ਸ਼ਾਹਕੋਟ (ਅਰਸ਼ਦੀਪ) : ਇਥੋਂ ਨਜ਼ਦੀਕੀ ਪਿੰਡ ਬਾਜਵਾ ਕਲਾਂ ਵਿਖੇ ਸਕੂਲ ਬੱਸ ਦਾ ਇੰਤਜ਼ਾਰ ਕਰ ਰਹੇ ਦੂਸਰੀ ਜਮਾਤ ਦੇ ਸੱਤ ਸਾਲਾ ਵਿਦਿਆਰਥੀ ਨੂੰ ਕਾਰ ਸਵਾਰਾਂ ਵੱਲੋਂ ਜ਼ਬਰਦਸਤੀ ਅਗਵਾ ਕਰ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਸ਼ਪਿੰਦਰ ਕੌਰ ਵਾਸੀ ਬਾਜਵਾ ਕਲਾਂ, ਜੋ ਕਿ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਬਤੌਰ ਸਟਾਫ਼ ਨਰਸ ਤਾਇਨਾਤ ਹੈ, ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7:15 ਵਜੇ ਉਸ ਦਾ ਪੁੱਤਰ ਜੁਝਾਰ ਵੀਰ ਸਿੰਘ, ਜੋ ਕਿ ਦੂਸਰੀ ਜਮਾਤ ਦਾ ਵਿਦਿਆਰਥੀ ਹੈ, ਰੋਜ਼ਾਨਾ ਵਾਂਗ ਸਕੂਲ ਬੱਸ ਦੀ ਉਡੀਕ ਕਰ ਰਿਹਾ ਸੀ। ਇਸੇ ਦੌਰਾਨ ਚੰਡੀਗੜ੍ਹ ਨੰਬਰ ਦੀ ਇਕ ਕਾਰ ਵਿਚ ਆਏ ਦੋ ਵਿਅਕਤੀਆਂ ਅਤੇ ਇਕ ਮਹਿਲਾ ਨੇ ਮਾਸੂਮ ਬੱਚੇ ਨੂੰ ਜ਼ਬਰਦਸਤੀ ਗੱਡੀ ਵਿਚ ਸੁੱਟ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਏ।

ਪੀੜਤ ਮਾਂ ਪੁਸ਼ਪਿੰਦਰ ਕੌਰ ਨੇ ਦੋਸ਼ ਲਾਇਆ ਕਿ ਉਸ ਦੀ ਚੰਡੀਗੜ੍ਹ ਸਥਿਤ ਕਰੀਬ ਢਾਈ ਕਰੋੜ ਰੁਪਏ ਦੀ ਕੋਠੀ ’ਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਕਬਜ਼ਾ ਕਰਨ ਦੀ ਨੀਅਤ ਨਾਲ ਇਹ ਸਾਰੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਰੰਜਿਸ਼ ਤਹਿਤ ਪਹਿਲਾਂ ਵੀ 18 ਮਈ ਨੂੰ ਸਕੂਲ ਵਿਚੋਂ ਬੱਚੇ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਸਬੰਧੀ ਥਾਣਾ ਸ਼ਾਹਕੋਟ ਵਿਖੇ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ ਪਰ ਪੁਲਸ ਵੱਲੋਂ ਕੋਈ ਕਾਰਵਾਈ ਨਾ ਹੋਣ ਕਾਰਨ ਮੁਲਜ਼ਮ ਅੱਜ ਬੱਚੇ ਨੂੰ ਅਗਵਾ ਕਰਨ ਵਿੱਚ ਕਾਮਯਾਬ ਹੋ ਗਏ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਬੱਚੇ ਨੂੰ ਤੁਰੰਤ ਸੁਰੱਖਿਅਤ ਬਰਾਮਦ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਸ਼ਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਮੌਕੇ ’ਤੇ 112 ਨੰਬਰ 'ਤੇ ਕਾਲ ਕਰਕੇ ਪੁਲਸ ਨੂੰ ਸੂਚਿਤ ਕੀਤਾ ਸੀ, ਜਿਸ ’ਤੇ ਤੁਰੰਤ ਪੁਲਸ ਪਾਰਟੀ ਘਟਨਾ ਸਥਾਨ ’ਤੇ ਪਹੁੰਚੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ।

ਇਸ ਸਬੰਧੀ ਜਦੋਂ ਮਾਡਲ ਥਾਣਾ ਸ਼ਾਹਕੋਟ ਦੇ ਐੱਸ.ਐੱਚ.ਓ. ਇੰਸਪੈਕਟਰ ਅਮਨ ਸੈਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਪੰਜ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ ਦੋ ਵਿਅਕਤੀ ਅਣਪਛਾਤੇ ਹਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਵਾਰਦਾਤ ਵਿਚ ਵਰਤੀ ਗਈ ਕਾਰ ਦੇ ਮਾਲਕ ਦਾ ਵੀ ਪਤਾ ਲਗਾ ਲਿਆ ਗਿਆ ਹੈ, ਜੋ ਕਿ ਮੋਹਾਲੀ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਅਗਵਾਕਾਰਾਂ ਨੂੰ ਪੁਲਸ ਵੱਲੋਂ ਕਾਬੂ ਕਰ ਲਿਆ ਜਾਵੇਗਾ ਤੇ ਬੱਚੇ ਨੂੰ ਸੁਰੱਖਿਅਤ ਬਰਾਮਦ ਕਰਕੇ ਮਾਂ ਦੇ ਹਵਾਲੇ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਲਾਅ ਗੇਟ ਨੇੜੇ ਅੱਧੀ ਰਾਤ ਨੂੰ ਖ਼ੂਨੀ ਹੰਗਾਮਾ: ਤਲਵਾਰਾਂ ਤੇ ਬੋਤਲਾਂ ਨਾਲ ਸੁਰੱਖਿਆ ਗਾਰਡਾਂ ’ਤੇ ਹਮਲਾ, 2 ਜ਼ਖਮੀ
NEXT STORY