ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਇੱਥੋਂ ਦੇ ਵਸਨੀਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਜ਼ਰੀਏ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਵਿਕਾਸ ਪ੍ਰਾਜੈਕਟਾਂ ਦਾ ਲਾਭ ਪਹੁੰਚਾਉਣ ਲਈ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ ਜਦੋਂ ਬਰਨਾਲਾ ਜ਼ਿਲਾ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਖੇਤਰ ’ਚ ਪੰਜਾਬ ਦਾ ਸਭ ਤੋਂ ਉੱਤਮ ਜ਼ਿਲਾ ਐਲਾਨਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਲਈ ਡਿਪਟੀ ਕਮਿਸ਼ਨਰ ਧਰਮ ਪਾਲ ਗੁਪਤਾ ਨੂੰ ਚੰਗਾ ਕੰਮ ਕਰਨ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਕਰਨ ਲਈ ਸਨਮਾਨਤ ਵੀ ਕੀਤਾ। ਗੁਪਤਾ ਨੂੰ ਇਹ ਇਨਾਮ ਜੇ. ਡਬਲਿਊ ਮੈਰੀਅਟ ਹੋਟਲ ਵਿਚ ਇੰਡੀਆ ਟੁਡੇ ਦੇ ‘ਦਿ ਸਟੇਟ ਆਫ਼ ਸਟੇਟ ਕਾਨਕਲੇਵ’ ਪ੍ਰੋਗਰਾਮ ਦੌਰਾਨ ਦਿੱਤਾ ਗਿਆ। ਇੰਡੀਆ ਟੁਡੇ ਨੇ ਪੰਜਾਬ ਦੇ ਸਾਰੇ 22 ਜ਼ਿਲਿਆਂ ਵਿਚ ਸਰਵੇ ਕਰਨ ਤੋਂ ਬਾਅਦ ਬਰਨਾਲਾ ਨੂੰ ਇਸ ਸਨਮਾਨ ਲਈ ਚੁਣਿਆ ਹੈ । ਸਨਮਾਨ ਮਿਲਣ ’ਤੇ ਡਿਪਟੀ ਕਮਿਸ਼ਨਰ ਗੁਪਤਾ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਅਤੇ ਇਸ ਸਨਮਾਨ ਨੇ ਜ਼ਿਲਾ ਪ੍ਰਸ਼ਾਸਨ ਨੂੰ ਹੋਰ ਜ਼ਿਆਦਾ ਮਿਹਨਤ ਨਾਲ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਕਰ ਦਿੱਤਾ ਹੈ। ਸ਼੍ਰੀ ਗੁਪਤਾ ਨੇ ਕਿਹਾ ਕਿ ਇਸ ਸਨਮਾਨ ਲਈ ਚੁਣਿਆ ਜਾਣਾ ਪੂਰੇ ਜ਼ਿਲਾ ਪ੍ਰਸ਼ਾਸਨ ਲਈ ਬਹੁਤ ਮਾਣ ਦੀ ਗੱਲ ਹੈ ਅਤੇ ਇਸ ਸਨਮਾਨ ਦਾ ਸਿਹਰਾ ਵੱਖ-ਵੱਖ ਵਿਭਾਗਾਂ ਦੇ ਸਿਰ ਬੱਝਦਾ ਹੈ ਜਿਨ੍ਹਾਂ ਜ਼ਿਲਾ ਦੇ ਵਿਕਾਸ ਲਈ ਕੰਮ ਕੀਤਾ ਹੈ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਇਨਾਮ ਜ਼ਿਲਾ ਪ੍ਰਸ਼ਾਸਨ ਦੇ ਸਾਰੇ ਹੀ ਅਫ਼ਸਰਾਂ ਵੱਲੋਂ ਕੀਤੀ ਗਈ ਸਖ਼ਤ ਮਿਹਨਤ ਦਾ ਨਤੀਜਾ ਹੈ। ਗੁਪਤਾ ਨੇ ਕਿਹਾ ਕਿ ਪ੍ਰਸ਼ਾਸਨ ਅੱਗੇ ਵੀ ਵਧੀਆ ਤਰੀਕੇ ਨਾਲ ਲੋਕਾਂ ਦੀ ਸੇਵਾ ਕਰਨ ਦੇ ਯਤਨਾਂ ਨੂੰ ਜਾਰੀ ਰੱਖੇਗਾ। ਉਨ੍ਹਾਂ ਭਰੋਸਾ ਦਵਾਇਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਪਾਰਦਰਸ਼ੀ ਤੇ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਲੋਕਾਂ ਦੀ ਖੁਸ਼ਹਾਲੀ ਲਈ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਉਨ੍ਹਾਂ ਤਕ ਪੁੱਜਦਾ ਕਰਨ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਟਰੈਕਟਰ-ਟਰਾਲੀ ਆਉਣ ਕਾਰਨ ਚਾਲਕ ਗੰਭੀਰ ਜ਼ਖਮੀ
NEXT STORY