ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ (27) ਪੁੱਤਰ ਬਲਕਾਰ ਸਿੰਘ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸੋਗ ਦੀ ਲਹਿਰ ਦੌੜ ਗਈ ਹੈ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਵੱਡੇ ਭਰਾ ਅਤੇ ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਾਕਾ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ 'ਚ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਦੀ ਫਿਰਨੀ ਕੋਲ ਪਹੁੰਚਿਆ, ਤਾਂ ਪਹਿਲਾਂ ਤੋਂ ਹੀ ਤਿਆਰੀ 'ਚ ਬੈਠੇ ਇੱਕ ਸਵਿਫਟ ਗੱਡੀ 'ਚ ਸਵਾਰ ਕੁਝ ਨੌਜਵਾਨਾਂ ਨੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਖਰਾਜ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ 'ਤੇ ਵੱਡਾ ਕਦਮ ਚੁੱਕਣ ਜਾ ਰਿਹਾ ਟਰੰਪ ਪ੍ਰਸ਼ਾਸਨ
ਸਰਪੰਚ ਨਵਦੀਪ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਵੀ ਪਿੰਡ ਸ਼ਾਹਪੁਰ ਜਾਜਨ ਵਿਖੇ ਸੁਖਰਾਜ 'ਤੇ ਜਾਨਲੇਵਾ ਹਮਲਾ ਹੋਇਆ ਸੀ, ਜਿਸ 'ਚ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਪੁਲਸ ਨੇ ਹਮਲਾਵਰਾਂ ਖਿਲਾਫ਼ ਕੋਈ ਠੋਸ ਕਾਰਵਾਈ ਨਹੀਂ ਕੀਤੀ ਸੀ, ਜਿਸ ਕਾਰਨ ਅੱਜ ਇਹ ਵੱਡੀ ਵਾਰਦਾਤ ਵਾਪਰ ਗਈ ਹੈ। ਪੀੜਤ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।
ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਮੌਕੇ ਤੋਂ ਗੋਲੀਆਂ ਦੇ ਦੋ ਖੋਲ ਬਰਾਮਦ ਕੀਤੇ ਹਨ। ਐੱਸ.ਐੱਚ.ਓ. ਅਸ਼ੋਕ ਕੁਮਾਰ ਸ਼ਰਮਾ ਨੇ ਦੱਸਿਆ ਕਿ ਸਰਪੰਚ ਨਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਗਿਆ ਹੈ।
ਪੁਲਸ ਅਧਿਕਾਰੀ ਅਨੁਸਾਰ ਮ੍ਰਿਤਕ ਸੁਖਰਾਜ ਸਿੰਘ ਉਰਫ਼ ਕਾਕਾ 'ਤੇ ਵੀ ਪਹਿਲਾਂ ਤੋਂ ਕਈ ਅਪਰਾਧਿਕ ਮਾਮਲੇ ਦਰਜ ਸਨ। ਸ਼ੁਰੂਆਤੀ ਜਾਂਚ ਵਿੱਚ ਮਾਮਲਾ ਆਪਸੀ ਰੰਜਿਸ਼ ਦਾ ਲੱਗ ਰਿਹਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਸੀਨੀਅਰ ਅਫਸਰਾਂ ਦੇ ਧਿਆਨ 'ਚ ਮਾਮਲਾ ਲਿਆ ਦਿੱਤਾ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ ਨੇ 100 ਫ਼ੀਸਦੀ Tariff ਲਗਾਉਣ ਵਾਲੇ ਕਾਨੂੰਨ 'ਤੇ ਕਰ'ਤੇ ਦਸਤਖ਼ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡੀ ਖਬਰ, ਪੁਲਸ ਮੁਕਾਬਲੇ ’ਚ ਇਕ ਮੁਲਜ਼ਮ ਢੇਰ
NEXT STORY