ਫਗਵਾੜਾ (ਹਰਜੋਤ) : ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕੀਤੇ ਜਾਣ ਦੇ ਫ਼ੈਸਲੇ ਨੂੰ ਪੰਜਾਬ ਭਾਜਪਾ ਨੇ ਸਹੀ ਫ਼ੈਸਲਾ ਕਰਾਰ ਦਿੱਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਸਜ਼ਾ ਭੁਗਤ ਚੁੱਕੇ ਲੋਕਾਂ ਨੂੰ ਜੇਲ੍ਹਾਂ 'ਚ ਰੱਖਣਾ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਦੇ ਸਬੰਧ 'ਚ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਮੀਡੀਆ ਦੇ ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਜੇਲ੍ਹ ਘਰਾਂ ਦੇ ਬਾਹਰ 'ਸੁਧਾਰ ਘਰ' ਲਿਖਿਆ ਹੁੰਦਾ ਹੈ ਇਸ ਲਈ ਜਦੋਂ ਕੈਦੀ 'ਚ ਸੁਧਾਰ ਆ ਜਾਵੇ ਤਾਂ ਉਸ ਨੂੰ ਸਜ਼ਾ 'ਚ ਰਿਆਇਤ ਦੇਣ ਸਬੰਧੀ ਵਿਚਾਰ ਕੀਤਾ ਜਾ ਸਕਦਾ ਹੈ ਜਿਸ ਅਧੀਨ ਕੇਂਦਰ ਨੇ ਇਹ ਫ਼ੈਸਲਾ ਕੀਤਾ ਹੈ।
ਭਾਜਪਾ ਦੇ ਅਕਾਲੀ ਦਲ 'ਚ ਕੋਈ ਮਤਭੇਦ ਨਹੀਂ
ਭਾਜਪਾ ਦੇ ਅਕਾਲੀ ਦਲ ਨਾਲ ਵਧੇ ਹੋਏ ਪਾੜ੍ਹੇ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡਾ ਪੂਰਨ ਤੌਰ 'ਤੇ ਏਕਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਨਾਲ ਪੰਜਾਬ ਦੀਆਂ ਚਾਰੋਂ ਸੀਟਾਂ 'ਤੇ ਜਿੱਤ ਪ੍ਰਾਪਤ ਕਰਨ ਦੀ ਰਣਨੀਤੀ ਤਿਆਰ ਕਰਨ ਲਈ ਇਕ ਵਿਸ਼ੇਸ਼ ਮੀਟਿੰਗ 5 ਅਕਤੂਬਰ ਨੂੰ ਜਲੰਧਰ ਵਿਖੇ ਰੱਖੀ ਗਈ ਹੈ, ਜਿਸ 'ਚ ਅਕਾਲੀ ਦਲ ਦੇ ਵਰਕਰਾਂ ਨੂੰ ਪੂਰੀ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕੀਤੀ ਜਾਵੇਗੀ।
ਕੈਪਟਨ ਸਰਕਾਰ ਹੋ ਰਹੀਆਂ ਚੋਣਾਂ ਦੌਰਾਨ ਕਰੇਗੀ ਹੇਰਾ-ਫ਼ੇਰੀ
ਉਨ੍ਹਾਂ ਪੰਜਾਬ ਦੀ ਕੈਪਟਨ ਸਰਕਾਰ 'ਤੇ ਸ਼ੱਕ ਪ੍ਰਗਟਾਉਂਦਿਆਂ ਕਿਹਾ ਕਿ ਪੰਜਾਬ 'ਚ ਚਾਰ ਵਿਧਾਨ ਸਭਾ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਵੱਡੇ ਪੱਧਰ 'ਤੇ ਹੇਰਾ-ਫ਼ੇਰੀ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਨੂੰ ਰੋਕਣ ਸਬੰਧੀ ਜਲਦੀ ਹੀ ਕੇਂਦਰ ਅਤੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਮਿਲ ਕੇ ਇੱਥੇ ਪੈਰਾ-ਮਿਲਟਰੀ ਫ਼ੋਰਸ ਦੀ ਤਾਇਨਾਤੀ ਦੀ ਮੰਗ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਧਾਰਾ 370 ਖਤਮ ਕਰਨ, ਤਿੰਨ ਤਲਾਕ ਬਿੱਲ ਪਾਸ ਅਤੇ ਕੋਈ ਹੋਰ ਅਹਿਮ ਫ਼ੈਸਲੇ ਕਰਨ ਤੋਂ ਲੋਕ ਖੁਸ਼ ਹਨ ਜਿਸ ਦੇ ਆਧਾਰ 'ਤੇ ਉਹ ਲੋਕਾਂ ਤੋਂ ਵੋਟਾਂ ਮੰਗਣਗੇ ਅਤੇ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਤਰੀਕਸ਼ਣ ਸੂਦ, ਸਾਬਕਾ ਆਈ. ਜੀ. ਆਰ. ਪੀ. ਮਿੱਤਲ, ਅਵਤਾਰ ਸਿੰਘ ਮੰਡ, ਜਥੇਦਾਰ ਸਰਵਣ ਸਿੰਘ ਕੁਲਾਰ ਸਮੇਤ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਸਨ।
ਜ਼ਿਮਨੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ
NEXT STORY