ਅੰਮ੍ਰਿਤਸਰ (ਦੀਪਕ/ ਸੁਮਿਤ/ ਅਣਜਾਨ)— ਸ਼੍ਰੋਮਣੀ ਕਮੇਟੀ ਨੇ ਪਹਿਲਕਦਮੀ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਇਸ ਸਾਲ ਸ਼ੁਰੂ ਕੀਤੇ ਜਾਣ ਵਾਲੇ ਸਮਾਗਮਾਂ ਦੌਰਾਨ 23 ਨਵੰਬਰ ਦੇ ਸਮਾਗਮ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਸੱਦਾ ਪੱਤਰ ਲਿਖਿਆ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਮੁੱਚੇ ਸਿੱਖ ਜਗਤ, ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਭਾਰਤ ਸਮੇਤ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਰਲ-ਮਿਲ ਕੇ ਮਨਾਉਣ ਦੀ ਅਪੀਲ ਕੀਤੀ ਗਈ ਅਤੇ ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਸੱਦਾ ਪੱਤਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਸਮਾਗਮਾਂ ਦੇ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ 22 ਤੇ 23 ਨਵੰਬਰ ਨੂੰ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ ਅਤੇ 23 ਨਵੰਬਰ ਦੇ ਵਿਸ਼ਾਲ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਇਕ ਵਿਸ਼ੇਸ਼ ਬੈਠਕ ਦੌਰਾਨ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਚੰਡੀਗੜ੍ਹ ਸਥਿਤ ਉਪ-ਦਫ਼ਤਰ ਵਿਖੇ ਹੋਈ, ਜਿਸ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਮੈਂਬਰ ਅਵਤਾਰ ਸਿੰਘ ਵਣਵਾਲਾ, ਸੁਖਵਰਸ਼ ਸਿੰਘ ਪੰਨੂੰ, ਮੁੱਖ ਸਕੱਤਰ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਤਿੰਦਰ ਸਿੰਘ ਕੋਹਲੀ ਸ਼ਾਮਲ ਸਨ।
ਸਬ-ਕਮੇਟੀ ਬਣਾਈ:
ਸ. ਬੇਦੀ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਕੌਮਾਂਤਰੀ ਪੱਧਰ ਦੇ ਵਿਸ਼ਾਲ ਸਮਾਗਮ ਕਰਵਾਏ ਜਾਣੇ ਹਨ, ਉਥੇ ਹੀ ਇਸ ਸਾਲ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 22-23 ਨਵੰਬਰ ਤੋਂ ਸਾਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂੰ, ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਸ਼ਾਮਲ ਕਰਦਿਆਂ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ ਨੂੰ ਦਿੱਤੀ ਗਈ ਹੈ।
ਸਾਰਾ ਸਾਲ ਚੱਲਣਗੇ ਸਮਾਗਮ:
ਬੇਦੀ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਫੈਸਲਾ ਲਿਆ ਗਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 22 ਨਵੰਬਰ ਤੋਂ ਆਰੰਭ ਕੀਤੇ ਜਾਣ ਵਾਲੇ ਸਮਾਗਮਾਂ ਦੀ ਲੜੀ ਨਿਰੰਤਰ ਨਵੰਬਰ 2019 ਤਕ ਚਲਾਈ ਜਾਵੇਗੀ ਅਤੇ ਇਸ ਅਧੀਨ ਪਹਿਲੇ ਪਾਤਿਸ਼ਾਹ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਅਸਥਾਨਾਂ ਵਿਖੇ ਹਰ ਮਹੀਨੇ ਪੂਰਨਮਾਸ਼ੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਦਾ ਪ੍ਰਬੰਧ ਕੀਤਾ ਜਾਇਆ ਕਰੇਗਾ। ਇਸ ਤੋਂ ਇਲਾਵਾ ਹੋਰ ਵਿਸ਼ੇਸ਼ ਸਮਾਗਮ, ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਸੈਮੀਨਾਰ, ਨਗਰ ਕੀਰਤਨ, ਕੀਰਤਨ ਦਰਬਾਰ ਅਤੇ ਗੁਰਮਤਿ ਕੈਂਪ ਆਦਿ ਵੀ ਸਾਲ ਭਰ ਲਗਾਤਾਰ ਚੱਲਣਗੇ।
ਬੁਲਾਰੇ ਨੇ ਇਹ ਵੀ ਜਾਣਕਾਰੀ ਦਿੱਤੀ ਕਿ 16 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਹੋਰ ਅਹੁਦੇਦਾਰ ਅਤੇ ਸਬ-ਕਮੇਟੀ ਦੇ ਮੈਂਬਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਜਾਣ ਵਾਲੇ ਸਮੁੱਚੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਜਾਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ, ਨਿੱਜੀ ਸਕੱਤਰ ਸੁਖਮਿੰਦਰ ਸਿੰਘ ਐਕਸੀਅਨ, ਮੀਤ ਸਕੱਤਰ ਲਖਬੀਰ ਸਿੰਘ, ਦਰਸ਼ਨ ਸਿੰਘ ਲੌਂਗੋਵਾਲ ਪੀ. ਏ., ਮੈਨੇਜਰ ਜਗੀਰ ਸਿੰਘ ਆਦਿ ਮੌਜੂਦ ਸਨ।
ਜੈਸ਼-ਏ-ਮੁਹੰਮਦ ਦੇ ਅੱਤਵਾਦੀ ਪੰਜਾਬ ’ਚ ਪਰ ਸ਼ਹਿਰ ’ਚ ਨਹੀਂ ਕੋਈ ਸੁਰੱਖਿਆ ਦੇ ਪ੍ਰਬੰਧ
NEXT STORY