ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ 100 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ 12 ਤੋਂ 14 ਦਸੰਬਰ ਤੱਕ ਸ੍ਰੀ ਆਖੰਡ ਪਾਠ ਸਾਹਿਬ ਕਰਵਾਏਗਾ ਅਤੇ ਪਾਰਟੀ ਨੇ ਕਿਸਾਨ ਸੰਘਰਸ਼ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲਾ ਤਿੰਨ ਰੋਜ਼ਾ ਸਮਾਗਮ ਰੱਦ ਕਰ ਦਿੱਤਾ ਹੈ। ਇਸ ਬਾਰੇ ਫ਼ੈਸਲਾ ਕੱਲ੍ਹ ਰਾਤ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ।
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਜ਼ਾਰਾਂ ਅਕਾਲੀ ਵਰਕਰ ਦਿੱਲੀ ਵਿਚ ਬਾਰਡਰ 'ਤੇ ਚੱਲ ਰਹੇ ਕਿਸਾਨ ਸੰਘਰਸ਼ ਵਿਚ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਕਿ ਜੇਕਰ ਪਾਰਟੀ ਨੇ ਤੈਅ ਪ੍ਰੋਗਰਾਮ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਵਿਚ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ ਤਾਂ ਕਿਸਾਨ ਸੰਘਰਸ਼ ਵੱਡੀ ਪੱਧਰ 'ਤੇ ਪ੍ਰਭਾਵਤ ਹੋਵੇਗਾ। ਇਸ ਲਈ ਇਹ ਫ਼ੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ੍ਰੀ ਆਖੰਡ ਪਾਠ ਸਾਹਿਬ ਰਖਵਾਇਆ ਜਾਵੇ ਜਿਸਦਾ ਭੋਗ 14 ਦਸੰਬਰ ਨੂੰ ਪਾਇਆ ਜਾਵੇਗਾ।
ਕੋਰ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਵੀ ਦਿਲੋਂ ਹਮਾਇਤ ਦੇਣ ਦਾ ਫ਼ੈਸਲਾ ਕੀਤਾ। ਕਮੇਟੀ ਨੇ ਸਮੂਹ ਪੰਜਾਬੀਆਂ ਨੂੰ ਅਤੇ ਦੇਸ਼ ਭਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਕਿਸਾਨਾਂ ਨਾਲ ਇਕਜੁੱਟਤਾ ਵਿਖਾਉਣ। ਇਹ ਵੀ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀਬਾੜੀ ਮੰਡੀਕਰਣ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਸਰਕਾਰ ਨੂੰ ਐੱਮ. ਐੱਸ. ਪੀ. ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ।
ਹੈਵਾਨੀਅਤ ਦੀਆਂ ਹੱਦਾਂ ਪਾਰ: ਸਕੇ ਭਾਣਜੇ ਨੇ ਮਾਮੀ ਨਾਲ ਕੀਤਾ ਜਬਰ-ਜ਼ਿਨਾਹ
NEXT STORY