ਲੁਧਿਆਣਾ (ਨਰਿੰਦਰ) : ਪੰਜਾਬ ਦੀ ਕੈਪਟਨ ਸਰਕਾਰ ਲੁਧਿਆਣਾ ਦੇ ਨਾਲ ਲੱਗਦੇ ਮੱਤੇਵਾੜਾ ਦੇ ਜੰਗਲਾਂ ਦੇ 'ਚ ਸਨਅਤੀ ਪਾਰਕ ਬਣਾਉਣ ਲਈ 1000 ਏਕੜ ਜ਼ਮੀਨ ਐਕਵਾਇਰ ਕਰਨ ਅਤੇ ਨਾਲ ਦੇ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਇਸ 'ਚ ਮਿਲਾਉਣ ਦੀ ਯੋਜਨਾ ਬਣਾ ਰਹੀ ਹੈ ਪਰ ਇਸ ਤੋਂ ਪਹਿਲਾਂ ਹੀ ਸਥਾਨਕ ਲੋਕਾਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਇਸ ਸਬੰਧੀ ਜਿੱਥੇ ਵਿਰੋਧੀ ਪਾਰਟੀਆਂ ਦੇ ਆਗੂ ਮੱਤੇਵਾੜਾ ਪਹੁੰਚ ਰਹੇ ਹਨ, ਉੱਥੇ ਹੀ ਅੱਜ ਆਮ ਆਦਮੀ ਪਾਰਟੀ ਦੀ ਜਗਰਾਓਂ ਤੋਂ ਵਿਧਾਇਕਾ ਸਰਬਜੀਤ ਕੌਰ ਮਾਣੂਕੇ ਮੱਤੇਵਾੜਾ ਦੇ ਪਿੰਡ ਸੇਖੋਵਾਲ ਪਹੁੰਚੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਸਥਾਨਕ ਲੋਕਾਂ ਦੇ ਨਾਲ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲੜਾਈ ਕਿਸਾਨ ਅਤੇ ਸਥਾਨਕ ਲੋਕਾਂ ਦੇ ਹੱਕ 'ਚ ਲੜੀ ਜਾਵੇਗੀ। ਵਿਧਾਇਕਾ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਿਕਾਸ ਦੇ ਨਾਂ 'ਤੇ ਪੰਚਾਇਤੀ ਜ਼ਮੀਨਾਂ ਨੂੰ ਹੜੱਪਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਭੋਲੇ-ਭਾਲੇ ਸਰਪੰਚਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਪੰਚਾਇਤੀ ਜ਼ਮੀਨਾਂ ਦੇਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਪਰ ਆਮ ਆਦਮੀ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਸੇਖੋਵਾਲ ਦੇ ਲੋਕਾਂ ਨੇ ਪਹਿਲਾਂ ਵੀ ਸੁਪਰੀਮ ਕੋਰਟ ਜਾ ਕੇ ਆਪਣੇ ਹੱਕ ਲਏ ਸਨ।
ਉਨ੍ਹਾਂ ਕਿਹਾ ਕਿ ਪਿੰਡ 'ਚ ਸੈਂਕੜੇ ਲੋਕ ਰਹਿੰਦੇ ਹਨ ਅਤੇ ਬੱਚੇ-ਬਜ਼ੁਰਗ ਆਪਣੇ ਘਰਾਂ ਨੂੰ ਛੱਡ ਕੇ ਕਿੱਥੇ ਜਾਣਗੇ। ਸਰਬਜੀਤ ਮਾਣੂਕੇ ਨੇ ਕਿਹਾ ਕਿ ਲੋੜ ਪੈਣ 'ਤੇ ਉਹ ਅਦਾਲਤਾਂ ਦਾ ਵੀ ਦਰਵਾਜ਼ਾ ਵੀ ਖੜਕਾਉਣਗੇ ਅਤੇ ਸਥਾਨਕ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਗਰੀਬ ਲੋਕਾਂ ਅਤੇ ਕਿਸਾਨਾਂ ਨੂੰ ਉਜਾੜਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਮਨਸੂਬਿਆਂ 'ਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
5 ਦਿਨ ਪਹਿਲਾਂ ਵਿਆਹੀ ਕੁੜੀ ਨੂੰ ਦਿਨ-ਦਿਹਾੜੇ ਕੀਤਾ ਅਗਵਾ, ਪੁਲਸ ਨੂੰ ਪਈਆਂ ਭਾਜੜਾਂ
NEXT STORY