ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਗੁੰਮ ਹੋਣ ਦੇ ਗੰਭੀਰ ਮਸਲੇ ’ਤੇ ਸਿੱਖ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ’ਚ ਰਾਜਨੀਤੀ ਕਰਨ ਦੀ ਬਜਾਏ ਦੋਸ਼ੀਆਂ ਅਤੇ ਉਨ੍ਹਾਂ ਦੇ ਸਰਪ੍ਰਸਤਾਂ ਖ਼ਿਲਾਫ਼ ਕਾਰਵਾਈ ਲਈ ਪੰਜਾਬ ਸਰਕਾਰ ਦਾ ਪੂਰਾ ਸਹਿਯੋਗ ਦੇਵੇ।
ਸਪੀਕਰ ਸੰਧਵਾਂ ਨੇ ਕਿਹਾ ਕਿ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇੱਕ ਪਾਵਨ ਸਰੂਪ ਦੇ ਅੰਗ ਗਲੀਆਂ ਵਿੱਚ ਖਿਲਾਰੇ ਜਾਣ ਦੀ ਘਟਨਾ ਨੇ ਸੰਸਾਰ ਭਰ ਦੀ ਸਿੱਖ ਸੰਗਤ ਨੂੰ ਧੁਰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ ਸੀ, ਤਾਂ ਫਿਰ 328 ਸਰੂਪਾਂ ਦੇ ਮਸਲੇ ’ਚ ਕੀਤੀ ਜਾ ਰਹੀ ਕਾਨੂੰਨੀ ਕਾਰਵਾਈ ਦਾ ਵਿਰੋਧ ਐਸਜੀਪੀਸੀ ਵੱਲੋਂ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਨਾਲ ਜੁੜੇ ਮਸਲਿਆਂ ’ਤੇ ਕੋਈ ਵੀ ਰਾਜਨੀਤੀ ਨਹੀਂ ਕੀਤੀ ਜਾਵੇਗੀ, ਪਰ ਗੁਰੂ ਦੋਖੀਆਂ ਖ਼ਿਲਾਫ਼ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਤਾਕਤ ਦੀ ਸੰਵਿਧਾਨਕ ਅਤੇ ਯੋਗ ਵਰਤੋਂ ਜ਼ਰੂਰ ਕੀਤੀ ਜਾਵੇਗੀ।
ਸਪੀਕਰ ਨੇ ਦੋਸ਼ ਲਗਾਇਆ ਕਿ ਐਸਜੀਪੀਸੀ ਵੱਲੋਂ ਵੱਖ-ਵੱਖ ਗੁਰੂ ਘਰਾਂ ਅਤੇ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰਦਿਆਂ, ਪੰਜਾਬ ਸਰਕਾਰ ਵੱਲੋਂ 328 ਸਰੂਪਾਂ ਦੇ ਮਸਲੇ ’ਚ ਦਰਜ ਕੀਤੀ ਐਫਆਈਆਰ ਸਬੰਧੀ ਸੰਗਤਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿ ਸਰਕਾਰ ਸਿੱਖ ਧਾਰਮਿਕ ਮਸਲਿਆਂ ਵਿੱਚ ਦਖ਼ਲ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਐਸਜੀਪੀਸੀ ਨੂੰ ਇਹ ਸਪਸ਼ਟ ਕਰਨਾ ਚਾਹੀਦਾ ਹੈ ਕਿ ਆਖ਼ਿਰ 328 ਪਾਵਨ ਸਰੂਪ ਕਿੱਥੇ ਗਏ।
ਸੰਧਵਾਂ ਨੇ ਸਵਾਲ ਉਠਾਏ ਕਿ ਗੁੰਮਸ਼ੁਦਾ ਸਰੂਪਾਂ ਦੇ ਮਸਲੇ ’ਤੇ ਮੰਗ ਪੱਤਰ ਰਾਹੀਂ ਐਕਸ਼ਨ ਦੀ ਮੰਗ ਕਰਨ ਵਾਲੀਆਂ ਸੰਗਤਾਂ ’ਤੇ ਟਾਸਕ ਫੋਰਸ ਵੱਲੋਂ ਹਮਲੇ ਕਿਸ ਦੇ ਇਸ਼ਾਰੇ ’ਤੇ ਕਰਵਾਏ ਗਏ ਅਤੇ ਲਗਭਗ ਪੰਜ ਸਾਲਾਂ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਤੀ ’ਤੇ ਚੱਲ ਰਹੇ ਸ਼ਾਂਤਮਈ ਮੋਰਚੇ ਨੂੰ ਤਸੱਲੀਬਖ਼ਸ਼ ਜਵਾਬ ਦੇ ਕੇ ਖ਼ਤਮ ਕਰਨ ਤੋਂ ਕਿਸ ਨੇ ਰੋਕਿਆ। ਉਨ੍ਹਾਂ ਕਿਹਾ ਕਿ ਮਿਆਦ ਪੂਰੀ ਕਰ ਚੁੱਕੀ ਐਸਜੀਪੀਸੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ’ਚ ਅਸਫਲ ਰਹੀ, ਜਿਸ ਕਾਰਨ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਪੰਜਾਬ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਪਏ। ਉਨ੍ਹਾਂ ਕਿਹਾ ਕਿ ਆਮ ਸਿੱਖ ਸੰਗਤ ਸਰਕਾਰ ਦੀ ਕਾਰਵਾਈ ਦੀ ਸ਼ਲਾਘਾ ਕਰ ਰਹੀ ਹੈ, ਪਰ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਧਿਰ ਦੋਸ਼ੀਆਂ ਨੂੰ ਬਚਾਉਣ ਲਈ ਗੁਰੂ ਦੀ ਗੋਲਕ ਦੀ ਦੁਰਵਰਤੋਂ ਕਰ ਰਹੀ ਹੈ।
ਭਲਕੇ ਇਸ ਇਲਾਕੇ 'ਚ ਲੱਗੇਗਾ 6 ਘੰਟੇ ਲੰਬਾ Power Cut
NEXT STORY