ਦੋਰਾਹਾ (ਵਿਨਾਇਕ): ਆਲ ਟ੍ਰੇਡ ਯੂਨੀਅਨ ਦੋਰਾਹਾ ਵੱਲੋਂ ਸ਼ਹਿਰ ਦੀਆਂ ਸਮੂਹ ਵਪਾਰਕ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿਚ ਵਪਾਰੀ ਆਗੂਆਂ ਅਤੇ ਮੈਂਬਰਾਂ ਨੇ ਸ਼ਮੂਲੀਅਤ ਕਰਦਿਆਂ ਕਈ ਮਹੱਤਵਪੂਰਨ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਕਲਣ ਵਾਲੀ ਸਦਭਾਵਨਾ ਯਾਤਰਾ ਦੇ ਮੱਦੇਨਜ਼ਰ 26, 27 ਅਤੇ 28 ਜੂਨ (ਸ਼ੁੱਕਰਵਾਰ, ਸ਼ਨੀਵਾਰ ਅਤੇ ਐਤਵਾਰ) ਨੂੰ ਦੋਰਾਹਾ ਸ਼ਹਿਰ ਦੇ ਸਮੂਹ ਬਾਜ਼ਾਰ ਅਤੇ ਵਪਾਰਕ ਅਦਾਰੇ ਮੁਕੰਮਲ ਤੌਰ ’ਤੇ ਬੰਦ ਰੱਖੇ ਜਾਣਗੇ।
ਮੀਟਿੰਗ ਦੌਰਾਨ ਵਪਾਰਕ ਆਗੂਆਂ ਨੇ ਕਿਹਾ ਕਿ ਸਦਭਾਵਨਾ ਯਾਤਰਾ ਸਿਰਫ਼ ਇੱਕ ਧਾਰਮਿਕ ਜਾਂ ਸਮਾਜਿਕ ਪ੍ਰੋਗਰਾਮ ਹੀ ਨਹੀਂ, ਸਗੋਂ ਆਪਸੀ ਭਾਈਚਾਰੇ, ਏਕਤਾ ਅਤੇ ਸਾਂਝੀਵਾਲਤਾ ਦੀ ਪ੍ਰਤੀਕ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਸ਼ਹਿਰ ਦੇ ਸਮੂਹ ਵਪਾਰੀਆਂ ਵੱਲੋਂ ਇਸ ਤਿੰਨ ਦਿਨਾਂ ਦੇ ਬੰਦ ਨੂੰ ਪੂਰਨ ਸਹਿਯੋਗ ਦੇਣ ਦਾ ਫੈਸਲਾ ਕੀਤਾ ਗਿਆ ਹੈ, ਤਾਂ ਜੋ ਇਸ ਯਾਤਰਾ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕੇ। ਯੂਨੀਅਨ ਵੱਲੋਂ ਸਮੂਹ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਤਿੰਨ ਦਿਨਾਂ ਦੌਰਾਨ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਸਦਭਾਵਨਾ ਯਾਤਰਾ ਪ੍ਰਤੀ ਏਕਤਾ ਅਤੇ ਸਾਂਝੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕਰਨ।
ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਡੀਐੱਸਪੀ ਪਾਇਲ ਹਰਮਨਪ੍ਰੀਤ ਸਿੰਘ ਚੀਮਾ ਨੇ ਵਪਾਰੀਆਂ ਵੱਲੋਂ ਉਠਾਏ ਗਏ ਟ੍ਰੈਫਿਕ ਪ੍ਰਬੰਧਾਂ ਅਤੇ ਪਾਰਕਿੰਗ ਨਾਲ ਸਬੰਧਤ ਮੁੱਦਿਆਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿਵਾਇਆ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਜਲਦ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਕੁਝ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਗੈਰ-ਕਾਨੂੰਨੀ ਕਬਜ਼ੇ ਕਰ ਲੈਂਦੇ ਹਨ, ਜਿਸ ਕਾਰਨ ਨਾ ਸਿਰਫ਼ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਸਗੋਂ ਗਾਹਕਾਂ ਨੂੰ ਆਪਣੇ ਵਾਹਨ ਖੜ੍ਹੇ ਕਰਨ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਸੁਵਿਧਾਵਾਂ ਅਤੇ ਟ੍ਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਅਜਿਹੇ ਮਾਮਲਿਆਂ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਇਸ ਮੀਟਿੰਗ ਵਿਚ ਚੇਅਰਮੈਨ ਪ੍ਰੀਤਮ ਸਿੰਘ ਜੱਗੀ, ਹਰਕੇਸ਼ ਕੁਮਾਰ ਹੈਪੀ ਵਰਮਾ, ਵਨੀਤ ਮਕੌਲ, ਮੋਹਿਤ ਮਲਹੋਤਰਾ, ਕੇਸ਼ਵਾ ਨੰਦ, ਅਵਤਾਰ ਸਿੰਘ ਮਠਾੜੂ, ਮਨਦੀਪ ਸਿੰਘ ਵਿੱਕੀ ਓਬਰਾਏ, ਰਾਜੇਸ਼ ਅਬਲਿਸ਼, ਸਤਪਾਲ ਤਿਵਾੜੀ, ਰਾਕਾ ਅਬਲਿਸ਼, ਜਸਵੀਰ ਸਿੰਘ, ਰਾਜਿੰਦਰ ਸਿੰਘ ਸਮੇਤ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਜਥੇਬੰਦੀਆਂ ਦੇ ਆਗੂ ਅਤੇ ਮੈਂਬਰ ਮੌਜੂਦ ਸਨ।
16 ਜੂਨ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਉਤਰਨਗੇ ਕੈਬ ਡਰਾਈਵਰ
NEXT STORY