ਫਾਜ਼ਿਲਕਾ/ਜਲਾਲਾਬਾਦ (ਸੁਨੀਲ ਨਾਗਪਾਲ/ਆਦਰਸ਼): ਜਲਾਲਾਬਾਦ ਵਿਧਾਨ ਸਭਾ ਦੇ ਅਧੀਨ ਆਉਂਦੇ ਪਿੰਡ ਬਾਰੇਕੇ ਸਥਿਤ ਗੁਰਦੁਆਰਾ ਸਾਹਿਬ ਵਿਚ ਅੱਗ ਲੱਗ ਗਈ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਅਗਨ ਭੇਟ ਹੋ ਗਿਾ। ਜਾਣਕਾਰੀ ਮੁਤਾਬਕ ਬੀਤੀ ਰਾਤ ਗ੍ਰੰਥੀ ਸਿੰਘ ਲਈ ਲੱਗੇ ਪੱਖੇ ਵਿਚ ਹੋਈ ਸ਼ਾਰਟ ਸਰਕਟ ਕਾਰਨ ਇਹ ਅੱਗ ਲੱਗੀ ਸੀ। ਸੂਚਨਾ ਮਿਲਣ ਮਗਰੋਂ ਜਲਾਲਾਬਾਦ ਪੁਲਸ ਦੇ ਡੀ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਪੁਲਸ ਟੀਮ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਵਿਚ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਮੌਕੇ 'ਤੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਇੰਚਾਰਜ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਪਿਛਲੇ 4-5 ਦਿਨਾਂ ਤੋਂ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 'ਤੇ ਗਏ ਹੋਏ ਹਨ। ਇਸ ਦੌਰਾਨ ਪੰਜਾਬ ਪੁਲਸ ਤੋਂ ਸੇਵਾਮੁਕਤ ਐੱਸ. ਐੱਚ. ਓ. ਪੰਜਾਬ ਸਿੰਘ ਗੁਰਦੁਆਰਾ ਸਾਹਿਬ ਦੀ ਦੇਖਰੇਖ ਕਰ ਰਹੇ ਸਨ। ਬੀਤੀ ਰਾਤ ਸੁਖਆਸਨ ਕਰਨ ਮਗਰੋਂ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਦਿੱਤਾ ਗਿਆ ਸੀ। ਸਵੇਰੇ ਤਕਰੀਬਨ 5 ਵਜੇ ਪਿੰਡ ਵਾਸੀਆਂ ਨੇ ਸੂਚਨਾ ਦਿੱਤੀ ਕਿ ਗੁਰਦੁਆਰਾ ਸਾਹਿਬ ਤੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਤਾਲਾ ਖੋਲ੍ਹ ਕੇ ਵੇਖਿਆ ਤਾਂ ਅੰਦਰ ਅੱਗ ਲੱਗੀ ਹੋਈ ਸੀ। ਪਿੰਡ ਵਾਸੀਆਂ ਨੇ ਤੁਰੰਤ ਅੱਗ 'ਤੇ ਕਾਬੂ ਪਾਇਆ, ਪਰ ਉਦੋਂ ਤਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇਕ ਪਾਵਨ ਸਰੂਪ ਅਗਨ ਭੇਟ ਹੋ ਚੁੱਕਿਆ ਸੀ। ਘਟਨਾ ਦੀ ਵੀਡੀਓ ਗੁਰਦੁਆਰਾ ਸਾਹਿਬ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਵੀ ਕੈਦ ਹੋ ਗਈ ਹੈ। ਸੂਚਨਾ ਮਿਲਦਿਆਂ ਹੀ ਥਾਣਾ ਸਦਰ ਜਲਾਲਾਬਾਦ ਦੇ ਐੱਸ. ਐੱਚ. ਓ. ਜੁਗਰਾਜ ਸਿੰਘ ਤੇ ਡੀ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਮੌਕੇ 'ਤੇ ਪਹੁੰਚੇ ਤੇ ਸਥਿਤੀ ਦਾ ਜਾਇਜ਼ਾ ਲਿਆ।
ਪੁਲਸ ਨੇ ਸੀ. ਸੀ. ਟੀ. ਵੀ. ਫੁਟੇਜ ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉੱਥੇ ਹੀ ਐੱਸ. ਜੀ. ਪੀ. ਸੀ. ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਚਾਰਕ ਮੈਂਬਰ ਵੀ ਪਹੁੰਚੇ ਤੇ ਹਾਲਾਤ ਦਾ ਜਾਇਜ਼ਾ ਲਿਆ। ਦੂਜੇ ਪਾਸੇ ਪਿੰਡ ਵਾਸੀਆਂ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਤੇ ਰੋਸ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਨ੍ਹਾਂ ਲਈ ਪਿਤਾ ਸਮਾਨ ਹਨ ਤੇ ਇਸ ਘਟਨਾ ਨੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਮੌਕੇ 'ਤੇ ਪਹੁੰਚੇ ਜਲਾਲਾਬਾਦ ਦੇ ਡੀ. ਐੱਸ. ਪੀ. ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਜਿਹੜੇ ਤੱਥ ਸਾਹਮਣੇ ਆਉਣਗੇ, ਉਸ ਦੇ ਅਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਪਹਿਲੀ ਬਾਰਿਸ਼ 'ਚ ਹਲਵਾਰਾ ਏਅਰਪੋਰਟ 'ਤੇ ਹੋਏ ਨੁਕਸਾਨ ਦਾ ਮਸਲਾ ਭਖਿਆ! ਜਾਂਚ ਦੇ ਹੁਕਮ ਜਾਰੀ
NEXT STORY