ਫਤਿਹਗੜ੍ਹ ਸਾਹਿਬ (ਜਗਦੇਵ) : ਕਿਰਗਿਸਤਾਨ ਵਿਖੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ 'ਚ ਭਾਰਤੀ ਪਹਿਲਵਾਨ ਨਵਜੋਤ ਕੌਰ ਵਲੋਂ ਸੋਨ ਤਮਗਾ ਜਿੱਤ ਕੇ ਭਾਰਤ, ਪੰਜਾਬ ਅਤੇ ਜ਼ਿਲੇ ਦਾ ਨਾਂ ਰੌਸ਼ਨ ਕਰਨ ਵਾਲੀ ਇਤਿਹਾਸਕ ਜਿੱਤ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਖੁਸ਼ੀ ਪ੍ਰਗਟ ਕਰਦਿਆਂ ਨਵਜੋਤ ਕੌਰ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਕੌਰ ਵਲੋਂ ਵਿਦੇਸ਼ੀ ਧਰਤੀ 'ਤੇ ਜਾ ਕੇ ਜਾਪਾਨ ਦੀ ਖਿਡਾਰਨ ਨੂੰ ਹਰਾਉਣਾ ਅਤੇ ਸ਼ਾਨਦਾਰ ਜਿੱਤ ਹਾਸਲ ਕਰ ਕੇ ਸੋਨ ਤਮਗਾ ਪ੍ਰਾਪਤ ਕਰਨ ਨਾਲ ਮਾਣ ਪ੍ਰਾਪਤ ਹੋਇਆ ਹੈ।
ਪ੍ਰੋ. ਬਡੂੰਗਰ ਨੇ ਨਵਜੋਤ ਕੌਰ ਦੇ ਮਾਪਿਆਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਚੰਗੀ ਪ੍ਰੇਰਨਾ ਸਦਕਾ ਉਸ ਨੇ ਖੇਡਾਂ ਦੇ ਖੇਤਰ ਵਿਚ ਸਾਰਿਆਂ ਦਾ ਸਿਰ ਮਾਣ ਨਾਲ ਉੱਚਾ ਕਰ ਦਿੱਤਾ ਹੈ। ਪ੍ਰੋ. ਬਡੂੰਗਰ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਉਸ ਵਲੋਂ ਮਾਣ-ਸਤਿਕਾਰ ਦਿੰਦਿਆਂ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਡੀ. ਐੱਸ. ਪੀ. ਲਾਇਆ ਗਿਆ ਹੈ, ਉਸੇ ਤਰਜ਼ 'ਤੇ ਕੁਸ਼ਤੀ ਖਿਡਾਰਨ ਨਵਜੋਤ ਕੌਰ ਨੂੰ ਵੀ ਡੀ. ਐੱਸ. ਪੀ. ਲਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਨਵਜੋਤ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਚਾਹੀਦਾ ਹੈ ਕਿ ਪੰਜਾਬ ਅਤੇ ਤਰਨਤਾਰਨ ਜ਼ਿਲੇ ਦਾ ਨਾਂ ਰੌਸ਼ਨ ਕਰਨ ਵਾਲੀ ਖਿਡਾਰਨ ਦਾ ਵਿਸ਼ੇਸ਼ ਸਨਮਾਨ ਕਰੇ।
S.Y.L. ਦਾ ਫੈਸਲਾ ਹਰਿਆਣੇ ਦੇ ਹੱਕ 'ਚ, ਉਸਾਰੀ ਦੇ ਹੁਕਮਾਂ ਦਾ ਇੰਤਜ਼ਾਰ - ਖੱਟੜ
NEXT STORY