ਅੰਮ੍ਰਿਤਸਰ (ਬਿਊਰੋ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਗਤ ਦੀ ਮੰਗ ਨੂੰ ਵੇਖਦਿਆਂ ਵਿਦੇਸ਼ਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਛਾਪਣ ਲਈ ਪ੍ਰਿੰਟਿੰਗ ਪ੍ਰੈੱਸਾਂ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇਸ਼ ਅੰਦਰ ਵੱਖ-ਵੱਖ ਸੂਬਿਆਂ ’ਚ ਲੋੜ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੜਕੀ ਮਾਰਗ ਰਾਹੀਂ ਸਤਿਕਾਰ ਸਹਿਤ ਆਪ ਪਹੁੰਚਾਉਣ ਦਾ ਪ੍ਰਬੰਧ ਕਰੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਵੱਖ-ਵੱਖ ਦੇਸ਼ਾਂ ਦੀ ਸੰਗਤ ਵੱਲੋਂ ਗੁਰਦੁਆਰਾ ਸਾਹਿਬਾਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵਿਦੇਸ਼ਾਂ ਵਿਚ ਪ੍ਰੈੱਸਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਫ਼ੈਸਲਾ ਅੰਤ੍ਰਿੰਗ ਕਮੇਟੀ ਨੇ ਲੰਮੀ ਵਿਚਾਰ ਚਰਚਾ ਮਗਰੋਂ ਲਿਆ ਹੈ।
ਇਹ ਵੀ ਪੜ੍ਹੋ : ਅਫਗਾਨਿਸਤਾਨ ’ਚੋਂ ਕਿਉਂ ਰੁਖ਼ਸਤ ਹੋਈ ਅਮਰੀਕੀ ਫ਼ੌਜ, ਕੀ ਤਾਲਿਬਾਨ ਨਾਲ ਹੋਈ ਇਹ ਡੀਲ ?
ਬੀਬੀ ਜਗੀਰ ਕੌਰ ਨੇ ਕਿਹਾ ਕਿ ਵਿਦੇਸ਼ਾਂ ’ਚ ਪਾਵਨ ਸਰੂਪ ਭੇਜਣ ਸਮੇਂ ਆਉਂਦੀਆਂ ਮੁਸ਼ਕਿਲਾਂ ਕਾਰਨ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ’ਚ ਵੱਖ-ਵੱਖ ਦੇਸ਼ਾਂ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ। ਅਮਰੀਕਾ ਅਤੇ ਕੈਨੇਡਾ ਦੇ ਨਾਲ-ਨਾਲ ਯੂਰਪ ਅਤੇ ਆਸਟ੍ਰੇਲੀਆ ਜਾਂ ਨਿਊਜ਼ੀਲੈਂਡ ’ਚ ਪ੍ਰਿੰਟਿੰਗ ਪ੍ਰੈੱਸਾਂ ਲਗਾਈਆਂ ਜਾਣਗੀਆਂ। ਇਸ ਕਾਰਜ ਲਈ ਸਥਾਨਕ ਪੱਧਰ ’ਤੇ ਗੁਰਦੁਆਰਾ ਕਮੇਟੀਆਂ ਅਤੇ ਸੰਗਤਾਂ ਦਾ ਸਹਿਯੋਗ ਲਿਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿਹੜੇ ਦੇਸ਼ ਵਿਚ ਵੀ ਪ੍ਰਿੰਟਿੰਗ ਪ੍ਰੈੱਸ ਲਗਾਈ ਜਾਵੇਗੀ, ਉਥੋਂ ਅੱਗੇ ਨੇੜਲੇ ਦੇਸ਼ਾਂ ’ਚ ਸੜਕੀ ਮਾਰਗ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੋੜ ਵਾਲੀ ਥਾਂ ’ਤੇ ਭੇਜੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਗੁਜਰਾਤ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100 ਪਾਵਨ ਸਰੂਪਾਂ ਦੀ ਪੁੱਜੀ ਮੰਗ ਵੀ ਪ੍ਰਵਾਨ ਕਰ ਲਈ ਗਈ ਹੈ ਅਤੇ ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਵਿਸ਼ੇਸ਼ ਬੱਸ ਰਾਹੀਂ ਆਪ ਪਾਵਨ ਸਰੂਪ ਗੁਜਰਾਤ ਪਹੁੰਚਾਏਗੀ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਲਈ ਤਿੰਨ ਗ੍ਰੰਥੀ ਸਿੰਘ ਨਿਯੁਕਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ’ਚ ਬਣਾਈ ਗਈ ਸਬ-ਕਮੇਟੀ ਵੱਲੋਂ ਵਿਧੀ ਵਿਧਾਨ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਏ ਭਾਈ ਰਾਜਦੀਪ ਸਿੰਘ, ਭਾਈ ਸੁਲਤਾਨ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੰਜ ਪਿਆਰਿਆਂ ’ਚ ਸ਼ਾਮਲ ਭਾਈ ਬਲਜੀਤ ਸਿੰਘ ਦੇ ਨਾਵਾਂ ਦੀ ਸਿਫਾਰਿਸ਼ ਕੀਤੀ ਸੀ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕੀਤਾ ਹੈ। ਇਨ੍ਹਾਂ ਤਿੰਨਾਂ ਸ਼ਖ਼ਸੀਅਤਾਂ ਦਾ ਸੇਵਾ ਸੰਭਾਲ ਸਮਾਗਮ 26 ਅਗਸਤ ਨੂੰ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਬੀਤੇ ਸਮੇਂ ਅਮਰੀਕਾ ’ਚ ਡਿਊਟੀ ਦੌਰਾਨ ਸ਼ਹੀਦ ਹੋਏ ਸਿੱਖ ਪੁਲਸ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਦੀਪ ਸਿੰਘ ਦੇ ਨਗਰ ’ਚ ਯਾਦਗਾਰ ਲਈ ਸ਼੍ਰੋਮਣੀ ਕਮੇਟੀ ਵੱਲੋਂ 10 ਲੱਖ ਰੁਪਏ ਦਿੱਤੇ ਜਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਨੇ ਅਮਰੀਕਾ ਪੁਲਸ ’ਚ ਦਸਤਾਰ ਸਮੇਤ ਡਿਊਟੀ ਕਰਨ ਲਈ ਕਰੀਬ 6 ਸਾਲ ਲੜਾਈ ਲੜੀ ਸੀ, ਜਿਸ ਕਰਕੇ ਸਿੱਖਾਂ ਨੂੰ ਸੇਵਾ ਦੌਰਾਨ ਦਸਤਾਰ ਦੀ ਛੋਟ ਮਿਲੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਈਸ਼ਰ ਸਿੰਘ ਅਤੇ ਜਥੇਦਾਰ ਅਮਰ ਸਿੰਘ ਧਾਲੀਵਾਲ ਬੇਟ ਦੀਆਂ ਤਸਵੀਰਾਂ ਵੀ ਕੇਂਦਰੀ ਸਿੱਖ ਅਜਾਇਬਘਰ ਵਿਚ ਲਗਾਈਆਂ ਜਾਣਗੀਆਂ।
ਇਹ ਵੀ ਪੜ੍ਹੋ : ਕਾਬੁਲ ’ਚ ਵਧਦੀਆਂ ਕੀਮਤਾਂ ਤੇ ਬੈਂਕਿੰਗ ਸੇਵਾਵਾਂ ਠੱਪ ਹੋਣ ਕਾਰਨ ਲੋਕ ਕਰ ਰਹੇ ਮੁਸ਼ਕਿਲਾਂ ਦਾ ਸਾਹਮਣਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਗੇ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਦੀ ਭੇਟਾ 9500 ਰੁਪਏ ਕਰ ਦਿੱਤੀ ਗਈ ਹੈ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਕਿਸਤਾਨ ਸਰਕਾਰ ਵੱਲੋਂ ਸੰਗਤ ਨੂੰ ਇਜਾਜ਼ਤ ਦੇਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਬੰਧ ’ਚ ਜਲਦ ਹਰੀ ਝੰਡੀ ਦੇਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਕੇਂਦਰ ਸਰਕਾਰ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਉਨ੍ਹਾਂ ਆਖਿਆ ਕਿ ਕੋਰੋਨਾ ਕਰਕੇ ਬੰਦ ਹੋਇਆ ਲਾਂਘਾ ਤੁਰੰਤ ਖੋਲ੍ਹਣਾ ਚਾਹੀਦਾ ਹੈ ਅਤੇ ਖ਼ਾਸ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਦਿਹਾੜੇ ਤੋਂ ਪਹਿਲਾਂ ਪਹਿਲਾਂ ਇਸ ਦਾ ਫੈਸਲਾ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਫ਼ਗਾਨਿਸਤਾਨ ’ਚ ਮੌਜੂਦਾ ਹਾਲਾਤ ਕਰਕੇ ਭੈਅ ਭੀਤ ਸਿੱਖਾਂ ਨੂੰ ਭਾਰਤ ਲਿਆਉਣ ਦੀ ਵੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਸਿੱਖ ਭਾਰਤ ਆਉਣਗੇ, ਉਨ੍ਹਾਂ ਦੇ ਰਹਿਣ ਅਤੇ ਰੁਜ਼ਗਾਰ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੇ ਪਿਤਾ ਭਾਈ ਇੰਦਰਜੀਤ ਸਿੰਘ ਖਾਲਸਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ੋਕ ਮਤਾ ਪੜ੍ਹਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ ਗਈ।
ਨਕਾਬਪੋਸ਼ਾਂ ਨੇ ਪਿਸਟਲ ਵਿਖਾ ਕੇ ਖੋਹਿਆ ਨੌਜਵਾਨ ਦਾ ਮੋਬਾਇਲ ਅਤੇ ਮੋਟਰ ਸਾਈਕਲ ਖੋਹਿਆ
NEXT STORY