ਚੰਡੀਗੜ੍ਹ (ਅਸ਼ਵਨੀ) : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਦੋ ਸਾਬਕਾ ਅਕਾਲੀ ਸਰਪੰਚਾਂ ਬਾਬਾ ਗੁਰਦੀਪ ਸਿੰਘ ਅਤੇ ਦਲਬੀਰ ਸਿੰਘ ਢਿੱਲਵਾਂ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਫਿਰ ਵੀ ਸਰਕਾਰ ਨੇ ਇਨ੍ਹਾਂ ਮਾਮਲਿਆਂ 'ਚ ਕੋਈ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਵਲੋਂ ਇਨ੍ਹਾਂ ਸਿਆਸੀ ਕਤਲਾਂ ਦੇ ਕੇਸਾਂ 'ਚ ਇਨਸਾਫ਼ ਲੈਣ ਵਾਸਤੇ ਇਕ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਥੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ 'ਚ ਹੋਈ ਕੋਰ ਕਮੇਟੀ ਦੀ ਮੀਟਿੰਗ 'ਚ ਇਸ ਸਬੰਧੀ ਫੈਸਲਾ ਲੈਂਦਿਆਂ ਕੋਰ ਕਮੇਟੀ ਨੇ ਕਿਹਾ ਕਿ ਕਾਂਗਰਸੀ ਆਗੂਆਂ ਅਤੇ ਮੰਤਰੀਆਂ ਨਾਲ ਸਬੰਧ ਰੱਖਣ ਵਾਲੇ ਗੈਂਗਸਟਰਾਂ ਵਲੋਂ ਅਕਾਲੀ ਆਗੂਆਂ ਦੇ ਕੀਤੇ ਜਾ ਰਹੇ ਸਿਆਸੀ ਕਤਲ ਇਕ ਬਹੁਤ ਹੀ ਮੰਦਭਾਗਾ ਰੁਝਾਨ ਹੈ। ਪਾਰਟੀ ਪੰਜਾਬ ਅੰਦਰ ਗੈਂਗਸਟਰ-ਮੰਤਰੀ ਨਾਪਾਕ ਗਠਜੋੜ ਤੋੜਨ ਲਈ ਵਚਨਬੱਧ ਹੈ ਅਤੇ ਇਸ ਵਾਸਤੇ ਲੋਕਾਂ 'ਚ ਜਾਣ ਅਤੇ ਅਦਾਲਤ ਦਾ ਦਰਵਾਜ਼ਾ ਖੜਕਾਉਣ ਸਮੇਤ ਸਾਰੇ ਜ਼ਰੂਰੀ ਕਦਮ ਚੁੱਕੇਗੀ।
ਬਿਜਲੀ ਦਰਾਂ ਵਾਪਸ ਲੈਣ ਦੀ ਕੀਤੀ ਮੰਗ
ਕੋਰ ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਇਹ ਪੰਜਾਬ ਵਿਚ ਬਿਜਲੀ ਦਰਾਂ 'ਚ ਕੀਤੇ ਭਾਰੀ ਵਾਧੇ ਨੂੰ ਵਾਪਸ ਕਰਵਾਉੁਣ ਲਈ ਵੀ ਪਾਰਟੀ ਅੰਦੋਲਨ ਕਰੇਗੀ। ਇਹ ਟਿੱਪਣੀ ਕਰਦਿਆਂ ਕਿ ਅਕਾਲੀ ਦਲ ਕਾਂਗਰਸ ਸਰਕਾਰ ਨੂੰ ਆਪਣੀਆਂ ਨਾਕਾਮੀਆਂ ਅਤੇ ਪ੍ਰਬੰਧਕੀ ਖਾਮੀਆਂ ਦਾ ਬੋਝ ਖਪਤਕਾਰਾਂ 'ਤੇ ਨਹੀਂ ਪਾਉਣ ਦੇਵੇਗਾ। ਇਸ਼ ਦੌਰਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਬਿਜਲੀ ਦਰਾਂ 'ਚ ਕੀਤਾ ਵਾਧਾ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਪਾਰਟੀ ਵਲੋਂ ਰਾਜ ਭਰ 'ਚ ਜ਼ਿਲਾ ਪੱਧਰੀ ਧਰਨੇ ਦਿੱਤੇ ਜਾਣਗੇ। ਪਹਿਲਾ ਧਰਨਾ 2 ਫਰਵਰੀ ਨੂੰ ਸੰਗਰੂਰ ਵਿਖੇ ਅਤੇ ਉਸ ਤੋਂ ਬਾਅਦ ਬਠਿੰਡਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿਖੇ ਦਿੱਤੇ ਜਾਣਗੇ। ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਸੀਨੀਅਰ ਆਗੂਆਂ ਦਾ ਇਕ ਵਫ਼ਦ ਜਲਦੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਉਨ੍ਹਾਂ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਨਜ਼ਰਬੰਦੀ ਨੂੰ ਲੈ ਕੇ ਸਿੱਖਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾਏਗਾ। ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਵਫ਼ਦ ਕੇਂਦਰੀ ਲੀਡਰਸ਼ਿਪ ਨੂੰ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਰਨ ਅਤੇ ਉਸ ਨੂੰ ਤੁਰੰਤ ਜੇਲ 'ਚੋਂ ਰਿਹਾਅ ਕਰਨ ਲਈ ਕਹੇਗਾ।
