ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਠੋਸ ਮਾਨਵਤਾਵਾਦੀ ਉਪਰਾਲੇ ਤਹਿਤ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ ਲਗਪਗ ਪੰਜ ਲੱਖ ਏਕੜ ਰਕਬੇ ਵਿੱਚ ਆਪਣੀ ਫ਼ਸਲ ਗੁਆਉਣ ਵਾਲੇ ਕਿਸਾਨਾਂ ਨੂੰ ਦੋ ਲੱਖ ਕੁਇੰਟਲ ਕਣਕ ਦੇ ਕਣਕ ਦਾ ਬੀਜ ਮੁਫ਼ਤ ਦੇਣ ਦਾ ਫੈਸਲਾ ਕੀਤਾ ਹੈ।
ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਭਾਰੀ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਨੂੰ 74 ਕਰੋੜ ਰੁਪਏ ਦੀ ਕੀਮਤ ਦਾ ਇਹ ਦੋ ਲੱਖ ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਸੰਕਟ ਵਿੱਚੋਂ ਬਾਹਰ ਕੱਢਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਆਗਾਮੀ ਹਾੜ੍ਹੀ ਦੀ ਫਸਲ ਲਈ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਵੱਲੋਂ ਹੜ੍ਹਾਂ ਕਾਰਨ ਹੋਈ ਤਬਾਹੀ ਕਰਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਘਟਾਉਣ ਵੱਲ ਇੱਕ ਨਿਮਾਣਾ ਜਿਹਾ ਉਪਰਾਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਭਿਆਨਕ ਹੜ੍ਹਾਂ ਕਾਰਨ ਹੋਈ ਵੱਡ-ਆਕਾਰੀ ਤਬਾਹੀ ਦਾ ਅੰਦਾਜ਼ਾ ਵੀ ਨਹੀਂ ਲਾਇਆ ਜਾ ਸਕਦਾ ਕਿਉਂਕਿ ਪੰਜਾਬ ਨੇ ਪਹਿਲਾਂ ਕਦੇ ਵੀ ਇੰਨਾ ਨੁਕਸਾਨ ਨਹੀਂ ਦੇਖਿਆ।
ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਪਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ, 19 ਕਾਲਜ ਮਲਬੇ ਵਿੱਚ ਤਬਦੀਲ ਹੋ ਗਏ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਣ ਦੇ ਨਾਲ-ਨਾਲ 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਪਗ 13,800 ਕਰੋੜ ਰੁਪਏ ਬਣਦਾ ਹੈ ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।
ਕੁਦਰਤੀ ਆਫ਼ਤ ਕਰਕੇ ਪੰਜਾਬ ਇਸ ਸਮੇਂ ਸੰਕਟ ਵਿੱਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫ਼ਸਲ ਖਰਾਬ ਹੋ ਗਈ ਹੈ ਤੇ ਕਿਸਾਨ ਇਸ ਹਾਲਤ ਵਿੱਚ ਨਹੀਂ ਹੈ ਕਿ ਉਹ ਬੀਜ ਖਰੀਦ ਸਕੇ। ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫ਼ਤ ਉਪਲੱਬਧ ਕਰਵਾਉਣ ਦਾ ਫ਼ੈਸਲਾ ਲਿਆ ਹੈ, ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫ਼ਤ ਦਿੱਤਾ…
— Bhagwant Mann (@BhagwantMann) September 24, 2025
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ, ਲੱਗੇਗਾ 4 ਤੋਂ 8 ਘੰਟੇ ਲੰਬਾ Powercut
NEXT STORY