ਬਰਨਾਲਾ,(ਵਿਵੇਕ ਸਿੰਧਵਾਨੀ, ਰਵੀ): ਲੋਕ ਕਾਂਗਰਸ ਦੀ ਸੂਬਾ ਸਰਕਾਰ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਸਰਕਾਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬਰਨਾਲਾ 'ਚ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਤੇ ਅੱਜ ਪੂਰੇ ਪੰਜਾਬ 'ਚ ਹਰ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ-ਮੁਜ਼ਾਹਰੇ ਕਰਨ ਲਈ ਮਜ਼ਬੂਰ ਹੈ ਪਰ ਫਿਰ ਵੀ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ।
ਦੂਜੇ ਪਾਸੇ ਲੋਕ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ। ਇਸੇ ਕਾਰਣ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ 'ਚ ਲੋਕ ਵਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਭਰਤੀ ਪ੍ਰਤੀ ਨੌਜਵਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਤੇ ਨੌਜਵਾਨ ਪਾਰਟੀ ਦੀ ਵਿਰਾਸਤ ਹਨ ਤੇ ਪਾਰਟੀ ਨੌਜਵਾਨਾਂ ਨੂੰ ਹਰ ਪਲੇਟਫਾਰਮ 'ਤੇ ਆਪਣੇ ਨਾਲ ਲੈ ਕੇ ਚੱਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਦੇ ਮੱਦੇਨਜ਼ਰ ਭਾਰੀ ਸੰਖਿਆ 'ਚ ਵਰਕਰ ਅਕਾਲੀ ਦਲ ਨਾਲ ਜੁੜ ਰਹੇ ਹਨ। ਇਸ ਮੌਕੇ ਹਲਕਾ ਬਰਨਾਲਾ ਦੇ ਇੰਚਾਰਜ ਤੇ ਜ਼ਿਲਾ ਦਿਹਾਤੀ ਦੇ ਪ੍ਰਧਾਨ ਕੁਲਵੰਤ ਸਿੰਘ ਕੀਤੂ, ਜ਼ਿਲਾ ਸ਼ਹਿਰੀ ਪ੍ਰਧਾਨ ਰਵਿੰਦਰ ਸਿੰਘ ਰੰਮੀ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਸੰਜੀਵ ਸ਼ੋਰੀ, ਯਾਦਵਿੰਦਰ ਸਿੰਘ ਬਿੱਟੂ, ਸੋਨੀ ਜਾਗਲ ਤੋਂ ਇਲਾਵਾ ਭਾਰੀ ਸੰਖਿਆ 'ਚ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ।
ਰੋਜ਼ਗਾਰ ਮੇਲਿਆਂ ਦੌਰਾਨ ਲਗਭਗ 3500 ਬੇਰੁਜ਼ਗਾਰਾਂ ਨੂੰ ਮਿਲੇਗਾ ਰੋਜ਼ਗਾਰ
NEXT STORY