ਜਲੰਧਰ/ਨਵੀਂ ਦਿੱਲੀ (ਵੈੱਬ ਡੈਸਕ)- ਕਿਸਾਨਾਂ ਦੇ 'ਦਿੱਲੀ ਚੱਲੋ' ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਹੰਗਾਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਵੱਡਾ ਐਲਾਨ ਕਰਦਿਆਂ 15 ਤਾਰੀਖ਼ ਨੂੰ ਤਿੰਨ ਘੰਟਿਆਂ ਲਈ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਫਰੀ ਕਰ ਦਿੱਤੇ ਹਨ। ਪੰਜਾਬ ਵਿਚ ਕੱਲ੍ਹ ਯਾਨੀ ਕਿ 15 ਤਾਰੀਖ਼ ਨੂੰ 11 ਵਜੇ ਤੋਂ ਲੈ ਕੇ 3 ਵਜੇ ਤੱਕ ਸਾਰੇ ਟੋਲ ਪਲਾਜ਼ੇ ਫਰੀ ਰਹਿਣਗੇ। ਇਹ ਮੀਟਿੰਗ ਜਲੰਧਰ ਦੇ ਦੇਸ਼ ਭਗਤ ਯਾਦਗਾਰ ਹਾਲ ਵਿਚ ਕੀਤੀ ਗਈ, ਜਿਸ ਵਿਚ ਰੁਲਦੂ ਸਿੰਘ ਮਾਨਸਾ, ਬਲਬੀਰ ਸਿੰਘ ਰਾਜੇਵਾਲ ਸਮੇਤ ਕਈ ਵੱਡੇ ਕਿਸਾਨੀ ਆਗੂ ਸ਼ਾਮਲ ਹੋਏ ਹਨ। ਮੀਟਿੰਗ ਦੌਰਾਨ ਵੱਡੇ ਫ਼ੈਸਲੇ ਲਏ ਗਏ ਹਨ।
ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ 16 ਤਾਰੀਖ਼ ਨੂੰ 'ਭਾਰਤ ਬੰਦ' ਦਾ ਫ਼ੈਸਲਾ ਸਾਡਾ ਕਾਇਮ ਰਹੇਗਾ। 16 ਤਾਰੀਖ਼ ਨੂੰ ਭਾਰਤ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਦਾ ਵਤੀਰਾ ਨਾ ਬਦਲਿਆ ਤਾਂ 18 ਤਾਰੀਖ਼ ਨੂੰ ਲੁਧਿਆਣਾ ਵਿਚ ਮੁੜ ਤੋਂ ਮੀਟਿੰਗ ਕਰਕੇ ਭਾਜਪਾ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਬੇਸਿੱਟਾ ਰਹਿ ਚੁੱਕੀ ਹੈ ਕਿਸਾਨਾਂ ਦੀ ਕੇਂਦਰੀ ਮੰਤਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਕੇਂਦਰੀ ਕੈਬਨਿਟ ਵਜ਼ੀਰਾਂ ਦੀ ਟੀਮ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨਾਲ ਸੋਮਵਾਰ ਨੂੰ ਦੂਜੇ ਗੇੜ ਦੀ ਕਰੀਬ ਸਾਢੇ ਪੰਜ ਘੰਟੇ ਚੱਲੀ ਮੀਟਿੰਗ ’ਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਅਤੇ ਕਰਜ਼ਾ ਮੁਆਫ਼ੀ ਦੇ ਮੁੱਦੇ ’ਤੇ ਸਹਿਮਤੀ ਨਹੀਂ ਬਣ ਸਕੀ ਸੀ। ਦੂਜੇ ਗੇੜ ਦੀ ਮੀਟਿੰਗ ਵਿਚ ਮਾਹੌਲ ਤਲਖ਼ਮਈ ਰਿਹਾ ਅਤੇ ਆਖਰ ਗੱਲ ਟੁੱਟ ਗਈ। ਕੇਂਦਰੀ ਨੇਤਾਵਾਂ ਵੱਲੋਂ ਕੋਈ ਹੁੰਗਾਰਾ ਨਾ ਭਰੇ ਜਾਣ ਤੋਂ ਰੋਹ ਵਿਚ ਆਏ ਕਿਸਾਨ ਨੇਤਾਵਾਂ ਨੇ ਕਰੀਬ 11.35 ਵਜੇ ਮੀਟਿੰਗ ’ਚੋਂ ਬਾਹਰ ਆ ਕੇ ਐਲਾਨ ਕੀਤਾ ਕਿ ਉਹ ਮੰਗਲਵਾਰ ‘ਦਿੱਲੀ ਕੂਚ’ ਕਰਨਗੇ। ਇਸ ਦੇ ਬਾਅਦ ਬੀਤੇ ਦਿਨ ਕਿਸਾਨਾਂ ਨੇ ਸਵੇਰੇ ਦਿੱਲੀ ਵੱਲ ਕੂਚ ਕਰ ਦਿੱਤਾ।
ਇਹ ਵੀ ਪੜ੍ਹੋ: ਦਿੱਲੀ ਦੀਆਂ ਬਰੂਹਾਂ 'ਤੇ ਮੁੜ ਡਟੇ ਕਿਸਾਨ, ਭਾਜਪਾ ਦੇ ਸਿੱਖ ਆਗੂ ਤਾਲਮੇਲ ਕਾਇਮ ਕਰਨ 'ਚ ਰਹੇ ਨਾਕਾਮ
