ਮਾਨਸਾ (ਸੰਦੀਪ ਮਿੱਤਲ) : ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮਾਨਸਾ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਵਲੋਂ ਚੋਣ ਲੜ ਚੁੱਕੇ ਸਾਬਕਾ ਵਿਧਾਇਕ ਜਗਦੀਪ ਸਿੰਘ ਨਕੱਈ ਅੱਜ ਭਾਜਪਾ ਲੀਡਰਸ਼ਿੱਪ ਦੀ ਅਗਵਾਈ ਹੇਠ ਦਿੱਲੀ ਵਿਖੇ ਭਾਜਪਾ ’ਚ ਸ਼ਾਮਿਲ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਰ ਉਹ ਵਿਧਾਨ ਸਭਾ ਹਲਕਾ ਮੌੜ ਤੋਂ ਅਕਾਲੀ ਦਲ ਵਲੋਂ ਚੋਣ ਲੜਨ ਦੇ ਚਾਹਵਾਨ ਦੱਸੇ ਜਾਂਦੇ ਸਨ ਪਰ ਅਕਾਲੀ ਦਲ ਨੇ ਮੌੜ ਹਲਕੇ ਤੋਂ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਸਿੰਘ ਬਰਾੜ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਸੀ। ਵਰਨਣਯੋਗ ਹੈ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਧਾਨ ਸਭਾ ਹਲਕਾ ਜੋਗਾ ਤੋਂ ਅਕਾਲੀ ਦਲ ਵਲੋਂ ਵਿਧਾਇਕ ਰਹਿ ਚੁੱਕੇ ਹਨ ਅਤੇ ਅਕਾਲੀ ਸਰਕਾਰ ਸਮੇਂ ਸੰਸਦੀ ਸਕੱਤਰ ਵੀ ਰਹਿ ਚੁੱਕੇ ਹਨ। ਇਸ ਸਬੰਧੀ ਜਦੋਂ ਜਗਦੀਪ ਸਿੰਘ ਨਕੱਈ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਟਿਕਟ ਨਾ ਦੇਣ ਤੇ ਉਹ ਨਿਰਾਸ਼ ਨਹੀਂ ਸਨ, ਬਲਕਿ ਪਾਰਟੀ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਭਾਜਪਾ ਵਿਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਆਮ ਲੋਕਾਂ ਦੀ ਪਾਰਟੀ ਨਹੀਂ, ਬਲਕਿ ਸਰਮਾਏਦਾਰਾਂ ਦੀ ਪਾਰਟੀ ਬਣ ਚੁੱਕਾ ਹੈ। ਜਿਸ ਵਿਚ ਆਮ ਵਰਕਰਾਂ ਦੀ ਪੁੱਛ ਪ੍ਰਤੀਤ ਹੁਣ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਦਿਨ-ਬ-ਦਿਨ ਭਾਜਪਾ ਦਾ ਗ੍ਰਾਫ ਵੱਧਦਾ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਕਾਂਗਰਸੀ ਹੁਣ ਪੂਰੀ ਤਰ੍ਹਾਂ ਦੋਫਾੜ ਹੋ ਚੁੱਕੇ ਹਨ, ਜਦੋਂ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਗਾਉਣਗੇ।
ਸਿਆਸਤਦਾਨਾਂ ਨੂੰ ਸਾਬਕਾ ਪੁਲਸ ਮੁਲਾਜ਼ਮਾਂ ਦੀ ਚਿਤਾਵਨੀ
NEXT STORY