ਸੰਗਰੂਰ (ਰਾਜੇਸ਼ ਕੋਹਲੀ) : ਸੰਗਰੂਰ ਵਿਚ ਪ੍ਰਸ਼ਾਸਨ ਨੂੰ ਖੁੱਲ੍ਹਾ ਚੈਲੇਂਜ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸਖ਼ਤ ਹੋ ਗਿਆ ਹੈ। ਦਰਅਸਲ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਦੋ ਦਰਜਨ ਦੇ ਕਰੀਬ ਕਿਸਾਨਾਂ ਨੂੰ ਜੁਰਮਾਨੇ ਕੀਤੇ ਗਏ ਹਨ। ਉਥੇ ਹੀ ਬੀ.ਕੇ.ਯੂ. ਦੇ ਨੇਤਾ ਨੇ ਕਿਹਾ ਕਿ ਪ੍ਰਸ਼ਾਸਨ ਜੋ ਮਰਜੀ ਕਰ ਲਏ ਅਸੀਂ ਅੱਗ ਲਗਾਉਣਾ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੂੰ ਜੁਰਮਾਨੇ ਕੀਤੇ ਗਏ ਹਨ। ਯੂਨੀਅਨ ਉਨ੍ਹਾਂ ਨਾਲ ਡੱਟ ਕੇ ਖੜੀ ਹੈ ਅਤੇ ਕਿਸਾਨਾਂ ਵੱਲੋਂ ਕੋਈ ਜੁਰਮਾਨਾ ਨਹੀਂ ਭਰਿਆ ਜਾਵੇਗਾ, ਕਿਉਂਕਿ ਸਰਕਾਰ ਨੇ ਸਾਨੂੰ ਪਰਾਲੀ ਦੇ ਹੱਲ ਲਈ ਕੋਈ ਬਦਲ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਅੱਗ ਲਗਾਉਣੀ ਸ਼ੁਰੂ ਕੀਤੀ ਸੀ।

ਉਧਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਸੰਗਰੂਰ ਦੇ ਐਸ.ਡੀ.ਓ. ਸਤੀਸ਼ ਸਿੰਗਲਾ ਨੇ ਕਿਹਾ ਕਿ ਜੋ ਵੀ ਕਿਸਾਨ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਏਗਾ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 200 ਤੋਂ ਜ਼ਿਆਦਾ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਟੀਮ ਵੱਲੋਂ ਪਿੰਡਾਂ ਵਿਚ ਜਾ ਕੇ 2 ਦਰਜਨ ਦੇ ਕਰੀਬ ਕਿਸਾਨਾਂ ਨੂੰ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 2 ਏਕੜ ਤੋਂ ਘੱਟ ਰਕਬੇ ਵਾਲੇ ਕਿਸਾਨਾਂ ਨੂੰ 2500, 2 ਏਕੜ ਤੋਂ 5 ਏਕੜ ਵਾਲੇ ਕਿਸਾਨਾਂ ਨੂੰ 5000 ਅਤੇ 5 ਏਕੜ ਤੋਂ ਜ਼ਿਆਦਾ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਮਾਨਾ ਕੀਤਾ ਜਾਏਗਾ।
ਦੀਵਾਲੀ ਤੋਂ ਪਹਿਲਾਂ ਲਾਟਰੀ ਦੀਆਂ ਦੁਕਾਨਾਂ 'ਤੇ ਪੁਲਸ ਦਾ ਕਹਿਰ
NEXT STORY