ਰੰਧਾਵਾ ਖਿਲਾਫ ਹੋਵੇ ਕੇਸ ਦਰਜ
ਕੋਰ ਕਮੇਟੀ ਨੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤੀ ਘੋਰ ਬੇਅਦਬੀ ਦਾ ਸਖ਼ਤ ਨੋਟਿਸ ਲਿਆ ਅਤੇ ਉਸ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਮਜ਼ਾਕ ਉਡਾਉਣ ਅਤੇ ਗੁਰੂ ਸਾਹਿਬ ਦੀ ਤੁਲਨਾ ਮੁਖ ਮੰਤਰੀ ਕੈਪਟਨ ਅਮਰਿੰਦਰ ਨਾਲ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਰੰਧਾਵਾ ਦੀ ਇਸ ਸ਼ਰਮਨਾਕ ਹਰਕਤ ਨੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਲਈ ਧਾਰਾ 295 ਅਧੀਨ ਕਾਂਗਰਸੀ ਮੰਤਰੀ ਖ਼ਿਲਾਫ ਤੁਰੰਤ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਉਸ ਨੂੰ ਮੰਤਰੀ ਮੰਡਲ ਤੋਂ ਤੁਰੰਤ ਹਟਾਇਆ ਜਾਣਾ ਚਾਹੀਦਾ ਹੈ।
ਸਿੱਖ ਪੀੜਤਾਂ ਦੇ ਇਨਸਾਫ ਲਈ ਦੇ ਵਫਦ ਜਾਣਗੇ ਉਤਰ ਪ੍ਰਦੇਸ਼
ਕਮੇਟੀ ਵਲੋਂ ਉਤਰ ਪ੍ਰਦੇਸ਼ 'ਚ ਪੀਲੀਭੀਤ ਵਿਖੇ ਨਗਰ ਕੀਰਤਨ 'ਚ ਹਿੱਸਾ ਲੈ ਰਹੇ 55 ਸਿੱਖ ਸ਼ਰਧਾਲੂਆਂ ਖਿਲਾਫ਼ ਕੇਸ ਦਰਜ ਕੀਤੇ ਜਾਣ ਅਤੇ ਮੱਧ ਪ੍ਰਦੇਸ਼ ਦੇ ਸ਼ੀਓਪੁਰ ਜ਼ਿਲੇ 'ਚ ਸਿੱਖ ਪਰਿਵਾਰਾਂ ਦੀ 200 ਏਕੜ ਜ਼ਮੀਨ ਅਤੇ 9 ਘਰਾਂ ਦੇ ਕੀਤੇ ਨੁਕਸਾਨ ਬਾਰੇ ਵੀ ਚਰਚਾ ਕੀਤੀ ਗਈ। ਕੋਰ ਕਮੇਟੀ ਨੇ ਇਨ੍ਹਾਂ ਘਟਨਾਵਾਂ ਦੀ ਜਾਂਚ ਕਰ ਕੇ ਢੁਕਵੇ ਹੱਲ ਸੁਝਾਉਣ ਲਈ ਕਮੇਟੀ ਦੇ 2 ਮੈਂਬਰਾਂ ਅਤੇ ਸੰਸਦਾਂ ਮੈਂਬਰਾਂ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਨੂੰ ਨਿਯੁਕਤ ਕੀਤਾ। ਇਹ ਦੋਵੇਂ ਸੰਸਦ ਮੈਂਬਰ ਇਨ੍ਹਾਂ ਦੋਵੇਂ ਥਾਵਾਂ 'ਤੇ ਜਾਣਗੇ ਅਤੇ ਸਹੀ ਢੰਗ ਨਾਲ ਪੀੜਤਾਂ ਦੇ ਕੇਸਾਂ ਨੂੰ ਉਠਾਉਣਗੇ।
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਮੇਟੀ ਬਣਾਉਣ ਦਾ ਫੈਸਲਾ
ਕੋਰ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਇਕ ਕਮੇਟੀ ਬਣਾਉਣ ਦਾ ਵੀ ਫੈਸਲਾ ਕੀਤਾ, ਜਿਸ 'ਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਅਤੇ ਪਟਨਾ ਕਮੇਟੀ ਦੇ ਨੁਮਾਇੰਦਿਆਂ ਨੂੰ ਲਿਆ ਜਾਵੇਗਾ। ਇਸ ਕਮੇਟੀ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਸ਼ਾਮਲ ਹੋਣਗੇ। ਇਹ ਕਮੇਟੀ ਪ੍ਰਕਾਸ਼ ਪੁਰਬ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਫੈਸਲਾ ਕਰੇਗੀ। ਮੀਟਿੰਗ 'ਚ ਜਥੇਦਾਰ ਤੋਤਾ ਸਿੰਘ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਚੀਮਾ, ਜਗੀਰ ਕੌਰ, ਕਿਰਪਾਲ ਸਿੰਘ ਬਡੂੰਗਰ, ਸੁਰਜੀਤ ਸਿੰਘ ਰੱਖੜਾ, ਮਨਜਿੰਦਰ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਮਾਨ ਨੇ ਹਿੱਸਾ ਲਿਆ।
ਸ੍ਰੀ ਨਨਕਾਣਾ ਸਾਹਿਬ 'ਤੇ ਹੋਇਆ ਹਮਲਾ ਬਹੁਤ ਹੀ ਦੁਖਦਾਈ : ਪ੍ਰਕਾਸ਼ ਸਿੰਘ ਬਾਦਲ
NEXT STORY