ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲਾਨਾ ਬਜਟ ਇਜਲਾਸ ਇਸ ਵਾਰ 28 ਮਾਰਚ ਨੂੰ ਸੱਦਿਆ ਗਿਆ ਹੈ। ਅੱਜ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਵਿਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰੇ, ਟਰਸਟਾਂ ਆਦਿ ਦਾ ਸਾਲਾਨਾ ਬਜਟ ਪਾਸ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਵਿੱਚ ਸ਼ਾਮਿਲ ਹੋਣ ਲਈ ਮੈਂਬਰ ਸਾਹਿਬਾਨ ਨੂੰ ਰਸਮੀ ਪੱਤਰ ਜਾਰੀ ਕੀਤੇ ਜਾ ਰਹੇ ਹਨ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਦੌਰਾਨ ਸਾਲਾਨਾ ਬਜਟ ਪਾਸ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵੱਲੋਂ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜ ਵਿਚਾਰੇ ਜਾਣਗੇ। ਐਡਵੋਕੇਟ ਧਾਮੀ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਬੇਅਦਬੀਆਂ ਦੇ ਮਾਮਲਿਆਂ ਸਬੰਧੀ ਕਾਨੂੰਨ ਬਨਾਉਣ ਲਈ ਸਮਾਣਾ ਵਿਖੇ ਭਾਈ ਗੁਰਜੀਤ ਸਿੰਘ ਵੱਲੋਂ ਕੀਤੇ ਜਾ ਰਹੇ ਸੰਘਰਸ਼ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪੂਰਨ ਸਮਰਥਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀਆਂ ਦੇ ਮਾਮਲੇ ’ਤੇ ਸਖ਼ਤ ਕਾਨੂੰਨ ਦੀ ਹਮੇਸ਼ਾ ਮੰਗ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਧਰਮ ਅਤੇ ਧਰਮ ਗ੍ਰੰਥ ਸਤਿਕਾਰਯੋਗ ਹਨ, ਪ੍ਰੰਤੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਸਾਹਿਬ ਨੇ ਸ਼ਬਦ ਗੁਰੂ ਦੇ ਰੂਪ ਵਿਚ ਸਨਮਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਗੁਰਬਾਣੀ ਦੀ ਬੇਅਦਬੀ ਦੇ ਮਾਮਲੇ ਵਿਚ ਮਿਸਾਲੀ ਸਜ਼ਾ ਲਈ ਵੱਖਰਾ ਕਾਨੂੰਨ ਬੇਹੱਦ ਜ਼ਰੂਰੀ ਹੈ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਮੱਧ ਪ੍ਰਦੇਸ਼ ਦੇ ਰਤਲਾਮ ਵਿਚ ਲੋਕ ਸੇਵਾ ਕਮਿਸ਼ਨ ਦੀ ਪ੍ਰੀਖਿਆ ਦੌਰਾਨ ਸਿੱਖ ਬੱਚੀ ਦੀ ਦਸਤਾਰ ਅਤੇ ਕਿਰਪਾਨ ਉਤਾਰੇ ਜਾਣ ਦੀ ਘਟਨਾ ਬਾਰੇ ਨਿੰਦਾ ਮਤਾ ਪਾਸ ਕਰਦਿਆਂ ਇਸ ਨੂੰ ਸਿੱਖਾਂ ਦੇ ਮੌਲਿਕ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਅਜ਼ਾਦੀ ਅਤੇ ਖ਼ੁਸ਼ਹਾਲੀ ਲਈ ਹਮੇਸ਼ਾ ਵੱਡਾ ਰੋਲ ਅਦਾ ਕੀਤਾ ਹੈ। ਦੇਸ਼ ਦੇ ਸੰਵਿਧਾਨ ਅੰਦਰ ਧਰਮ ਦੀ ਅਜ਼ਾਦੀ ਲਈ ਮਿਲੇ ਅਧਿਕਾਰਾਂ ਨੂੰ ਪ੍ਰੀਖਿਆਵਾਂ ਸਮੇਂ ਖੋਹਿਆ ਜਾ ਰਿਹਾ ਹੈ, ਜੋ ਵੱਡੀ ਚਿੰਤਾ ਦਾ ਵਿਸ਼ਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕੌਮ ਦੇ ਮਹਾਨ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ 11 ਮਾਰਚ ਤੋਂ 14 ਮਾਰਚ 2026 ਤੱਕ ਖ਼ਾਲਸਈ ਜਾਹੋ-ਜਲਾਲ ਮਨਾਈ ਜਾਵੇਗੀ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਇਸੇ ਤਰ੍ਹਾਂ 12 ਮਾਰਚ ਨੂੰ ਅੰਮ੍ਰਿਤ ਸੰਚਾਰ ਸਮਾਗਮ ਹੋਵੇਗਾ ਅਤੇ 13 ਮਾਰਚ ਵੀ ਗੁਰਮਤਿ ਸਮਾਗਮ ਜਾਰੀ ਰਹਿਣਗੇ। ਸ਼ਤਾਬਦੀ ਦਾ ਮੁੱਖ ਸਮਾਗਮ 14 ਮਾਰਚ ਨੂੰ ਹੋਵੇਗਾ, ਜਿਸ ਵਿਚ ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਅਤੇ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਐਡਵੋਕੇਟ ਧਾਮੀ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹਰ ਹਲਕੇ ਵਿਚ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ।
ਸਰਪੰਚ ਕਤਲ ਕਾਂਡ ਵਿਚ ਨਵਾਂ ਮੋੜ, 'ਆਪ' ਵਿਧਾਇਕ 'ਤੇ ਪਰਚਾ ਕਰਾਉਣ 'ਤੇ ਅੜ ਗਿਆ ਪਰਿਵਾਰ
NEXT STORY