ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਐਲਾਨ ਕੀਤਾ ਕਿ ਜੂਨ 1984 ਦੌਰਾਨ ਸਮੇਂ ਦੀ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਫੌਜੀ ਹਮਲੇ ਸਮੇਂ ਬੈਰਕਾਂ ਛੱਡਣ ਵਾਲੇ ਸ਼ਹੀਦ ਹੋਏ ਸਿੱਖ ਧਰਮੀ ਫੌਜੀਆਂ ਦੀ ਯਾਦਗਾਰ ਬਣਾਈ ਜਾਵੇਗੀ। ਉਹ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ 'ਚ ਸ਼ਾਮਿਲ ਹੋਣ ਲਈ ਆਏ ਸਨ।
ਸਮਾਗਮ ਤੋਂ ਬਾਅਦ ਦਫਤਰ ਸ਼੍ਰੋਮਣੀ ਕਮੇਟੀ ਵਿਚ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹਾਲ ਹੀ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਲਏ ਗਏ ਫੈਸਲੇ ਅਨੁਸਾਰ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਗੈਲਰੀ ਦੀ ਸੇਵਾ ਦਮਦਮੀ ਟਕਸਾਲ ਨੂੰ ਸੌਂਪੀ ਗਈ ਹੈ। ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ 'ਤੇ ਕੀਤੇ ਗਏ ਹਮਲੇ ਸਮੇਂ ਆਪਣੀਆਂ ਬੈਰਕਾਂ ਛੱਡਣ ਵਾਲੇ ਉਨ੍ਹਾਂ ਸਿੱਖ ਧਰਮੀ ਫੌਜੀਆਂ ਦੀ ਵੀ ਸ਼੍ਰੋਮਣੀ ਕਮੇਟੀ ਯਾਦਗਾਰ ਬਣਾਏਗੀ ਜਿਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਪ੍ਰੋ. ਬਡੂੰਗਰ ਨੇ ਕਿਹਾ ਕਿ ਇਹ ਮਾਮਲਾ 28 ਜੁਲਾਈ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ ਤਾਂ ਜੋ ਇਸ ਸਬੰਧੀ ਮੁਕੰਮਲ ਰੂਪ-ਰੇਖਾ ਤਿਆਰ ਕੀਤੀ ਜਾ ਸਕੇ। ਸ਼ਹੀਦ ਹੋਏ ਸਿੱਖ ਧਰਮੀ ਫੌਜੀ ਕੌਮ ਲਈ ਅਤਿਅੰਤ ਸਤਿਕਾਰਤ ਹਨ ਅਤੇ ਯਾਦਗਾਰ ਬਣਨ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਸ਼ਾਂਤੀ ਮਿਲੇਗੀ।
ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਗਏ ਸ਼ਰਧਾਲੂਆਂ ਦੇ ਲਾਪਤਾ ਹੋਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਥਾਨਕ ਸੂਬੇ ਦੀ ਸਰਕਾਰ ਨੂੰ ਇਸ ਮਾਮਲੇ ਨੂੰ ਸੰਜੀਦਗੀ ਨਾਲ ਲੈਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਲ ਲਈ ਬੜੀ ਤੇਜ਼ੀ ਨਾਲ ਯਤਨ ਕਰਨੇ ਚਾਹੀਦੇ ਹਨ। ਪੁੱਛੇ ਗਏ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਵੀ ਲਿਖਿਆ ਸੀ ਅਤੇ ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਇਕ ਟੀਮ ਵੀ ਉੱਤਰਾਖੰਡ ਵਿਖੇ ਭੇਜੀ ਜਾਵੇਗੀ। ਗੁਰਦੁਆਰਿਆਂ ਨੂੰ ਜੀ. ਐੱਸ. ਟੀ. ਤੋਂ ਛੋਟ ਨਾ ਦੇਣ ਕਾਰਨ ਸ਼੍ਰੋਮਣੀ ਕਮੇਟੀ ਵੱਲੋਂ ਸਰਕਾਰਾਂ ਨਾਲ ਕੀਤੀ ਗਈ ਲਿਖਾ-ਪੜ੍ਹੀ ਬਾਰੇ ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਹੀ ਇਸ ਸਬੰਧੀ ਪੱਤਰ ਲਿਖੇ ਗਏ ਹਨ। ਉਨ੍ਹਾਂ ਹੈਰਾਨੀ ਨਾਲ ਕਿਹਾ ਕਿ ਰੱਬ ਦੇ ਘਰਾਂ ਨੂੰ ਵੀ ਟੈਕਸ ਲਾ ਕੇ ਸਰਕਾਰਾਂ ਪਤਾ ਨਹੀਂ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਸਰਕਾਰਾਂ ਨੂੰ ਚਾਹੀਦਾ ਹੈ ਕਿ ਉਹ ਬਿਨਾਂ ਦੇਰੀ ਗੁਰੂ ਘਰਾਂ ਨੂੰ ਜੀ. ਐੱਸ. ਟੀ. ਮੁਕਤ ਕਰਨ ਤਾਂ ਜੋ ਗੁਰਦੁਆਰਾ ਸਾਹਿਬਾਨ 'ਤੇ ਵਾਧੂ ਵਿੱਤੀ ਬੋਝ ਨਾ ਪਵੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਬਲਵਿੰਦਰ ਸਿੰਘ ਵੇਈਂਪੁਈਂ, ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਹਰਜਾਪ ਸਿੰਘ ਸੁਲਤਾਨਵਿੰਡ, ਅਮਰਜੀਤ ਸਿੰਘ ਬੰਡਾਲਾ, ਅਜਾਇਬ ਸਿੰਘ ਅਭਿਆਸੀ, ਅਮਰੀਕ ਸਿੰਘ ਵਿਛੋਆ, ਅਮਰਜੀਤ ਸਿੰਘ ਭਲਾਈਪੁਰ, ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮਹਿੰਦਰ ਸਿੰਘ ਆਹਲੀ ਤੇ ਵਿਜੇ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ ਕੰਗ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਹਾਜ਼ਰ ਸਨ।
ਖਰਾਬ ਟ੍ਰੈਫਿਕ ਲਾਈਟਾਂ ਪ੍ਰਤੀ ਪ੍ਰਸ਼ਾਸਨ ਨਹੀਂ ਗੰਭੀਰ
NEXT STORY