ਲੁਧਿਆਣਾ (ਗੌਤਮ) : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸੋਮਵਾਰ ਨੂੰ ਪੰਜਾਬ ਭਰ ’ਚ ਟਰੇਨਾਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਦਲ ਦੇ ਜਨਰਲ ਸੈਕਟਰੀ ਮਹਿੰਦਰਪਾਲ ਸਿੰਘ ਵੱਲੋਂ ਜਾਰੀ ਵੀਡੀਓ ’ਚ ਕਿਹਾ ਗਿਆ ਹੈ ਕਿ ਦਲ ਦੇ ਵੱਖ-ਵੱਖ ਅਹੁਦੇਦਾਰ ਆਪਣੇ-ਆਪਣੇ ਇਲਾਕਿਆਂ ’ਚ ਰੇਲਵੇ ਟਰੈਕ ’ਤੇ ਬੈਠ ਕੇ ਰੋਸ-ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ’ਚ ਸੋਮਵਾਰ ਨੂੰ 11 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਵੱਖ-ਵੱਖ ਥਾਵਾਂ ’ਤੇ ਧਰਨਾ ਲਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਡਿਬਰੂਗੜ੍ਹ ਜੇਲ੍ਹ ’ਚ ਝੂਠੇ ਪਰਚੇ ਤਹਿਤ ਬੰਦ ਕੀਤੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਜੇਲ ’ਚ ਹੋ ਰਹੇ ਜ਼ੁਲਮ ਦੇ ਵਿਰੋਧ ’ਚ ਧਰਨਾ ਲਗਾ ਕੇ ਰੋਸ-ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਦੀ ਮੰਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਝੂਠੇ ਕੇਸ ਰੱਦ ਕਰ ਕੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਪੰਜਾਬ ਵਾਪਸ ਲਿਆਂਦਾ ਜਾਵੇ। ਧਰਨਾ ਦੇ ਰਹੇ ਕਿਸਾਨਾਂ ਦੀਆਂ ਮੰਗਾਂ ਨੂੰ ਜਲਦ ਮੰਨਿਆ ਜਾਵੇ ਅਤੇ ਉਨ੍ਹਾਂ ਦੇ ਸਾਰੇ ਮਾਮਲੇ ਹੱਲ ਕੀਤੇ ਜਾਣ।
ਇਸ ਦੌਰਾਨ ਸ਼ੁਭਕਰਣ ਦੀ ਮੌਤ ਨੂੰ ਲੈ ਕੇ ਵੀ ਉਸ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ। ਮਹਿੰਦਰਪਾਲ ਨੇ ਦੱਸਿਆ ਕਿ ਇਸ ਦੌਰਾਨ ਹੋਰ ਮਜ਼ਦੂਰ ਯੂਨੀਅਨਾਂ ਦੇ ਲੋਕ ਵੀ ਉਨ੍ਹਾਂ ਦਾ ਸਾਥ ਦੇਣ, ਤਾਂ ਕਿ ਉਨ੍ਹਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾ ਸਕੇ। ਦੂਜੇ ਪਾਸੇ ਬੰਦ ਦੀ ਕਾਲ ਨੂੰ ਦੇਖਦੇ ਹੋਏ ਰੇਲ ਵਿਭਾਗ ਵੱਲੋਂ ਪਹਿਲਾਂ ਹੀ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਵੱਲੋਂ 3 ਮਾਰਚ ਨੂੰ ਦੇਰ ਰਾਤ ਤੋਂ ਟਰੈਕਾਂ ’ਤੇ ਗਸ਼ਤ ਵਧਾਈ ਜਾ ਰਹੀ ਹੈ ਅਤੇ ਸੰਵੇਦਨਸ਼ੀਲ ਇਲਾਕਿਆਂ ’ਚ ਸਥਿਤ ਫਾਟਕਾਂ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ, ਤਾਂ ਕਿ ਕਿਸੇ ਵੀ ਤਰ੍ਹਾਂ ਦੀ ਕੋਈ ਅਣਹੋਣੀ ਘਟਨਾ ਨਾ ਵਾਪਰ ਸਕੇ। ਟਰੈਕ ’ਤੇ ਡਿਊਟੀ ਦੇਣ ਵਾਲੇ ਗੇਟਮੈਨਾਂ ਅਤੇ ਫਾਟਕਾਂ ’ਤੇ ਡਿਊਟੀ ਦੇਣ ਵਾਲੇ ਮੁਲਾਜ਼ਮਾਂ ਨੂੰ ਵੀ ਚੌਕਸ ਕੀਤਾ ਗਿਆ ਹੈ।
ਪੰਜਾਬ ’ਚ ਫਿਰ ਵਾਪਰਿਆ ਭਿਆਨਕ ਹਾਦਸਾ, ਦੋ ਘਰਾਂ ’ਚ ਵਿਛ ਗਏ ਸੱਥਰ, ਦੇਖੋ ਖ਼ੌਫਨਾਕ ਤਸਵੀਰਾਂ
NEXT STORY