ਪਟਿਆਲਾ/ਜਲੰਧਰ (ਪਰਮੀਤ, ਚਾਵਲਾ) - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਵਿਦੇਸ਼ ਮੰਤਰੀ ਸ਼੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਆਸਟਰੇਲੀਆ ਦੇ ਕਵੀਨਜ਼ਲੈਂਡ ਵਿਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕ੍ਰਿਪਾਨ ਧਾਰਨ ਕਰਨ 'ਤੇ ਪਾਬੰਦੀ ਦਾ ਮਾਮਲਾ ਉਠਾਉਣ। ਇਸ ਨਾਲ ਉਥੋਂ ਦੇ ਸਿੱਖ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੁਸ਼ਮਾ ਸਵਰਾਜ ਨੂੰ ਲਿਖੇ ਪੱਤਰ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਵੀਨਜ਼ਲੈਂਡ ਆਸਟਰੇਲੀਆ ਵਿਚ ਸਿੱਖਿਆ ਵਿਭਾਗ ਵੱਲੋਂ ਸਿੱਖ ਵਿਦਿਆਰਥੀਆਂ ਦੇ ਕ੍ਰਿਪਾਨ ਧਾਰਨ ਕਰਨ 'ਤੇ ਪਾਬੰਦੀ ਲਾ ਦਿੱਤੀ ਗਈ ਹੈ, ਜਿਸ ਕਾਰਨ ਸਿੱਖ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨਾਲ ਵਿਤਕਰਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਸਕੂਲ ਅਧਿਕਾਰੀਆਂ ਨੇ ਪੁਲਸ ਵਿਭਾਗ ਨਾਲ ਸਲਾਹ-ਮਸ਼ਵਰੇ ਮਗਰੋਂ ਸਿੱਖ ਵਿਦਿਆਰਥੀਆਂ ਨੂੰ ਕ੍ਰਿਪਾਨ ਧਾਰਨ ਕਰਨ ਦੀ ਖੁੱਲ੍ਹ ਦੇ ਦਿੱਤੀ ਸੀ। ਸਿੱਖਿਆ ਵਿਭਾਗ ਨੇ ਸਕੂਲ ਪ੍ਰਿੰਸੀਪਲ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ।
ਯਾਦ ਰਹੇ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਧਾਰਨ ਕਰਨਾ ਲਾਜ਼ਮੀ ਹੈ ਕਿਉਂਕਿ ਇਹ ਗੁਰੂ ਸਾਹਿਬ ਵੱਲੋਂ ਦੱਸੇ ਪੰਜ ਕਕਾਰਾਂ ਵਿਚੋਂ ਇਕ ਹੈ। ਇਥੋਂ ਤੱਕ ਕਿ ਹਵਾਈ ਜਹਾਜ਼ ਸਫਰ ਸਮੇਂ ਵੀ ਸਿੱਖ ਯਾਤਰੀਆਂ ਨੂੰ ਕ੍ਰਿਪਾਨ ਧਾਰਨ ਦੀ ਖੁੱਲ੍ਹ ਦਿੱਤੀ ਜਾਂਦੀ ਹੈ। ਉਨ੍ਹਾਂ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਮਾਮਲਾ ਤੁਰੰਤ ਆਸਟਰੇਲੀਆ ਦੇ ਅਧਿਕਾਰੀਆਂ ਕੋਲ ਉਠਾਉਣ। ਦਿੱਲੀ ਗੁਰਦੁਆਰਾ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੈ। ਇਸ ਲਈ ਭਾਈਚਾਰੇ ਦੇ ਮੈਂਬਰਾਂ ਪ੍ਰਤੀ ਜਵਾਬਦੇਹ ਹੈ। ਉਨ੍ਹਾਂ ਨੂੰ ਆਸ ਹੈ ਕਿ ਵਿਦੇਸ਼ ਮੰਤਰਾਲੇ ਦੇ ਦਖਲ ਮਗਰੋਂ ਸਿੱਖਾਂ ਨਾਲ ਹੋ ਰਿਹਾ ਇਹ ਵਿਤਕਰਾ ਖਤਮ ਹੋਵੇਗਾ ਤੇ ਉਨ੍ਹਾਂ ਦੀ ਪ੍ਰੇਸ਼ਾਨੀ ਦੂਰ ਹੋਵੇਗੀ।
1550 ਲੀਟਰ ਲਾਹਣ, 300 ਬੋਤਲਾਂ ਸ਼ਰਾਬ ਤੇ ਚਾਲੂ ਭੱਠੀ ਸਮੇਤ ਇਕ ਕਾਬੂ
NEXT STORY