ਸੰਗਰੂਰ (ਸੰਜੀਵ ਜੈਨ)-ਸਥਾਨਕ ਖੰਡ ਮਿੱਲ ਵੱਲ ਗੰਨੇ ਦੀ ਬਕਾਇਆਂ ਰਹਿੰਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਮਰਨ ਵਰਤ ’ਤੇ ਬੈਠੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਉਜਾਗਰ ਸਿੰਘ ਅਤੇ ਮਹਿੰਦਰ ਸਿੰਘ ਬਡ਼ੈਚ ਦੀ ਸਿਹਤ ਦਾ ਹਾਲ ਜਾਣਨ ਲਈ ਅੱਜ ਭਾਕਿਯੂ ਲੱਖੋਵਾਲ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਵੀ ਧੂਰੀ ਪੁੱਜੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦਾ ਗੰਨੇ ਦਾ 800 ਕਰੋਡ਼ ਰੁਪਏ ਦਾ ਬਕਾਇਆ ਨਿੱਜੀ ਖੰਡ ਮਿੱਲਾਂ ਵੱਲ ਅਤੇ 290 ਕਰੋਡ਼ ਰੁਪਏ ਕੋਆਪਰੇਟਿਵ ਮਿੱਲਾਂ ਵੱਲ ਬਕਾਇਆ ਰਹਿੰਦਾ ਹੈ। ਉਨ੍ਹਾਂ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕਰ ਕੇ ਸੱਤਾ ਹਾਸਲ ਕਰਨ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਗੰਨੇ ਦੇ ਪੈਸੇ ਦਵਾਉਣ ਅਤੇ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ’ਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅੰਨਦਾਤਾ ਪਿਛਲੇ ਛੇ ਦਿਨਾਂ ਤੋਂ ਮਰਨ ਵਰਤ ’ਤੇ ਬੈਠਾ ਹੈ, ਪਰ ਸੱਤਾ ਦੇ ਨਸ਼ੇ ’ਚ ਚੂਰ ਕਾਂਗਰਸ ਸਰਕਾਰ ਵੱਲੋਂ ਉਸ ਦੀ ਕੋਈ ਸਾਰ ਨਹੀ ਲਈ ਜਾ ਰਹੀ ਹੈ। ਉਨ੍ਹਾਂ ਲੰਘੇ ਦਿਨੀਂ ਮਰਨ ਵਰਤ ’ਤੇ ਬੈਠੇ ਮਹਿੰਦਰ ਸਿੰਘ ਵਡ਼ੈਚ ਨੂੰ ਪ੍ਰਸ਼ਾਸਨ ਵੱਲੋਂ ਚੁੱਕੇ ਜਾਣ ਦੀ ਨਿੰਦਾ ਵੀ ਕੀਤੀ। ਉਨ੍ਹਾਂ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਰਹਿੰਦੀ ਬਕਾਇਆ ਰਾਸ਼ੀ ਦਵਾਈ ਜਾਵੇ ਅਤੇ ਜੇਕਰ ਅਜਿਹਾ ਨਹੀ ਹੋਇਆ ਤਾਂ ਆਉਣ ਵਾਲੇ ਦਿਨਾਂ ’ਚ ਮਰਨ ਵਰਤ ’ਤੇ ਬੈਠਣ ਵਾਲੇ ਕਿਸਾਨਾਂ ਦੀ ਗਿਣਤੀ ’ਚ ਵਾਧਾ ਲਗਾਤਾਰ ਜਾਰੀ ਰਹੇਗਾ ਅਤੇ ਇਸ ਦੇ ਖ਼ਾਮਿਆਜ਼ਾ ਸਰਕਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ’ਚ ਭੁਗਤਣਾ ਪਵੇਗਾ। ਇਸ ਮੌਕੇ ਜਗਸੀਰ ਸਿੰਘ, ਅਵਤਾਰ ਸਿੰਘ ਬਾਦਸ਼ਾਹਪੁਰ, ਜਰਨੈਲ ਸਿੰਘ ਜਹਾਂਗੀਰ, ਨਿਰਮਲ ਸਿੰਘ ਘਨੌਰ, ਅਜਮੇਰ ਸਿੰਘ ਹੁੰਦਲ, ਡਾ.ਅਨਵਰ ਭਸੌਡ਼, ਨਰੰਜਨ ਸਿੰਘ ਦੋਹਲਾ, ਕਿਰਪਾਲ ਸਿੰਘ ਰਾਜੋਮਾਜਰਾ ਅਤੇ ਮੇਜਰ ਸਿੰਘ ਪੁੰਨਾਂਵਾਲ ਆਦਿ ਵੀ ਮੌਜੂਦ ਸਨ। ਦੂਜੇ ਪਾਸੇ ਗੰਨੇ ਦੀ ਬਕਾਇਆ ਅਦਾਇਗੀ ਦੀ ਮੰਗ ਨੂੰ ਲੈ ਕੇ ਗੰਨਾ ਕਾਸ਼ਤਕਾਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਧੂਰੀ-ਸੰਗਰੂਰ ਮੁੱਖ ਮਾਰਗ ’ਤੇ ਆਵਾਜਾਈ ਠੱਪ ਕਰ ਕੇ ਸ਼ੁਰੂ ਕੀਤਾ ਗਿਆ ਧਰਨਾ 17ਵੇਂ ਦਿਨ ਵੀ ਜਾਰੀ ਰਿਹਾ। ਜਿਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ।
ਮਰਨ ਵਰਤ ’ਤੇ ਬੈਠੇ ਉਜਾਗਰ ਸਿੰਘ ਚੋਂਦਾ ਨੂੰ ਪੁਲਸ ਨੇ ਜਬਰੀ ਚੁੱਕਿਆ
NEXT STORY