ ਵੀ ਦੇਖਣਾ ਚਾਹੀਦਾ ਹੈ ਕਿ ਇਸ ਲੜਾਈ 'ਚ ਸ਼ੁਰੂ ਤੋਂ ਕੌਣ ਪੀੜਤਾਂ ਦੇ ਨਾਲ ਖੜ੍ਹਾ ਰਿਹਾ ਹੈ। ਆਰ. ਪੀ. ਸਿੰਘ ਨੇ ਕਿਹਾ ਕਿ 1 ਨਵੰਬਰ ਦੀ ਤਾਰੀਖ਼ ਦਾ ਵੀ ਆਪਣਾ ਖ਼ਾਸ ਮਹੱਤਵ ਹੈ। ਉਨ੍ਹਾਂ ਦੱਸਿਆ ਕਿ ਦਿੱਲੀ 'ਚ ਕਾਂਗਰਸ ਦੀ ਇੱਕ ਵੱਡੀ ਰੈਲੀ ਦੌਰਾਨ 1984 ਦੇ ਪੀੜਤਾਂ ਅਤੇ ਸਿੱਖ ਸਮਾਜ ਨਾਲ ਜੁੜੇ ਲੋਕਾਂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਸੀ ਕਿ ਇਸ ਦਿਨ ਨੂੰ ਇਨਸਾਫ਼ ਲਈ ਸਮਰਪਿਤ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਪੀੜਤਾਂ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਇਸ ਲੜਾਈ ਨੂੰ ਖ਼ਤਮ ਨਹੀਂ ਮੰਨਿਆ ਜਾ ਸਕਦਾ। ਉਨ੍ਹਾਂ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕੀਤੇ ਜਾਣ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਪਾਰਟੀ ਸੱਚਮੁੱਚ ਇਨਸਾਫ਼ ਦੀ ਗੱਲ ਕਰਦੀ ਹੈ ਤਾਂ ਉਸ ਨੂੰ 1984 ਦੇ ਕਤਲੇਆਮ ਨਾਲ ਜੁੜੇ ਮਾਮਲਿਆਂ 'ਚ ਆਪਣੀ ਜਵਾਬਦੇਹੀ ਵੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਖ਼ਾਸ ਤੌਰ 'ਤੇ ਜਗਦੀਸ਼ ਟਾਈਟਲਰ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਨੂੰ ਪਾਰਟੀ ਵਿੱਚੋਂ ਬਾਹਰ ਕੱਢਣ ਬਾਰੇ ਵੀ ਕਾਂਗਰਸ ਨੂੰ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਮਲਨਾਥ ਦਾ ਜ਼ਿਕਰ ਕਰਦਿਆਂ ਗੁਰਦੁਆਰਾ ਰਕਾਬਗੰਜ ਸਾਹਿਬ ਨਾਲ ਜੁੜੀ ਹਿੰਸਾ ਅਤੇ ਉੱਥੇ ਸੇਵਾ ਕਰ ਰਹੇ ਲੋਕਾਂ ਦੀਆਂ ਹੱਤਿਆਵਾਂ ਦੇ ਮਾਮਲੇ ਨੂੰ ਵੀ ਉਠਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਮਾਮਲਿਆਂ ਦੀ ਜਾਂਚ ਅਤੇ ਇਨਸਾਫ਼ ਦੀ ਮੰਗ ਅੱਜ ਵੀ ਮਹੱਤਵਪੂਰਨ ਹੈ।
ਪੰਜਾਬ 'ਚ ED ਦੀ ਰੇਡ! MLA ਅਮਨਦੀਪ ਕੌਰ ਦੇ ਨਾਨਕੇ ਪਿੰਡ ਲਿਬੜਾ 'ਚ ਪਹੁੰਚੀਆਂ ਟੀਮਾਂ
NEXT STORY