ਚੰਡੀਗੜ੍ਹ (ਭੁੱਲਰ) - ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਰੇ ਮੈਂਬਰਾਂ ਦੀ ਇਕ ਹੰਗਾਮੀ ਇਕੱਤਰਤਾ 7 ਮਈ ਨੂੰ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਈ ਗਈ ਹੈ। ਇਹ ਫੈਸਲਾ ਧਰਮ ਪ੍ਰਚਾਰ ਕਮੇਟੀ ਦੀ ਇਥੇ ਸ਼੍ਰੋਮਣੀ ਕਮੇਟੀ ਦੇ ਉਪ-ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕ ਇਕੱਤਰਤਾ 'ਚ ਲਿਆ ਗਿਆ। ਇਕੱਤਰਤਾ ਦੌਰਾਨ ਸਰਕਾਰ ਵੱਲੋਂ 12ਵੀਂ ਦੇ ਸਿਲੇਬਸ ਵਿੱਚੋਂ ਸਿੱਖ ਇਤਿਹਾਸ ਨੂੰ ਮਨਫੀ ਕਰਨ ਦੀ ਕੋਝੀ ਹਰਕਤ ਸਬੰਧੀ ਨਿੰਦਾ ਮਤਾ ਵੀ ਪਾਸ ਕੀਤਾ ਗਿਆ।
ਇਕੱਤਰਤਾ ਤੋਂ ਬਾਅਦ ਪੰਜਾਬ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਲੇਬਸ ਵਿੱਚੋਂ ਸਿੱਖ ਕੌਮ ਨਾਲ ਸਬੰਧਤ ਇਤਿਹਾਸ ਨੂੰ ਖ਼ਤਮ ਕਰਕੇ ਖ਼ਾਲਸਾ ਪੰਥ ਨਾਲ ਵੱਡਾ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨੂੰ ਜੇਕਰ ਪੰਜਾਬ ਦੇ ਇਤਿਹਾਸ ਵਿੱਚੋਂ ਕੱਢ ਦੇਈਏ ਤਾਂ ਪਿੱਛੇ ਕੁਝ ਨਹੀਂ ਬਚਦਾ। ਭਾਰਤ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਯੋਗਦਾਨ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਤਾਬ ਸਬੰਧੀ ਪਿਛਲੀ ਸਰਕਾਰ 'ਤੇ ਲਾਏ ਗਏ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਇਤਿਹਾਸ ਨੂੰ ਬਦਲਣ ਲਈ ਮੌਜੂਦਾ ਕੈਪਟਨ ਸਰਕਾਰ ਹੀ ਜ਼ਿੰਮੇਵਾਰ ਹੈ। ਉਨ੍ਹਾਂ ਪਹਿਲਾਂ ਵਾਲੀ ਕਿਤਾਬ ਹੀ ਲਾਗੂ ਕਰਨ ਦੀ ਮੰਗ ਕੀਤੀ।
ਰੈਡੀਮੇਡ ਸਟੋਰ ਨੂੰ ਲੱਗੀ ਅੱਗ ਦੁਕਾਨਦਾਰਾਂ ਵੱਲੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ
NEXT STORY