ਮਾਨਸਾ (ਸੰਦੀਪ ਮਿੱਤਲ, ਪਰਮਜੀਤ) : ਸ਼ਹਿਰ ਦੇ ਸੰਧੂ ਆਸ਼ਰਮ ਰੋਡ ’ਤੇ ਪਲਾਟ ਸਬੰਧੀ ਚੱਲ ਰਹੇ ਝਗੜੇ ਨੇ ਉਸ ਵੇਲੇ ਗੰਭੀਰ ਰੂਪ ਧਾਰਨ ਕਰ ਲਿਆ, ਜਦੋਂ ਦੋ ਧਿਰਾਂ ਵਿਚਾਲੇ ਹੋਈ ਤਕਰਾਰ ਦੌਰਾਨ ਕਥਿਤ ਤੌਰ ’ਤੇ ਗੋਲੀ ਚੱਲ ਗਈ। ਇਸ ਘਟਨਾ 'ਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਹਸਪਤਾਲ 'ਚ ਇਲਾਜ ਅਧੀਨ ਜ਼ਖ਼ਮੀ ਨੌਜਵਾਨ ਗੁਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਦੋਸਤ ਸੰਬਰ ਸਿੰਘ ਦਾ ਆਪਣੀ ਭੂਆ ਦੇ ਪੁੱਤਰ ਨਾਲ ਇੱਕ ਪਲਾਟ ਨੂੰ ਲੈ ਕੇ ਕਰੀਬ ਦੋ ਲੱਖ ਰੁਪਏ ਦਾ ਲੈਣ-ਦੇਣ ਸਬੰਧੀ ਝਗੜਾ ਚੱਲ ਰਿਹਾ ਸੀ। ਇਸ ਮਾਮਲੇ ਨੂੰ ਸੁਲਝਾਉਣ ਲਈ ਦੋਵੇਂ ਧਿਰਾਂ ਵਿਚਾਲੇ ਸਮਝੌਤਾ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਉਸ ਨੇ ਦੱਸਿਆ ਕਿ ਐਤਵਾਰ ਨੂੰ ਦੋਵੇਂ ਧਿਰਾਂ ਸਮਝੌਤੇ ਲਈ ਇਕੱਠੀਆਂ ਹੋਈਆਂ ਸਨ ਪਰ ਗੱਲਬਾਤ ਦੌਰਾਨ ਮਾਹੌਲ ਤਣਾਅ ਪੂਰਨ ਹੋ ਗਿਆ। ਇਸ ਦੌਰਾਨ ਦੂਜੀ ਧਿਰ ਵੱਲੋਂ ਕਥਿਤ ਤੌਰ ’ਤੇ ਗੋਲੀ ਚਲਾ ਦਿੱਤੀ ਗਈ, ਜੋ ਉਸ ਦੇ ਪੈਰ 'ਚ ਜਾ ਲੱਗੀ। ਗੋਲੀ ਲੱਗਣ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀ ਨੌਜਵਾਨ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਸ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਸ ਨੇ ਦਾਅਵਾ ਕੀਤਾ ਕਿ ਉਹ ਝਗੜੇ ਨੂੰ ਸੁਲਝਾਉਣ ਲਈ ਉੱਥੇ ਗਿਆ ਸੀ ਪਰ ਅਚਾਨਕ ਹੋਈ ਗੋਲੀਬਾਰੀ ਦਾ ਸ਼ਿਕਾਰ ਹੋ ਗਿਆ।
ਉੱਧਰ ਸਿਵਲ ਹਸਪਤਾਲ ਦੇ ਡਾਕਟਰ ਵਿਕਾਸ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਇੱਕ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਸੀ, ਜਿਸ ਦਾ ਤੁਰੰਤ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਹਾਲਤ ’ਤੇ ਡਾਕਟਰੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਸ ਨੇ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਬਠਿੰਡਾ 'ਚ ਪੈਟਰੋਲ ਬੰਬ ਹਮਲੇ ਪਿੱਛੇ ਵਿਦੇਸ਼ੀ ਕੁਨੈਕਸ਼ਨ! ਗ੍ਰਿਫ਼ਤਾਰ ਮਾਸਟਰਮਾਈਂਡ ਨੇ ਕੀਤਾ ਸਨਸਨੀਖੇਜ਼ ਖ਼ੁਲਾਸਾ
NEXT STORY