ਚੰਡੀਗੜ੍ਹ (ਪਰਾਸ਼ਰ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਕਾਂਗਰਸ ਵੱਲੋਂ ਸੂਬੇ ਦੇ ਦਰਿਆਈ ਪਾਣੀਆਂ ਨੂੰ ਹਾਂਸੀ-ਬੁਟਾਣਾ ਨਹਿਰ ਰਾਹੀਂ ਹਰਿਆਣਾ ਨੂੰ ਦੇਣ ਲਈ ਚੁੱਪ-ਚੁਪੀਤੇ ਕੀਤੀ ਗਈ ਸੌਦੇਬਾਜ਼ੀ ਨੂੰ ਰੱਦ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਉਹ ਅਜਿਹੀ ਕਿਸੇ ਵੀ ਸਾਜ਼ਿਸ਼ ਨੂੰ ਸਿਰੇ ਨਹੀਂ ਚੜ੍ਹਨ ਦੇਵੇਗਾ। ਅੱਜ ਇਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਰੀ ਸੀਨੀਅਰ ਲੀਡਰਸ਼ਿਪ ਨੇ ਹਿੱਸਾ ਲਿਆ, ਜਿਸ ਵਿਚ ਇਹ ਪ੍ਰਸਤਾਵ ਪਾਸ ਕਰਦਿਆਂ ਅਕਾਲੀ ਦਲ ਨੇ ਕਿਹਾ ਕਿ ਪੰਜਾਬ ਕਾਂਗਰਸ ਸੂਬੇ ਦਾ 1000 ਕਿਊਸਿਕ ਦਰਿਆਈ ਪਾਣੀ ਹਾਂਸੀ-ਬੁਟਾਣਾ ਨਹਿਰ ਰਾਹੀਂ ਹਰਿਆਣਾ ਨੂੰ ਦੇਣ ਲਈ ਸਹਿਮਤੀ ਜਤਾ ਕੇ ਸਿਧਾਂਤਕ ਤੌਰ 'ਤੇ ਪੰਜਾਬ ਦੇ ਹਿੱਤਾਂ ਨੂੰ ਵੇਚਣ ਲਈ ਤਿਆਰ ਹੋ ਗਈ ਹੈ।
ਮੀਟਿੰਗ ਦੌਰਾਨ ਪਾਸ ਕੀਤੇ ਇਕ ਹੋਰ ਮਤੇ ਵਿਚ ਅਕਾਲੀ ਦਲ ਨੇ ਕਾਹਨੂੰਵਾਨ ਵਿਖੇ ਹੋਈ ਬੇਅਦਬੀ ਦੀ ਘਟਨਾ ਮਗਰੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਗੁਰਦੁਆਰਾ ਛੋਟਾ ਘੱਲੂਘਾਰਾ ਵਿਚ ਦਾਖਲ ਹੋਣ ਤੋਂ ਰੋਕ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸਿੱਖ ਸੰਗਤ ਦਾ ਅਪਮਾਨ ਕਰਨ ਵਾਸਤੇ ਪੰਜਾਬ ਕਾਂਗਰਸ ਦੀ ਨਿਖੇਧੀ ਕੀਤੀ। ਮਤੇ ਵਿਚ ਕਿਹਾ ਗਿਆ ਕਿ ਜੇਕਰ ਕਾਂਗਰਸ ਨੇ ਇਹ ਸਾਰੇ ਬਦਲਾਖੋਰੀ ਦੇ ਕੇਸ ਵਾਪਸ ਨਾ ਲਏ ਤਾਂ ਅਕਾਲੀ ਦਲ 26 ਸਤੰਬਰ ਨੂੰ ਗੁਰਦਾਸਪੁਰ ਵਿਖੇ ਇਕ ਵੱਡਾ ਰੋਸ ਪ੍ਰਦਰਸ਼ਨ ਕਰੇਗਾ।
ਅਕਾਲੀ ਦਲ ਨੇ ਕਾਂਗਰਸ ਸਰਕਾਰ ਦੀ ਸਾਰੇ ਮੋਰਚਿਆਂ ਉਤੇ ਨਾਕਾਮੀ ਦਾ ਜ਼ਿਕਰ ਕਰਦਿਆਂ ਕਿਹਾ ਗਿਆ ਕਿ ਕਾਂਗਰਸ ਸਰਕਾਰ ਦੇ 6 ਮਹੀਨੇ ਇਕ ਕਾਲੇ ਦੌਰ ਦੇ ਬਰਾਬਰ ਹਨ, ਜਿਸ 'ਚ ਉਮੀਦ ਦੀ ਕੋਈ ਕਿਰਨ ਨਹੀਂ ਹੈ। ਕੋਰ ਕਮੇਟੀ ਨੇ ਭਾਰਤੀ ਹਵਾਈ ਫੌਜ ਦੇ ਪਹਿਲੇ ਮਾਰਸ਼ਲ ਅਰਜਨ ਸਿੰਘ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਇਕ ਮਤਾ ਪਾਸ ਕੀਤਾ, ਜਿਸ 'ਚ ਕਿਹਾ ਗਿਆ ਕਿ ਮਾਰਸ਼ਲ ਨੇ 1965 ਦੀ ਲੜਾਈ ਵਿਚ ਬਹੁਤ ਹੀ ਅਹਿਮ ਭੂਮਿਕਾ ਨਿਭਾਈ ਸੀ। ਪਾਰਟੀ ਨੇ ਕਿਹਾ ਕਿ ਮਾਰਸ਼ਲ ਅਰਜਨ ਸਿੰਘ ਵੱਲੋਂ ਦੇਸ਼ ਲਈ ਨਿਭਾਈਆਂ ਸੇਵਾਵਾਂ ਬਦਲੇ ਉੁਨ੍ਹਾਂ ਨੂੰ ਭਾਰਤ ਰਤਨ ਦਿੱਤਾ ਜਾਵੇ।
ਇਕ ਹੋਰ ਮਤੇ 'ਚ ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਦੀ ਧਰਮਪਤਨੀ ਬੀਬੀ ਨਸੀਬ ਕੌਰ ਅਤੇ ਮਸ਼ਹੂਰ ਨੈਫਰੋਲਾਜਿਸਟ ਡਾ. ਕੇ. ਐੱਸ. ਚੁੱਘ ਦੇ ਅਕਾਲ ਚਲਾਣੇ ਉਤੇ ਦੋਵਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ : ਸ਼੍ਰੋਮਣੀ ਅਕਾਲੀ ਦਲ
NEXT STORY