ਚੰਡੀਗੜ੍ਹ (ਪਰਾਸ਼ਰ)-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪਾਰਟੀ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਅਸਲ ਮੁੱਦਿਆਂ ਤੇ ਸਰਕਾਰ ਦੀ ਨਾਕਾਮੀ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਕੋਝੀਆਂ ਹਰਕਤਾਂ 'ਤੇ ਉੱਤਰ ਆਈ ਹੈ। ਇਥੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਤੇ ਬੁਲਾਰੇ ਐੱਨ. ਕੇ. ਸ਼ਰਮਾ ਨੇ ਕਿਹਾ ਕਿ ਜਦੋਂ ਕਾਂਗਰਸ ਪਾਰਟੀ ਨੇ ਇਹ ਮਹਿਸੂਸ ਕੀਤਾ ਕਿ ਇਸ ਦੀ ਪੂਰਨ ਅਸਫਲਤਾ ਗੁਰਦਾਸਪੁਰ ਚੋਣ ਦਾ ਮੁੱਖ ਮੁੱਦਾ ਹੈ ਤੇ ਇਸ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਵੇਲੇ ਲੋਕਾਂ ਨੂੰ ਗੁੰਮਰਾਹ ਕਰਨ ਬਦਲੇ ਸਬਕ ਸਿਖਾਉਣ ਦਾ ਮਨ ਲੋਕਾਂ ਨੇ ਬਣਾ ਲਿਆ ਹੈ ਤਾਂ ਇਸ ਨੇ ਨਵੀਂ ਡਰਾਮੇਬਾਜ਼ੀ ਸ਼ੁਰੂ ਕਰ ਦਿੱਤੀ ਤੇ ਹੋਛੀਆਂ ਹਰਕਤਾਂ 'ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਇਹ ਯਤਨ ਕਦੇ ਵੀ ਸਫਲ ਨਹੀਂ ਹੋਣਗੇ ਕਿਉਂਕਿ ਲੋਕਾਂ ਸਾਹਮਣੇ ਇਸ ਦਾ ਪਰਦਾਫਾਸ਼ ਹੋ ਚੁੱਕਾ ਹੈ।
ਸ਼ਰਮਾ ਨੇ ਕਿਹਾ ਕਿ ਪਿਛਲੇ 6 ਮਹੀਨਿਆਂ ਦੇ ਕਾਂਗਰਸ ਪਾਰਟੀ ਦੇ ਰਾਜ ਵਿਚ ਲੋਕਾਂ ਨੇ ਵੱਡਾ ਸੰਤਾਪ ਹੰਢਾਇਆ ਹੈ ਤੇ ਸਰਕਾਰ ਵਿਧਾਨ ਸਭਾ ਚੋਣਾਂ ਵੇਲੇ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਕਰਨ ਵਿਚ ਸਫਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਇਸ ਨੇ ਕਰਜ਼ਾ ਮੁਆਫੀ ਦੇ ਮਾਮਲੇ 'ਤੇ ਕਿਸਾਨਾਂ ਨੂੰ ਗੁੰਮਰਾਹ ਕੀਤਾ ਤੇ ਹੁਣ ਖੇਤੀਬਾੜੀ ਖੇਤਰ ਲਈ ਬਿਜਲੀ ਦੇ ਬਿੱਲ ਲਾਗੂ ਕਰਨ ਦੀ ਤਿਆਰੀ ਚਲ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦੀਆਂ ਪੈਨਸ਼ਨਾਂ ਵਿਚ ਵਾਧੇ ਦੇ ਵਾਅਦੇ ਵੀ ਗਲਤ ਸਾਬਤ ਹੋ ਰਹੇ ਹਨ ਤੇ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਦੇ ਕਈ ਨਾਮ ਸੂਚੀ ਵਿਚੋਂ ਕੱਟ ਦਿੱਤੇ ਗਏ ਹਨ। ਸ਼ਰਮਾ ਨੇ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਰਾਜ ਦੇ ਲੋਕਾਂ ਦੀ ਨਬਜ਼ ਪਛਾਣਨੀ ਚਾਹੀਦੀ ਹੈ ਤੇ ਮੰਤਰਾਲਾ ਚਲਾਉਣ ਦੇ ਨਾਲ-ਨਾਲ ਸਰਕਾਰ ਚਲਾਉਣ ਵਿਚ ਵੀ ਆਪਣੀ ਪੂਰੀ ਅਸਫਲਤਾ ਕਬੂਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਇਹ ਮਹਿਸੂਸ ਕੀਤਾ ਕਿ ਲੋਕਾਂ ਨੇ ਉਨ੍ਹਾਂ ਤੋਂ ਹੁਣ ਜਵਾਬ ਮੰਗਣੇ ਸ਼ੁਰੂ ਕਰ ਦਿੱਤੇ ਹਨ ਤਾਂ ਉਨ੍ਹਾਂ ਨੇ ਗੁਰਦਾਸਪੁਰ ਦੀ ਥਾਂ ਹੋਰ ਸ਼ਹਿਰਾਂ ਵਿਚ ਸ਼ਰਨ ਲੈਣੀ ਸ਼ੁਰੂ ਕਰ ਦਿੱਤੀ ਹੈ ਪਰ ਲੋਕਾਂ ਨੇ ਕਾਂਗਰਸ ਪਾਰਟੀ ਨੂੰ ਸਬਕ ਸਿਖਾਉਣ ਦਾ ਫੈਸਲਾ ਕਰ ਲਿਆ ਹੈ।
ਸੀ. ਪੀ. ਆਈ. ਨੇ ਗੁਰਦਾਸਪੁਰ 'ਚ ਦਿੱਤਾ ਕਾਂਗਰਸ ਨੂੰ ਹਮਾਇਤ ਦਾ ਸੰਕੇਤ
NEXT STORY