ਭਾਦਸੋਂ (ਅਵਤਾਰ) : ਪਿਛਲੇ ਕਰੀਬ ਦੋ ਮਹੀਨਿਆਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੋਂਦਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਆਪਣੇ ਹਲਕੇ ਨਾਭਾ ਵਿਖੇ ਕਈ ਜਗ੍ਹਾ ਵਿਰੋਧ ਕੀਤਾ ਗਿਆ ਸੀ ਜਿਸ ਦਾ ਕਾਰਨ ਕੈਬਨਿਟ ਮੰਤਰੀ ਵਲੋਂ ਇਕ ਬੀਬੀ ਕਿਸਾਨ ਆਗੂ ਖ਼ਿਲਾਫ਼ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਇਹ ਰੇੜਕਾ ਚੱਲ ਰਿਹਾ ਸੀ ਪਰ ਇਸ ਮਾਮਲੇ ਨੂੰ ਅੱਜ ਉਦੋਂ ਠੱਲ ਪਈ ਜਦੋਂ ਅੱਜ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਕਿਸਾਨ ਆਗੂਆਂ ਅਤੇ ਕਿਸਾਨ ਆਗੂ ਸਰਬਜੀਤ ਕੌਰ ਕੋਲੋਂ ਮੁਆਫੀ ਮੰਗ ਲਈ ਗਈ। ਮੰਤਰੀ ਵੱਲੋਂ ਮੁਆਫ਼ੀ ਮੰਗਣ ਤੋਂ ਬਾਅਦ ਕਿਸਾਨ ਆਗੂ ਵੀ ਸੰਤੁਸ਼ਟ ਵਿਖਾਈ ਦਿੱਤੇ। ਮਾਮਲਾ ਇਹ ਸੀ ਕਿ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਕਿਸਾਨ ਆਗੂ ਸਰਬਜੀਤ ਕੌਰ ਵੱਲੋਂ ਦੋਸ਼ ਲਗਾਏ ਗਏ ਸਨ ਕਿ ਮੰਤਰੀ ਵੱਲੋਂ ਉਸ ਖ਼ਿਲਾਫ਼ ਮੰਦੀ ਸ਼ਬਦਾਵਲੀ ਵਰਤੀ ਗਈ ਹੈ। ਜਿਸ ਤੋਂ ਬਾਅਦ ਜਿੱਥੇ ਵੀ ਧਰਮਸੋਤ ਦਾ ਪ੍ਰੋਗਰਾਮ ਹੁੰਦਾ ਕਿਸਾਨ ਪਹੁੰਚ ਜਾਂਦੇ ਸਨ।
ਭਾਰਤੀ ਕਿਸਾਨ ਯੂਨੀਅਨ ਵੱਲੋਂ ਮੰਗ ਕੀਤੀ ਗਈ ਸੀ ਜਦੋਂ ਤਕ ਜਨਤਕ ਤੌਰ ਤੇ ਮੁਆਫ਼ੀ ਨਹੀਂ ਮੰਗਦੇ ਉਦੋਂ ਤੱਕ ਇਹ ਵਿਵਾਦ ਚੱਲਦਾ ਰਹੇਗਾ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਕਸਬਾ ਚਹਿਲ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 28 ਜੂਨ ਨੂੰ ਸੜਕ ਦਾ ਨੀਂਹ ਪੱਥਰ ਰੱਖਣ ਲਈ ਗਏ ਸਨ। ਉਥੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਉਨ੍ਹਾਂ ਤੋਂ ਸਵਾਲ ਪੁੱਛੇ ਗਏ ਸਨ ਕਿ ਜੋ ਪੰਜਾਬ ਸਰਕਾਰ ਵੱਲੋਂ ਵਾਅਦੇ ਕੀਤੇ ਗਏ ਸਨ ਉਹ ਪੂਰੇ ਕਿਉਂ ਨਹੀਂ ਕੀਤੇ। ਇਹ ਵਿਵਾਦ ਉਥੇ ਇੰਨਾ ਵੱਧ ਗਿਆ ਕਿ ਕਿਸਾਨ ਯੂਨੀਅਨ ਵੱਲੋਂ ਉਨ੍ਹਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਉਸ ਤੋਂ ਬਾਅਦ ਲਗਾਤਾਰ ਕਈ ਥਾਂਵਾਂ ’ਤੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਅਤੇ ਪੁਤਲੇ ਵੀ ਸਾੜੇ ਗਏ। ਇਸ ਵਿਵਾਦ ਨੂੰ ਖ਼ਤਮ ਕਰਨ ਲਈ ਧਰਮਸੋਤ ਅਤੇ ਕਿਸਾਨ ਆਗੂਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਮਝੌਤਾ ਹੋ ਗਿਆ।
ਧਰਮਸੋਤ ਨੇ ਕਿਹਾ ਕਿ ਜੋ ਕਿਸਾਨ ਆਗੂ ਬੀਬੀ ਹੈ ਉਹ ਮੇਰੀ ਭੈਣ ਹੈ ਅਤੇ ਮੈਂ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਕੀਤੀ, ਇਸ ਨਾਲ ਇਨ੍ਹਾਂ ਨੂੰ ਠੇਸ ਪਹੁੰਚੀ ਹੋਵੇ। ਫਿਰ ਵੀ ਮੈਂ ਇਨ੍ਹਾਂ ਤੋਂ ਮੁਆਫ਼ੀ ਮੰਗਦਾ ਹਾਂ। ਧਰਮਸੋਤ ਦੀ ਮੁਆਫੀ ਤੋਂ ਬਾਅਦ ਕਿਸਾਨਾਂ ਦਾ ਗੁੱਸਾ ਸ਼ਾਂਤ ਹੋ ਗਿਆ। ਇਸ ਦੌਰਾਨ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਸਰਬਜੀਤ ਕੌਰ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਜਗਮੇਲ ਸਿੰਘ ਸੁਧੇਵਾਲ ਨੇ ਕਿਹਾ ਕਿ ਅੱਜ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਮੁਆਫ਼ੀ ਮੰਗ ਲਈ ਗਈ ਹੈ ਅਤੇ ਸਾਡੀ ਪਾਰਟੀ ਵੱਲੋਂ ਜੋ ਫ਼ੈਸਲਾ ਲਿਆ ਗਿਆ ਹੈ, ਹੁਣ ਅਸੀਂ ਮੰਤਰੀ ਨੂੰ ਵੀ ਮੁਆਫ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹੱਕ ਹੈ ਕਿ ਅਸੀਂ ਮੰਤਰੀ ਨੂੰ ਸਵਾਲ ਕਰ ਸਕਦੇ ਹਾਂ ਕਿ ਉਨ੍ਹਾਂ ਵੱਲੋਂ ਕੀ-ਕੀ ਵਿਕਾਸ ਕੀਤਾ ਗਿਆ ਹੈ ਅਤੇ ਮੰਤਰੀ ਵੱਲੋਂ ਵੀ ਗਲਤੀ ਦਾ ਅਹਿਸਾਸ ਕੀਤਾ ਗਿਆ ਹੈ ਜਿਸ ਤੋਂ ਬਾਅਦ ਅਸੀਂ ਹੁਣ ਇਹ ਵਿਵਾਦਿਤ ਮਸਲਾ ਬਿਲਕੁਲ ਖਤਮ ਕਰ ਦਿੱਤਾ ਹੈ।
ਨਵਜੋਤ ਸਿੱਧੂ ਦੇ ਸਲਾਹਕਾਰਾਂ ਬਾਰੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
NEXT STORY