ਅੰਮ੍ਰਿਤਸਰ (ਦੀਪਕ/ਬਿਊਰੋ) - ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਮੇਸ਼ਾ ਦੀ ਤਰ੍ਹਾਂ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਪੁੱਜ ਰਹੀਆਂ ਸੰਗਤਾਂ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਦੇ ਹੋਟਲਾਂ ਤੇ ਨਿਵਾਸਾਂ ਦੀ ਫੈੱਡਰੇਸ਼ਨ ਨਾਲ ਇਕੱਤਰਤਾ ਕੀਤੀ, ਜਿਸ ਵਿਚ ਫੈੱਡਰੇਸ਼ਨ ਆਫ ਗੈਸਟ ਹਾਊਸ ਵੱਲੋਂ 20 ਦੇ ਕਰੀਬ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਸਬੰਧੀ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਵੀ ਦਿੱਤਾ ਗਿਆ।
ਡਾ. ਰੂਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਦੀ ਸੁਯੋਗ ਅਗਵਾਈ ਸਦਕਾ ਇਸ ਵਾਰ ਪ੍ਰਕਾਸ਼ ਪੁਰਬ ਨੂੰ ਵੱਖ-ਵੱਖ ਤਰੀਕਿਆਂ ਨਾਲ ਸਮਾਜਿਕ ਚੇਤਨਾ ਪੈਦਾ ਕਰਨ ਦੀ ਇੱਛਾ ਤਹਿਤ ਮਨਾਇਆ ਜਾਵੇਗਾ। ਉਨ੍ਹਾਂ ਹੋਟਲ ਮਾਲਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਸਾਰਿਆਂ ਦੇ ਕਾਰੋਬਾਰ ਸ੍ਰੀ ਗੁਰੂ ਰਾਮਦਾਸ ਜੀ ਦੀ ਕਿਰਪਾ ਸਦਕਾ ਪ੍ਰਫੁੱਲਿਤ ਹੋ ਰਹੇ ਹਨ। ਸਾਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਪੁੱਜ ਰਹੀਆਂ ਸੰਗਤਾਂ ਦੀ ਸਹੂਲਤ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ 'ਚ ਪੁੱਜਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਲਈ ਗੈਸਟ ਹਾਊਸ ਅਤੇ ਹੋਟਲ ਮਾਲਕਾਂ ਨੂੰ ਸਹਿਯੋਗ ਕਰਨ ਦੀ ਪ੍ਰੇਰਨਾ ਕੀਤੀ।
ਇਸ 'ਤੇ ਫੈੱਡਰੇਸ਼ਨ ਆਫ ਗੈਸਟ ਹਾਊਸ ਵੱਲੋਂ ਪੁੱਜੇ ਨੁਮਾਇੰਦਿਆਂ ਨੇ ਸੰਗਤਾਂ ਦੀ ਰਿਹਾਇਸ਼ ਵਿਚ ਸਹਿਯੋਗ ਕਰਨ ਲਈ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਆਪਣੇ ਹੋਟਲਾਂ ਅਤੇ ਨਿਵਾਸਾਂ 'ਚ 6 ਅਤੇ 7 ਅਕਤੂਬਰ ਵਾਲੇ ਦਿਨ ਸੰਗਤਾਂ ਦੀ ਰਿਹਾਇਸ਼ ਲਈ 50 ਦੇ ਕਰੀਬ ਮੁਫਤ ਕਮਰੇ ਦੇਣ ਦਾ ਵਾਅਦਾ ਵੀ ਕੀਤਾ। ਇਸ ਸਮੇਂ ਭਾਈ ਅਮਰਜੀਤ ਸਿੰਘ ਅਤੇ ਭਾਈ ਕੁਲਦੀਪ ਸਿੰਘ ਪੰਡੋਰੀ ਸ਼ਬਦ ਚੌਂਕੀ ਜਥਾ ਬਾਬਾ ਦੀਪ ਸਿੰਘ ਜੀ ਵੱਲੋਂ ਵੀ ਸੰਗਤਾਂ ਦੀ ਰਿਹਾਇਸ਼ ਲਈ 50 ਕਮਰੇ ਮੁਫਤ ਦੇਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਅਵਤਾਰ ਸਿੰਘ ਸੈਂਪਲਾ ਤੇ ਮਨਜੀਤ ਸਿੰਘ ਸਕੱਤਰ, ਸੁਖਦੇਵ ਸਿੰਘ ਭੂਰਾ ਕੋਹਨਾ ਵਧੀਕ ਸਕੱਤਰ, ਸਕੱਤਰ ਸਿੰਘ ਮੀਤ ਸਕੱਤਰ, ਸੁਲੱਖਣ ਸਿੰਘ ਭੰਗਾਲੀ, ਗੁਰਿੰਦਰ ਸਿੰਘ ਮੈਨੇਜਰ, ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ, ਰਾਜੀਵ ਗੁਪਤਾ, ਮਨਦੀਪ ਸਿੰਘ ਆਦਿ ਹਾਜ਼ਰ ਸਨ।
ਪੁੱਛਗਿੱਛ ਦੌਰਾਨ ਹਨੀਪ੍ਰੀਤ ਨੂੰ ਲੈ ਕੇ ਘੁੰਮਣ ਵਾਲੇ ਡਰਾਈਵਰ ਦੀ ਮਿਲੀ ਜਾਣਕਾਰੀ
NEXT STORY