ਜਲੰਧਰ(ਧਵਨ)– ਪੰਜਾਬ ਦੇ ਉੱਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਸਮਾਜ ਵਿੱਚ ਗੁਰੂ ਦਾ ਦਰਜਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਤੋਂ ਬਿਨਾਂ ਦੇਸ਼ ਦਾ ਵਿਕਾਸ ਅਸੰਭਵ ਹੈ ਅਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਅਧਿਆਪਕਾਂ ਦੀ ਜ਼ਿੰਮੇਵਾਰੀ ਹੈ ਕਿਉਂਕਿ ਇਹ ਬੱਚੇ ਹੀ ਦੇਸ਼ ਦੀ ਵਾਗਡੋਰ ਸੰਭਾਲਣਗੇ। ਸੂਬੇ ਭਰ ਦੇ 1500 ਤੋਂ ਵੱਧ ਸਕੂਲ ਮੁਖੀ ਜੋ ਕਿ ਐਸੋਸ਼ੀਏਟ ਅਤੇ ਪ੍ਰਾਈਵੇਟ ਸਕੂਲਾਂ ਨਾਲ ਸਬੰਧਤ ਹਨ, ਦੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸੋਨੀ ਨੇ ਕਿਹਾ ਕਿ ਪਿਛਲੇ ਸਾਢੇ 4 ਸਾਲਾਂ ਦੌਰਾਨ ਸਾਡੀ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ ਅਤੇ ਸਮੁੱਚਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚ ਪਹਿਲੇ ਨੰਬਰ ’ਤੇ ਆਇਆ ਹੈ।
ਇਹ ਵੀ ਪੜ੍ਹੋ- ਨਰਮਾ ਉਤਪਾਦਕਾਂ ਲਈ ਨਿਗੂਣੇ ਮੁਆਵਜ਼ੇ ਦੀ ਮੁੜ ਸਮੀਖਿਆ ਕਰਨ ਮੁੱਖ ਮੰਤਰੀ : ਸੁਖਬੀਰ ਬਾਦਲ
ਸੋਨੀ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੂਰਾ ਸਮਾਜ ਅਧਿਆਪਕਾਂ ਦਾ ਸਭ ਤੋਂ ਵੱਧ ਸਤਿਕਾਰ ਕਰਦਾ ਹੈ, ਇਸ ਲਈ ਬੱਚਿਆਂ ਨੂੰ ਚੰਗੀ ਸਿੱਖਿਆ ਪ੍ਰਦਾਨ ਕਰਨਾ ਅਧਿਆਪਕਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ’ਤੇ ਆਏ ਸਨ ਤਾਂ ਸਰਕਾਰੀ ਸਕੂਲਾਂ ਦੇ ਨਤੀਜੇ ਬਹੁਤ ਮਾੜੇ ਸਨ ਅਤੇ ਉਨ੍ਹਾਂ ਦਾ ਦਿਲ ਸਰਕਾਰੀ ਸਕੂਲਾਂ ’ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣਾ ਚਾਹੁੰਦਾ ਸੀ, ਜਿਸ ਲਈ ਸਭ ਤੋਂ ਪਹਿਲਾਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਸੀ, ਜਿਸ ’ਚ ਅਸਾਮੀਆਂ ਖਾਲੀ ਪਈਆਂ ਸਨ | ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਅਧਿਆਪਕਾਂ ਦੀ ਭਰਤੀ ਕੀਤੀ ਗਈ ਸੀ। ਇਸ ਦੇ ਨਤੀਜੇ ਵਜੋਂ ਅਗਲੇ ਸਾਲ ਸਰਕਾਰੀ ਸਕੂਲਾਂ ਦੇ ਨਤੀਜਿਆਂ ਵਿੱਚ ਕਾਫੀ ਸੁਧਾਰ ਹੋਇਆ। ਸੋਨੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਵੀ ਐਸੋਸ਼ੀਏਟ/ਪ੍ਰਾਈਵੇਟ ਸਕੂਲਾਂ ਨੇ ਬੱਚਿਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਲਈ ਅਹਿਮ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ ਗੈਂਗਸਟਰਾਂ ਦਾ ਰਾਜ ਨਹੀਂ ਵਧਣ ਦੇਵਾਂਗੇ : ਰੰਧਾਵਾ
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਐਸੋਸੀਏਟਸ ਸਕੂਲਜ਼ ਦੇ ਪ੍ਰਧਾਨ ਜਤਿੰਦਰ ਸ਼ਰਮਾ ਨੇ ਸਕੂਲਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸਾਂਝਾ ਕੀਤਾ ਅਤੇ ਵਿਦਿਆਰਥੀਆਂ ਤੱਕ ਸਿੱਖਿਆ ਨੂੰ ਹੋਰ ਵਧੀਆ ਅਤੇ ਸੁਚੱਜੇ ਢੰਗ ਨਾਲ ਪਹੁੰਚਾਉਣ ਦਾ ਪ੍ਰਣ ਲਿਆ। ਇਸ ਮੌਕੇ ਧਰਮਵੀਰ ਸਰੀਨ, ਅਸ਼ਵਨੀ ਕੁਮਾਰ ਪੱਪੂ, ਜੁਆਇੰਟ ਐਕਸ਼ਨ ਫਰੰਟ ਪੰਜਾਬ ਦੇ ਚੇਅਰਮੈਨ ਰਾਣਾ ਜਗਦੀਸ਼ ਚੰਦਰ, ਪੀ. ਪੀ. ਐੱਸ. ਏ. ਦੇ ਆਨੰਦ ਠਾਕੁਰ, ਜੇ. ਪੀ. ਭੱਟ, ਸੁਦਰਸ਼ਨ ਸ਼ਰਮਾ, ਵਿੱਕੀ ਨਰੂਲਾ, ਅਰੁਣ ਸਿੰਗਲਾ, ਗੁਰਵਿੰਦਰਪਾਲ ਸਿੰਘ, ਕਰਮਜੀਤ ਸਿੰਘ ਰਾਜੋਆ, ਬਲਵੰਤ ਸਿੰਘ ਨਿਰਮਾਣ, ਨਰੇਸ਼ ਨਾਗਰ, ਰਜਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਡਾ. ਰਘੁਬੀਰ ਸਿੰਘ ਘੁੰਮਣ, ਮਨਜੀਤ ਸਿੰਘ ਬਾਬਾ ਬਕਾਲਾ, ਰਾਜਪਾਲ ਸ਼ਰਮਾ, ਮਿਸ ਕਿਰਨਜੋਤ, ਰਣਜੀਤ ਸਿੰਘ ਤੋਂ ਇਲਾਵਾ ਸਮੂਹ ਰਾਜਾਂ ਤੋਂ ਆਏ ਸਕੂਲ ਮੁਖੀ ਵੀ ਹਾਜ਼ਰ ਸਨ |
ਪੰਜਾਬ ’ਚ ਗੈਂਗਸਟਰਾਂ ਦਾ ਰਾਜ ਨਹੀਂ ਵਧਣ ਦੇਵਾਂਗੇ : ਰੰਧਾਵਾ
NEXT STORY