ਜਲੰਧਰ (ਚਾਵਲਾ)— ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਥੋਂ ਜਾਰੀ ਆਪਣੇ ਬਿਆਨ 'ਚ ਦੱਸਿਆ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਵਫਦ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮੇਂ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਲੈ ਕੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੁਲਾਕਾਤ ਬੜੇ ਸੁਖਾਵੇਂ ਮਾਹੌਲ 'ਚ ਹੋਈ ਅਤੇ ਮੁੱਖ ਮੰਤਰੀ ਨੇ ਨਗਰ ਕੀਰਤਨ ਬਾਰੇ ਵਿਸਤਾਰ ਨਾਲ ਜਾਣਕਾਰੀ ਲੈਣ ਉਪਰੰਤ ਇਸ ਪਾਵਨ ਅਤੇ ਇਤਿਹਾਸਕ ਮੌਕੇ ਉਨ੍ਹਾਂ ਦੀ ਸਰਕਾਰ ਵੱਲੋਂ ਹਰ-ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਵਫਦ ਨੇ ਸ਼੍ਰੀ ਖੱਟੜ ਨੂੰ ਨਗਰ ਕੀਰਤਨ ਲੈ ਕੇ ਜਾਣ ਬਾਰੇ ਪਾਕਿਸਤਾਨ ਸਰਕਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਕੀਰਤਨ ਨੂੰ ਰਵਾਨਗੀ ਦੇਣ ਸਮੇਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਭੇਜੇ ਸੱਦਾ ਪੱਤਰ ਬਾਰੇ ਵੀ ਜਾਣਕਾਰੀ ਦਿੱਤੀ।
ਸਰਨਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਰੇ ਸੰਸਾਰ ਨੂੰ ਆਪਸੀ ਭਾਈਚਾਰੇ ਅਤੇ ਸ਼ਾਂਤੀ ਦਾ ਉਪਦੇਸ਼ ਦਿੱਤਾ ਸੀ ਤੇ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਭਾਰਤ ਤੋਂ ਪਾਕਿਸਤਾਨ ਜਾਣ ਵਾਲਾ ਇਹ ਨਗਰ ਕੀਰਤਨ ਜਿੱਥੇ ਵਿਸ਼ਵ ਪੱਧਰ ਦੇ ਗੁਰੂ ਨਾਨਕ ਸਾਹਿਬ ਦੇ ਫਲਸਫੇ ਅਤੇ ਸੰਦੇਸ਼ ਨੂੰ ਪਹੁੰਚਾਏਗਾ, ਉਥੇ ਹੀ ਦੋ ਨਾਂ ਗੁਆਂਢੀ ਮੁਲਕਾਂ 'ਚ ਸ਼ਾਂਤੀ, ਆਪਸੀ ਪਿਆਰ ਅਤੇ ਇਤਫਾਕ ਨੂੰ ਵਧੇਰੇ ਮਜ਼ਬੂਤ ਕਰਨ 'ਚ ਸਹਾਈ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਕਿਉਂਕਿ ਆਸ ਕਰਦੇ ਹਾਂ ਕਿ ਗੁਰੂ ਸਾਹਿਬ ਦੇ ਇਸ ਪਾਵਨ ਪ੍ਰਕਾਸ਼ ਦਿਹਾੜੇ ਤੋਂ ਪਹਿਲਾਂ ਦੋਵਾਂ ਗੁਆਂਢੀ ਮੁਲਕਾਂ ਦੇ ਆਪਸੀ ਕੂਟਨੀਤਕ ਰਿਸ਼ਤਿਆਂ ਦੀ ਚੰਗੀ ਸ਼ੁਰੂਆਤ ਹੋਵੇਗੀ। ਉਨ੍ਹਾਂ ਦੱਸਿਆ ਕਿ ਖੱਟੜ ਨਾਲ ਮੁਲਾਕਾਤ ਕਰਵਾਉਣ ਦਾ ਸਾਰਾ ਇੰਤਜ਼ਾਮ ਹਰਿਆਣਾ ਵਿਚ ਸਿੱਖ ਮੁੱਦਿਆਂ 'ਤੇ ਆਵਾਜ਼ ਚੁੱਕਣ ਵਾਲੇ ਹਰਪਾਲ ਸਿੰਘ ਚੀਕਾ ਨੇ ਕੀਤਾ ਤੇ ਇਸ ਵਫਦ ਵਿਚ ਹਰਵਿੰਦਰ ਸਿੰਘ ਸਰਨਾ ਤੋਂ ਇਲਾਵਾ ਦਿੱਲੀ ਕਮੇਟੀ ਦੇ ਮੈਂਬਰ ਸੁਖਬੀਰ ਸਿੰਘ ਕਾਲੜਾ, ਕਰਤਾਰ ਸਿੰਘ ਚਾਵਲਾ (ਵਿੱਕੀ), ਸ਼੍ਰੋਮਣੀ ਅਕਾਲੀ ਦਲ ਦਿੱਲੀ ਦੀ ਯੂਥ ਵਿੰਗ ਦੇ ਪ੍ਰਧਾਨ ਜਤਿੰਦਰ ਸਿੰਘ (ਸੋਨੂੰ) ਤੇ ਹੋਰ ਸੱਜਣ ਸ਼ਾਮਲ ਸਨ।
ਸਰਹੱਦੀ ਇਲਾਕਿਆਂ ਤੱਕ ਨਹੀਂ ਪਹੁੰਚ ਰਿਹਾ ਨਹਿਰੀ ਪਾਣੀ, ਕਿਸਾਨ ਪਰੇਸ਼ਾਨ
NEXT STORY