ਅੰਮ੍ਰਿਤਸਰ (ਦੀਪਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸਿੱਖ ਕੌਮ 1984 ਦੇ ਸਿੱਖ ਕਤਲੇਆਮ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਜਦਕਿ ਦੂਸਰੇ ਪਾਸੇ ਕਾਂਗਰਸ ਕਦੇ ਵੀ ਇਸ ਕਤਲੇਆਮ ਦੇ ਦੋਸ਼ ਤੋਂ ਮੁਕਤ ਨਹੀਂ ਹੋ ਸਕਦੀ। ਉਨ੍ਹਾਂ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਵੱਲੋਂ 1984 ਦੀ ਸਿੱਖ ਨਸਲਕੁਸ਼ੀ ਭੁੱਲ ਜਾਣ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਆਖਿਆ ਕਿ ਕਾਂਗਰਸ ਵੱਲੋਂ 1984 ਵਿਚ ਕੀਤਾ ਗਿਆ ਸਿੱਖ ਕਤਲੇਆਮ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਸੀ, ਜਿਸ ਨੂੰ ਭੁੱਲ ਜਾਣ ਦੀ ਗੱਲ ਕਹਿਣਾ ਬੇਸ਼ਰਮੀ ਦੀ ਸਿਖ਼ਰ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਜੋ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਇਕ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੁੱਜੇ ਹੋਏ ਹਨ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਆਖਿਆ ਕਿ ਸੈਮ ਪਿਤਰੋਦਾ ਦੇ ਬਿਆਨ ਤੋਂ ਇਕ ਵਾਰ ਫਿਰ ਸਾਫ਼ ਹੋਇਆ ਹੈ ਕਿ ਇਸ ਦੀ ਜ਼ਿੰਮੇਵਾਰ ਕਾਂਗਰਸ ਸੀ।
ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਗਦੀਸ਼ ਟਾਈਟਲਰ ਦੀ ਸਾਹਮਣੇ ਆਈ ਇਕ ਵੀਡੀਓ ਵਿਚ ਸੈਂਕੜੇ ਸਿੱਖਾਂ ਦੇ ਕਤਲ ਦੀ ਗੱਲ ਪ੍ਰਵਾਨ ਕੀਤੀ ਗਈ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਪਿਛਲੇ 35 ਸਾਲ ਤੋਂ ਸੰਘਰਸ਼ ਕਰਦੀ ਆ ਰਹੀ ਹੈ ਅਤੇ ਜਿੰਨਾ ਚਿਰ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਮਿਲ ਜਾਂਦੀਆਂ, ਓਨਾ ਚਿਰ ਸੰਘਰਸ਼ ਜਾਰੀ ਰਹੇਗਾ। ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦਾ ਕਤਲੇਆਮ, ਸਿੱਖ ਕੌਮ ਦੇ ਪਾਵਨ ਗੁਰਧਾਮਾਂ ਦੀ ਬੇਅਦਬੀ ਅਤੇ ਸਿੱਖ ਸਾਹਿਤ ਦਾ ਨੁਕਸਾਨ ਕਾਂਗਰਸ ਦੇ ਮੱਥੇ 'ਤੇ ਲੱਗਾ ਉਹ ਕਲੰਕ ਹੈ ਜਿਸ ਨੂੰ ਸਿੱਖਾਂ ਦੀ ਇਹ ਦੁਸ਼ਮਣ ਜਮਾਤ ਕਦੇ ਵੀ ਧੋ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਾਂਗਰਸ ਵੱਲੋਂ ਕੀਤੇ ਗਏ ਸਿੱਖ ਕਤਲੇਆਮ ਦੇ ਗੁਨਾਹ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗੀ।
ਫਾਜ਼ਿਲਕਾ ਦੇ 723522 ਵੋਟਰ ਕਰਨਗੇ 22 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ
NEXT STORY