ਸੰਗਰੂਰ (ਵਿਵੇਕ ਸਿੰਧਵਾਨੀ)-ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮੁੱਖ ਖੇਤੀਬਾਡ਼ੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਹੇਠ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਭਦੌਡ਼ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ ਗਿਆ। ਕੈਂਪ ’ਚ ਕਿਸਾਨਾਂ ਨੂੰ ਫਸਲੀ ਕੀਡ਼ਿਆਂ ਅਤੇ ਬੀਮਾਰੀਆਂ ਤੋਂ ਬਚਾਉਣ ਲਈ ਜ਼ਰੂਰਤ ਅਨੁਸਾਰ ਹੀ ਖੇਤੀ ਰਸਾਇਣਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਖੇਤੀਬਾਡ਼ੀ ਵਿਕਾਸ ਅਫ਼ਸਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਕਣਕ ਦੀ ਫਸਲ ਉੱਪਰ ਫਿਲਹਾਲ ਕਿਸੇ ਬੀਮਾਰੀ ਜਾਂ ਕੀਡ਼ੇ-ਮਕੌਡ਼ੇ ਦਾ ਹਮਲਾ ਨਹੀਂ ਹੋਇਆ। ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੇ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿਚ ਨਿਰੰਤਰ ਦੌਰੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਜਾਗਰੂਕ ਕਰ ਕੇ ਬੀਮਾਰੀ ਦੇ ਹਮਲੇ ਨੂੰ ਸ਼ੁਰੂ ਵਿਚ ਹੀ ਰੋਕਿਆ ਜਾ ਸਕੇ। ਖੇਤੀਬਾਡ਼ੀ ਵਿਕਾਸ ਅਫ਼ਸਰ ਨੇ ਕਿਹਾ ਕਿ ਪੀਲੀ ਕੁੰਗੀ ਸਭ ਤੋਂ ਪਹਿਲਾਂ ਹੇਠਲੇ ਪੱਤਿਆਂ ਉੱਪਰ ਆਉਂਦੀ ਹੈ। ਪੀਲੇ ਰੰਗ ਦੇ ਪਾਊਡਰ ਤੇ ਲੰਬੀਆਂ ਧਾਰੀਆਂ ਵਾਲੇ ਧੱਬਿਆਂ ਦੇ ਰੂਪ ਵਿਚ ਦਿਖਾਈ ਦਿੰਦੀ ਹੈ। ਜੇਕਰ ਪ੍ਰਭਾਵਿਤ ਪੱਤੇ ਨੂੰ ਉਂਗਲਾਂ ’ਚ ਫਡ਼ਿਆ ਜਾਵੇ ਤਾਂ ਉਂਗਲਾਂ ’ਤੇ ਪੀਲਾ ਪਾਊਡਰ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਵਾਉਂਦੇ ਰਹਿਣ। ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲੱਛਣ ਦਿਖਾਈ ਦੇਣ ਤਾਂ ਕਿਸਾਨ ਤੁਰੰਤ 200 ਮਿ. ਲਿ. ਪ੍ਰੋਪੀਕੋਨਾਜੋਲ 25 ਈ. ਸੀ. ਪ੍ਰਤੀ ਏਕਡ਼ ਨੂੰ 200 ਲਿਟਰ ਪਾਣੀ ’ਚ ਘੋਲ ਕੇ ਛਿਡ਼ਕਾਅ ਕਰ ਦੇਣ।
ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤਿੱਖਾ ਹੋਵੇਗਾ : ਅਰੋਡ਼ਾ
NEXT STORY