ਅੰਮ੍ਰਿਤਸਰ (ਦੀਪਕ/ਪੁਰੀ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦੀ ਆਰੰਭਤਾ ਅੱਜ ਅਰਦਾਸ ਉਪਰੰਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਦੁਨੀਆ ਤੋਂ ਹਰ ਧਰਮ ਦੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਜਿਨ੍ਹਾਂ ਨੂੰ ਰੂਹਾਨੀਅਤ ਦੇ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਲਈ ਸੂਚਨਾ ਕੇਂਦਰ ਦਾ ਨਵੀਨੀਕਰਨ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਥੇ ਤਾਇਨਾਤ ਸੂਚਨਾ ਅਧਿਕਾਰੀਆਂ ਵੱਲੋਂ ਵੱਖ-ਵੱਖ ਭਾਸ਼ਾਵਾਂ ਰਾਹੀਂ ਸ਼ਰਧਾਲੂਆਂ ਨੂੰ ਜਾਣਕਾਰੀ ਦਿੱਤੀ ਜਾਂਦੀ ਹੈ। ਨਵੇਂ ਤਿਆਰ ਕੀਤੇ ਗਏ ਸੂਚਨਾ ਕੇਂਦਰ ਵਿਖੇ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਸ਼ਖਸੀਅਤਾਂ ਤੇ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪ੍ਰੋ. ਬਡੂੰਗਰ ਨੇ ਸੂਚਨਾ ਅਧਿਕਾਰੀਆਂ ਨੂੰ ਬਾਹਰੋਂ ਆਈਆਂ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਨੂੰ ਸਤਿਕਾਰ ਸਹਿਤ ਜਾਣਕਾਰੀ ਦੇਣ ਦੀ ਪ੍ਰੇਰਣਾ ਵੀ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਮੈਂਬਰ ਭਗਵੰਤ ਸਿੰਘ ਸਿਆਲਕਾ, ਭਾਈ ਰਜਿੰਦਰ ਸਿੰਘ ਮਹਿਤਾ, ਅਜਾਇਬ ਸਿੰਘ ਅਭਿਆਸੀ, ਹਰਪਾਲ ਸਿੰਘ ਜੱਲਾ, ਸ਼੍ਰੋਮਣੀ ਕਮੇਟੀ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ ਆਦਿ ਹਾਜ਼ਰ ਸਨ।
ਬੈਂਸ ਭਰਾਵਾਂ ਨੇ ਕੀਤਾ ਲੋਕ ਇਨਸਾਫ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਐਲਾਨ
NEXT STORY