ਦੋਰਾਹਾ (ਵਿਨਾਇਕ): ਲੁਧਿਆਣਾ–ਚੰਡੀਗੜ੍ਹ ਦੱਖਣੀ ਬਾਈਪਾਸ ’ਤੇ ਪਿੰਡ ਅਜਨੌਦ ਨੇੜੇ ਸਰਹਿੰਦ ਨਹਿਰ ਪੁਲ਼ ਕੋਲ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਇਕ ਤੇਜ਼ ਰਫ਼ਤਾਰ ਮਾਰੂਤੀ ਸੁਜ਼ੂਕੀ ਕਾਰ ਦੇ ਡਰਾਈਵਰ ਵੱਲੋਂ ਸਪਲੈਂਡਰ ਮੋਟਰਸਾਈਕਲ ਨੂੰ ਪਿੱਛੋਂ ਮਾਰੀ ਗਈ ਭਿਆਨਕ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ 'ਤੇ ਡਿੱਗ ਜਾਣ ਕਾਰਨ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਅਤੇ ਮਾਸੂਮ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਇਲਾਜ ਚੰਡੀਗੜ੍ਹ ਦੇ ਹਸਪਤਾਲ ਵਿਚ ਜਾਰੀ ਹੈ।
ਇਸ ਸਬੰਧੀ ਥਾਣਾ ਦੋਰਾਹਾ ਪੁਲਸ ਵੱਲੋਂ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਜੁਰਮ 281, 106(1), 324(4) ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦਰਸ਼ਨ ਸਿੰਘ ਪੁੱਤਰ ਘਨੱਈਆ ਲਾਲ ਵਾਸੀ ਗਿਆਸਪੁਰਾ, ਲੁਧਿਆਣਾ ਨੇ ਦੱਸਿਆ ਕਿ 24 ਮਈ ਨੂੰ ਉਹ ਆਪਣੇ ਛੋਟੇ ਭਰਾ ਵਿੱਕੀ ਕੁਮਾਰ (28), ਭਰਜਾਈ ਪਾਇਲ ਅਤੇ ਭਤੀਜੀ ਕਾਵਿਆ ਨਾਲ ਪਿੰਡ ਰਾਜਗੜ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ ਹੋਏ ਸਨ। ਮੱਥਾ ਟੇਕਣ ਉਪਰੰਤ ਸਾਰੇ ਪਰਿਵਾਰਕ ਮੈਂਬਰ ਆਪੋ-ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਵਾਪਸ ਲੁਧਿਆਣਾ ਵੱਲ ਰਵਾਨਾ ਹੋਏ।
ਦਰਸ਼ਨ ਸਿੰਘ ਅਨੁਸਾਰ ਵਿੱਕੀ ਕੁਮਾਰ ਆਪਣੀ ਨਵੀਂ ਖਰੀਦੀ ਬਿਨਾਂ ਨੰਬਰ ਵਾਲੀ ਸਪਲੈਂਡਰ ਮੋਟਰਸਾਈਕਲ ’ਤੇ ਆਪਣੀ ਪਤਨੀ ਪਾਇਲ ਅਤੇ ਧੀ ਕਾਵਿਆ ਨੂੰ ਬਿਠਾ ਕੇ ਉਸ ਤੋਂ ਅੱਗੇ ਜਾ ਰਿਹਾ ਸੀ, ਜਦਕਿ ਉਹ ਖੁਦ ਪਿੱਛੇ ਆਪਣੇ ਮੋਟਰਸਾਈਕਲ ’ਤੇ ਆ ਰਿਹਾ ਸੀ। ਸ਼ਾਮ ਕਰੀਬ 6 ਵਜੇ ਜਦੋਂ ਉਹ ਪਿੰਡ ਅਜਨੌਦ ਨੇੜੇ ਸਰਹਿੰਦ ਨਹਿਰ ਪੁਲ ਕੋਲ ਪਹੁੰਚੇ ਤਾਂ ਦੋਰਾਹਾ ਵੱਲੋਂ ਆ ਰਹੀ ਇਕ ਚਿੱਟੇ ਰੰਗ ਦੀ ਮਾਰੂਤੀ ਸੁਜ਼ੂਕੀ ਕਾਰ ਦੇ ਚਾਲਕ ਨੇ ਕਥਿਤ ਤੌਰ ’ਤੇ ਬੇਹੱਦ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਂਦਿਆਂ ਗਲਤ ਸਾਈਡ ਤੋਂ ਲਿਆ ਕੇ ਵਿੱਕੀ ਕੁਮਾਰ ਦੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਟੱਕਰ ਇੰਨੀ ਭਿਆਨਕ ਅਤੇ ਜ਼ੋਰਦਾਰ ਸੀ ਕਿ ਮੋਟਰਸਾਈਕਲ ਸਵਾਰ ਤਿੰਨੇ ਜਣੇ ਸੜਕ ’ਤੇ ਜਾ ਡਿੱਗੇ ਅਤੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਇਸ ਦਰਦਨਾਕ ਹਾਦਸੇ ਦੌਰਾਨ ਵਿੱਕੀ ਕੁਮਾਰ ਦੇ ਸਿਰ ਅਤੇ ਲੱਤਾਂ ’ਤੇ ਗੰਭੀਰ ਸੱਟਾਂ ਲੱਗੀਆਂ, ਜਦਕਿ ਉਸ ਦੀ ਪਤਨੀ ਪਾਇਲ ਅਤੇ ਮਾਸੂਮ ਧੀ ਕਾਵਿਆ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ। ਟੱਕਰ ਕਾਰਨ ਮੋਟਰਸਾਈਕਲ ਦਾ ਵੀ ਭਾਰੀ ਨੁਕਸਾਨ ਹੋਇਆ। ਇਸ ਹਾਦਸੇ ਤੋਂ ਬਾਅਦ ਕਾਰ ਚਾਲਕ ਆਪਣੀ ਗੱਡੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ, ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਅਤੇ ਗੁੱਸੇ ਦਾ ਮਾਹੌਲ ਪੈਦਾ ਹੋ ਗਿਆ।
ਬਾਅਦ ਵਿਚ ਰਾਹਗੀਰਾਂ ਅਤੇ 108 ਐਂਬੂਲੈਂਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲੁਧਿਆਣਾ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਮੁੱਢਲੀ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਤੋਂ ਬਾਅਦ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਸਾਰਿਆ ਨੂੰ ਗਵਰਨਮੈਂਟ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32 ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ। ਚੰਡੀਗੜ੍ਹ ਵਿਖੇ ਡਾਕਟਰਾਂ ਨੇ ਜਾਂਚ ਉਪਰੰਤ ਵਿੱਕੀ ਕੁਮਾਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਪਾਇਲ ਅਤੇ ਕਾਵਿਆ ਦਾ ਇਲਾਜ ਅਜੇ ਵੀ ਜਾਰੀ ਹੈ।
ਥਾਣਾ ਦੋਰਾਹਾ ਪੁਲਸ ਅਨੁਸਾਰ ਸਿਵਲ ਹਸਪਤਾਲ ਲੁਧਿਆਣਾ ਤੋਂ ਮਿਲੀ ਮੈਡੀਕੋ-ਲੀਗਲ ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ. ਸੁਦਾਗਰ ਸਿੰਘ ਵੱਲੋਂ ਪੁਲਸ ਪਾਰਟੀ ਸਮੇਤ ਮੌਕੇ ਦੀ ਜਾਂਚ ਕੀਤੀ ਗਈ ਅਤੇ ਦਰਸ਼ਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਆਰੰਭ ਦਿੱਤੀ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਾਲੇ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਫਰਾਰ ਕਾਰ ਚਾਲਕ ਦੀ ਪਛਾਣ ਕਰਕੇ ਉਸ ਨੂੰ ਜਲਦ ਕਾਬੂ ਕੀਤਾ ਜਾ ਸਕੇ। ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਤਫਤੀਸ਼ ਜਾਰੀ ਹੈ।
ਨੌਜਵਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ
NEXT STORY