ਸੂਤਰਾਂ ਅਨੁਸਾਰ ਕੇਂਦਰੀ ਵਜ਼ੀਰਾਂ ਨੇ ਅਖੀਰ ਵਿਚ ਕਿਸਾਨਾਂ ਨੂੰ ਇਹ ਪੇਸ਼ਕਸ਼ ਵੀ ਕੀਤੀ ਸੀ ਕਿ ਉਹ ਕੇਂਦਰੀ ਖੇਤੀ ਮੰਤਰੀ ਦੀ ਅਗਵਾਈ ਹੇਠ ਇਨ੍ਹਾਂ ਮੰਗਾਂ ਨੂੰ ਵਿਚਾਰਨ ਲਈ ਇਕ ਕਮੇਟੀ ਦਾ ਗਠਨ ਕਰਨਗੇ, ਜਿਨ੍ਹਾਂ ਵਿਚ ਸੂਬਿਆਂ ਦੇ ਖੇਤੀ ਮੰਤਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ ਪਰ ਕਿਸਾਨ ਆਗੂਆਂ ਨੇ ਇਹ ਪੇਸ਼ਕਸ਼ ਸਿਰੇ ਤੋਂ ਨਕਾਰ ਦਿੱਤੀ। ਕਿਸਾਨ ਨੇਤਾ ਸਰਵਣ ਸਿੰਘ ਪੰਧੇਰ ਨੇ ਮੀਟਿੰਗ ਮਗਰੋਂ ਕਿਹਾ ਸੀ ਕਿ ਕਿਸਾਨ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ ਸਨ ਅਤੇ ਗੱਲਬਾਤ ਦੇ ਜ਼ਰੀਏ ਮਾਮਲਾ ਸਿਰੇ ਲਾਉਣਾ ਚਾਹੁੰਦੇ ਸਨ ਪਰ ਕੇਂਦਰ ਸਰਕਾਰ ਅਹਿਮ ਮੰਗਾਂ ਮੰਨਣ ਦੇ ਰੌਂਅ ਵਿਚ ਨਹੀਂ ਹੈ। ਸਰਕਾਰ ਦੇ ਮਨ ਵਿਚ ਖੋਟ ਹੈ ਅਤੇ ਸਰਕਾਰ ਸਮਾਂ ਲੰਘਾਉਣਾ ਚਾਹੁੰਦੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਵੱਲੋਂ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਕਿਸਾਨਾਂ 'ਤੇ ਕਈ ਤਰ੍ਹਾਂ ਤਸ਼ਦੱਦ ਵੀ ਢਾਏ ਜਾ ਰਹੇ ਹਨ। ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਦਿੱਲੀ ਬਾਰਡਰ 'ਤੇ ਅੱਜ ਵੀ ਆਵਾਜਾਈ ਜਾਮ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ। ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ 15 ਫਰਵਰੀ ਦੀ ਰਾਤ ਤੱਕ ਇੰਟਰਨੈੱਟ ਪਾਬੰਦੀ ਵਧਾ ਦਿੱਤੀ ਗਈ ਹੈ।
ਕੀ ਹਨ ਮੰਗਾਂ
ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਦਾ ਮਕਸਦ ਆਪਣੀਆਂ ਮੰਗਾਂ ਵਿਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਾਰੰਟੀ ਤੋਂ ਇਲਾਵਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਪੈਨਸ਼ਨ, ਕਿਸਾਨੀ ਕਰਜ਼ੇ ਮੁਆਫ਼ ਕਰਨ, ਪੁਲਸ ਵੱਲੋਂ ਦਰਜ ਕੀਤੇ ਕੇਸ ਵਾਪਸ ਲੈਣ, ਲਖੀਮਪੁਰੀ ਦੇ ਪੀੜਤਾਂ ਨੂੰ ਰਾਹਤ ਦੇਣ ਆਦਿ ਸ਼ਾਮਲ ਹਨ। ਕਿਸਾਨ 'ਨਿਆਂ', ਭੂਮੀ ਗ੍ਰਹਿਣ ਕਾਨੂੰਨ 2013 ਨੂੰ ਬਹਾਲ ਕਰਨ ਅਤੇ ਪਿਛਲੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਮੰਗ ਕਰ ਰਹੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ 'ਚ SKM ਨੇ ਸੱਦ ਲਈ ਹੰਗਾਮੀ ਮੀਟਿੰਗ, ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
NEXT STORY