ਸੰਗਰੂਰ (ਵਿਵੇਕ ਸਿੰਧਵਾਨੀ, ਰਵੀ)-ਸਡ਼ਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲਾ ਵਾਸੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਬਾਰੇ ਸੁਚੇਤ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ ਅਤੇ ਪਿਛਲੇ ਸਮੇਂ ਹੋਈਆਂ ਦੁਰਘਟਨਾਵਾਂ ਦੀ ਸਮੀਖਿਆ ਕਰਕੇ ਅਜਿਹੀਆਂ ਥਾਵਾਂ ਦੀ ਪਛਾਣ ਕੀਤੀ ਜਾਵੇ, ਜਿਥੇ ਸਡ਼ਕ ਦੁਰਘਟਨਾ ਵਾਪਰਨ ਦਾ ਖ਼ਤਰਾ ਆਮ ਨਾਲੋਂ ਵਧੇਰੇ ਹੋਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਸਡ਼ਕ ਸੁਰੱਖਿਆ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ. ਫੂਲਕਾ ਨੇ ਇਹ ਵੀ ਹਦਾਇਤ ਕੀਤੀ ਕਿ ਸਡ਼ਕ ਦੁਰਘਟਨਾਵਾਂ ਰੋਕਣ ਲਈ ਅਜਿਹੀਆਂ ਥਾਵਾਂ ’ਤੇ ਲੋਡ਼ੀਂਦੇ ਬਦਲਾਅ ਵੀ ਕੀਤੇ ਜਾਣ ਤੇ ਵਾਹਨ ਚਾਲਕਾਂ ਨੂੰ ਸੁਚੇਤ ਕਰਨ ਲਈ ਸਡ਼ਕੀ ਚਿੰਨ੍ਹ ਵੀ ਲਾਏ ਜਾਣ। ਤੇਜ ਪ੍ਰਤਾਪ ਸਿੰਘ ਫੂਲਕਾ ਨੇ ਟ੍ਰੈਫਿਕ ਪੁਲਸ ਤੇ ਰੀਜਨਲ ਟਰਾਂਸਪੋਰਟ ਅਥਾਰਿਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੈਸ਼ਰ ਹਾਰਨ ਤੇ ਓਵਰਲੋਡਿੰਗ ਦੀ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇ ਅਤੇ ਅਜਿਹੇ ਵਾਹਨ ਚਾਲਕਾਂ ਵਿਰੁੱਧ ਲੋਡ਼ੀਂਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਕੂਲਾਂ ’ਚ ਵਿਦਿਆਰਥੀਆਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਵਿਚ ਸੀ. ਸੀ. ਟੀ. ਵੀ. ਕੈਮਰੇ, ਸਪੀਡ ਗਵਰਨਰ ਅਤੇ ਲੇਡੀ ਅਟੈਂਡੈਂਟ ਦੇ ਨਾਲ-ਨਾਲ ਮੁੱਢਲੀ ਸਹਾਇਤਾ ਦੇਣ ਲਈ ਲੋਡ਼ੀਂਦੀਆਂ ਦਵਾਈਆਂ ਤੇ ਅੱਗ ਬੁਝਾਊ ਯੰਤਰਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਨਿਯਮਿਤ ਤੌਰ ’ਤੇ ਜਾਂਚ ਕੀਤੀ ਜਾਵੇ। ਉਨ੍ਹਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਕੂਲਾਂ ਵਿਚ ਦਾਖਲ ਕਰਵਾਉਣ ਸਮੇਂ ਇਸ ਗੱਲ ਦਾ ਧਿਆਨ ਜ਼ਰੂਰ ਰੱਖਣ ਕਿ ਸਕੂਲ ਪ੍ਰਬੰਧਕ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁਡ਼ੇ ਅਹਿਮ ਮੁੱਦਿਆਂ ਨੂੰ ਨਜ਼ਰਅੰਦਾਜ਼ ਨਾ ਕਰਦੇ ਹੋਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਡਰਾਈਵਰਾਂ ਤੇ ਕੰਡਕਟਰਾਂ ਨੂੰ ਤਾਕੀਦ ਕੀਤੀ ਜਾਵੇ ਕਿ ਉਹ ਬੱਸਾਂ ਚਲਾਉਂਦੇ ਸਮੇਂ ਮੋਬਾਇਲ ਫੋਨ ਜਾਂ ਹੈੱਡ ਫੋਨ ਦੀ ਵਰਤੋਂ ਨਾ ਕਰਨ ਅਤੇ ਨਾ ਹੀ ਨਿਰਧਾਰਤ ਸੀਟਾਂ ਤੋਂ ਵੱਧ ਬੱਚੇ ਬੱਸਾਂ ਵਿਚ ਬਿਠਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਐੱਸ. ਪੀ. ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਹੀ ਦੁੱਗ, ਐੱਸ. ਡੀ. ਐੱਮ. ਸੰਦੀਪ ਕੁਮਾਰ, ਸਕੱਤਰ ਆਰ. ਟੀ. ਏ. ਕਰਨਵੀਰ ਸਿੰਘ ਛੀਨਾ ਅਤੇ ਡੀ. ਐੱਸ. ਪੀ. ਜਸਵੀਰ ਸਿੰਘ ਵੀ ਹਾਜ਼ਰ ਸਨ।
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਲੜਕੀ ਨੇ ਕੀਤੀ ਖੁਦਕੁਸ਼ੀ
NEXT STORY