ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ 13 ਅਗਸਤ ਨੂੰ ਸਵੇਰੇ 10 ਵਜੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਜਾਣਗੇ ਅਤੇ ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮੁਲਾਜ਼ਮ ਕਾਲੀਆਂ ਦਸਤਾਰਾਂ ਸਜਾ ਕੇ ਸ਼ਮੂਲੀਅਤ ਕਰਨਗੇ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਦੀ ਧਾਮੀ ਦੀ ਅਗਵਾਈ ਵਿਚ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੀਤਾ ਗਿਆ।
ਇਹ ਵੀ ਪੜ੍ਹੋ- ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਰਵਨੀਤ ਬਿੱਟੂ ਦਾ ਟਵੀਟ, ਮਾਨ ਸਰਕਾਰ ਨੂੰ ਲਿਆ ਨਿਸ਼ਾਨੇ 'ਤੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦੇਸ਼ ਦੀ ਆਜ਼ਾਦੀ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਪਰ ਦੁੱਖ ਦੀ ਗੱਲ ਹੈ ਕਿ 75 ਸਾਲਾਂ ਤੋਂ ਸਿੱਖਾਂ ਨੂੰ ਬੇਗਾਨਿਆਂ ਵਾਲਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ ਸਿੰਘਾਂ ਨੂੰ ਉਮਰ ਕੈਦ ਤੋਂ ਵੱਧ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾਅ ਨਾ ਕਰਨਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦਾ ਸੰਵਿਧਾਨ ਇਥੇ ਰਹਿਣ ਵਾਲੇ ਹਰ ਇਕ ਵਿਅਕਤੀ ਨੂੰ ਬਰਾਬਰ ਦੇ ਅਧਿਕਾਰ ਦਿੰਦਾ ਹੈ, ਪਰ ਸਿੱਖਾਂ ਪ੍ਰਤੀ ਸਰਕਾਰਾਂ ਦਾ ਰਵੱਈਆ ਨਕਾਰਾਤਮਕ ਰਿਹਾ ਹੈ।
ਇਸੇ ਸਿੱਖ ਵਿਰੋਧੀ ਰਵੱਈਏ ਕਾਰਨ ਹੀ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਆਪਣੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਉਧਰ ਹੀ ਦੂਸਰੇ ਪਾਸੇ ਦੇਸ਼ ਨੂੰ ਆਜ਼ਾਦ ਕਰਵਾਉਣ ਵਾਲੇ ਸਿੱਖਾਂ ਨੂੰ ਆਪਣੇ ਬੁਨਿਆਦੀ ਹੱਕਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਇਸੇ ਵਿਤਕਰੇ ਭਰੇ ਰਵੱਈਏ ਕਰਕੇ ਹੀ ਸ਼੍ਰੋਮਣੀ ਕਮੇਟੀ ਨੇ 13 ਅਗਸਤ ਨੂੰ ਪੰਜਾਬ ਭਰ ਅੰਦਰ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ- ਭਾਰਤ-ਪਾਕਿਸਤਾਨ ਸਰਹੱਦ ਨੇੜਿਓ ਬੀ.ਐੱਸ.ਐੱਫ. ਨੇ ਕਾਬੂ ਕੀਤੇ 2 ਪਾਕਿਸਤਾਨੀ ਘੁਸਪੈਠੀਏ
ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਹਰਿਆਣਾ ਅੰਦਰ ਜ਼ਿਲ੍ਹਾ ਪ੍ਰੀਸ਼ਦ ਅੰਬਾਲਾ ਦੇ ਪ੍ਰਸ਼ਾਸਨ ਵੱਲੋਂ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਰਕਾਰ ਦੇ ਪ੍ਰੋਗਰਾਮ ‘ਹਰ ਘਰ ਤਿਰੰਗਾ’ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਅੰਬਾਲਾ ਅਤੇ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਅਤੇ ਤਿਰੰਗਾ ਲਹਿਰਾਉਣ ਦੇ ਹੁਕਮ ਜਾਰੀ ਕਰਨ ਦੀ ਕਰੜੀ ਨਿੰਦਾ ਕੀਤੀ। ਇਸ ਸੰਬੰਧ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਇਕ ਮਤਾ ਪਾਸ ਕਰਦਿਆਂ ਹਰਿਆਣਾ ਸਰਕਾਰ ਅਤੇ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੂੰ ਅਜਿਹੀਆਂ ਹਰਕਤਾਂ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਬਾਰੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਕ ਵਿਲੱਖਣ ਮਰਯਾਦਾ ਹੈ, ਜਿਸ ਤਹਿਤ ਇਥੇ ਕੇਵਲ ਸਿੱਖ ਮਰਯਾਦਾ ਅਨੁਸਾਰ ਧਾਰਮਿਕ ਸਮਾਗਮ ਹੀ ਹੋ ਸਕਦੇ ਹਨ ਅਤੇ ਖਾਲਸਈ ਨਿਸ਼ਾਨ ਸਾਹਿਬ ਹੀ ਝੁਲ ਸਕਦਾ ਹੈ ਪਰ ਅੰਬਾਲਾ ਜ਼ਿਲ੍ਹਾ ਪ੍ਰੀਸ਼ਦ ਨੇ ਗੁਰ-ਮਰਯਾਦਾ ਦੀ ਤੌਹੀਨ ਕੀਤੀ ਹੈ। ਭਾਵੇਂ ਗੁਰਦੁਆਰਾ ਪ੍ਰਬੰਧਕਾਂ ਦੇ ਵਿਰੋਧ ਮਗਰੋਂ ਉਨ੍ਹਾਂ ਨੇ ਫੈਸਲਾ ਵਾਪਸ ਲੈ ਲਿਆ ਹੈ, ਪਰ ਪ੍ਰਸ਼ਾਸਨ ਦੀ ਇਸ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਗੁਰ-ਮਰਯਾਦਾ ਨਾਲ ਛੇੜ ਛਾੜ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਸਰਕਾਰੀ ਅਦਾਰਿਆਂ ਨੂੰ ਅਜਿਹੇ ਸੰਜੀਦਾ ਮਾਮਲਿਆਂ ਵਿਚ ਮਨਮਾਨੀ ਨਹੀਂ ਕਰਨੀ ਚਾਹੀਦੀ। ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਅਤੇ ਮੈਂਬਰ ਜਥੇਦਾਰ ਤੋਤਾ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵੀ ਵਿਚਾਰੇ ਗਏ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਨਿਮਿਸ਼ਾ ਮਹਿਤਾ ਨੇ ਕੀਤੀ ਲਾਲਜੀਤ ਸਿੰਘ ਭੁੱਲਰ ਨੂੰ ਕੈਬਨਿਟ ਵਿਚੋਂ ਬਾਹਰ ਕੱਢਣ ਦੀ ਮੰਗ
NEXT STORY